ਪਟਿਆਲਾ

25 ਤੋਂ 27 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਗੇਤੀਆਂ ਤਿਆਰੀਆਂ ਸ਼ੁਰੂ: ਬਰਾੜ

ਸ਼ਹੀਦੀ ਸਭਾ ਦੌਰਾਨ ਸ਼ਰਾਰਤੀ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖਣ ਲਈ ਲਗਾਏ ਜਾਣਗੇ ਸੀ.ਸੀ.ਟੀ.ਵੀ. ਕੈਮਰੇ: ਮੀਨਾ
ਫਤਹਿਗੜ੍ਹ ਸਾਹਿਬ: 10 ਨਵੰਬਰ (ਮਧੂਸਾਰ ਬਿਊਰੋ) ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25 ਤੋਂ 27 ਦਸੰਬਰ ਤੱਕ ਹੋਣ ਵਾਲੀ ਸਾਲਾਨਾ ਸ਼ਹੀਦੀ ਸਭਾ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਸਮੂਹ ਜ਼ਿਲ੍ਹਾ ਅਧਿਕਾਰੀ ਆਪਣੀ ਡਿਊਟੀ ਪੂਰੀ ਜਿੰਮੇਵਾਰੀ, ਤਨਦੇਹੀ ਅਤੇ ਸ਼ਰਧਾ ਨਾਲ ਨਿਭਾਉਣ।

ਇਹ ਹਦਾਇਤਾਂ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਬੱਚਤ ਭਵਨ ਵਿਖੇ ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀਆਂ। ਉਨ੍ਹਾਂ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਅਤੇ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿੱਚ ਪੁੱਜਣ ਵਾਲ਼ੇ ਸ਼ਰਧਾਲੂਆਂ ਦੀ ਸੁਵਿਧਾ ਨੂੰ ਧਿਆਨ ‘ਚ ਰੱਖਦਿਆਂ ਸੁਰੱਖਿਆ, ਟਰੈਫਿਕ ਅਤੇ ਪਾਰਕਿੰਗ ਦੇ ਪੁਖਤਾ ਇੰਤਜਾਮ ਕੀਤੇ ਜਾਣ ਤਾਂ ਜੋ ਆਉਣ ਵਾਲੀ ਸੰਗਤ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਮੇਸ਼ਾਂ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦੀ ਸਭਾ ਦੌਰਾਨ ਪੂਰਨ ਧਾਰਮਿਕ ਮਰਿਆਦਾ ਦਾ ਖਿਆਲ ਰੱਖਿਆ ਜਾਵੇਗਾ ਅਤੇ ਨਸ਼ੀਲੇ ਪਦਾਰਥਾਂ, ਸ਼ਰਾਬ, ਭੰਗ ਦੇ ਸੇਵਨ ਅਤੇ ਵਿਕਰੀ ‘ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੋਂ ਬਿਨਾਂ, ਲੰਗਰ ਅਤੇ ਹੋਰ ਅਸਥਾਨਾਂ ‘ਤੇ ਲਾਊਡ ਸਪੀਕਰ ਦੀ ਵਰਤੋਂ, ਸਰਕਸਾਂ, ਝੂਲੇ, ਨਾਚ ਗਾਣੇ, ਜੂਏ ਦੇ ਸਟਾਲ ਲਗਾਉਣ ‘ਤੇ ਪਾਬੰਦੀ ਹੋਵੇਗੀ। ਉਨ੍ਹਾਂ ਆਖਿਆ ਕਿ ਸ਼ਰਧਾਲੂਆਂ ਦੀ ਂਿਨਰਵਿਘਨ ਆਵਾਜਾਈ ਲਈ ਗੁਰੂਦੁਆਰਾ ਸ੍ਰੀ ਜੋਤੀ ਸਰੂਪ ਮੋੜ ਤੋਂ ਰੋਜ਼ਾ ਸ਼ਰੀਫ ਤੱਕ ਸੜਕ ਦੇ ਦੋਵੇਂ ਪਾਸੇ ਫੁੱਟਪਾਥ ‘ਤੇ ਕਿਸੇ ਵੀ ਕਿਸਮ ਦੀ ਦੁਕਾਨ ਜਾਂ ਸਟਾਲ ਲਗਾਉਣ ‘ਤੇ ਵੀ ਪਾਬੰਦੀ ਹੋਵੇਗੀ। ਉਹਨਾਂ ਲੋਕ ਨਿਰਮਾਣ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਵਾਲੇ ਖੇਤਰ ਵਿੱਚ ਸੜਕਾਂ ਦੀ ਮੁਰੰਮਤ ਅਤੇ ਸਾਫ-ਸਫਾਈ ਦੇ ਢੁਕਵੇਂ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਕਾਰਜ ਸਾਧਕ ਅਫਸਰ ਨਗਰ ਕੌਂਸਲ ਨੂੰ ਕਿਹਾ ਕਿ ਸ਼ਹਿਰ ਵਿੱਚ ਮੱਛਰ ਮਾਰਨ ਵਾਲੀ ਦਵਾਈ ਦਾ ਛਿੜਕਾਓ ਕੀਤਾ ਜਾਵੇ ਤਾਂ ਜੋ ਜੋੜ ਮੇਲ ਵਿੱਚ ਆਉਣ ਵਾਲੀ ਸੰਗਤ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸੰਗਤ ਦੀ ਸਹੂਲਤ ਲਈ ਆਰਜ਼ੀ ਪਖਾਨੇ ਬਣਾਉਣ ਅਤੇ ਸਿਵਲ ਸਰਜਨ ਨੂੰ ਸੰਗਤਾਂ ਨੂੰ ਮੈਡੀਕਲ ਸਹੂਲਤਾਂ ਉਪਲਬਧ ਕਰਵਾਉਣ ਵਾਸਤੇ ਲੋੜੀਂਦੀਆਂ ਮੈਡੀਕਲ ਟੀਮਾਂ ਦਾ ਗਠਨ ਕਰਨ ਲਈ ਆਖਿਆ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੇ ਪ੍ਰਬੰਧਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਪੰਜਾਬ ਦੇ ਵਿਕਾਸ ਨੂੰ ਦਰਸਾਉਂਦੀ ਇਕ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਅੰਗਹੀਣ ਸ਼ਰਧਾਲੂਆਂ ਦੀ ਸਹੂਲਤ ਲਈ ਮੁਫਤ ਵਿਸ਼ੇਸ ਬੱਸਾਂ ਦਾ ਪ੍ਰਬੰਧ ਹੋਵੇਗਾ ਜੋ ਆਰਜੀ ਬੱਸ ਅੱਡਿਆਂ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਚੱਲਣਗੀਆਂ। ਮੀਟਿੰਗ ਉਪਰੰਤ ਉਨ੍ਹਾਂ ਸ਼ਹੀਦੀ ਸਭਾ ਦੌਰਾਨ ਬਣਾਏ ਜਾਣ ਵਾਲੇ ਪਾਰਕਿੰਗ ਸਥਾਨਾਂ ਦਾ ਜ਼ਿਲ੍ਹਾ ਅਧਿਕਾਰੀਆਂ ਨਾਲ ਦੌਰਾ ਵੀ ਕੀਤਾ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸ਼ਰਧਾਲੂਆਂ ਦੀ ਸੁਰੱਖਿਆ ਤੇ ਸਹੂਲਤ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ ਅਤੇ ਸ਼ਹੀਦੀ ਸਭਾ ਦੌਰਾਨ ਸ਼ਰਾਰਤੀ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖਣ ਲਈ ਪ੍ਰਮੁੱਖ ਚੌਂਕਾਂ ਤੇ ਸੜਕਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਟਰੈਫਿਕ ਵਿਵਸਥਾ ਦੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜੇ.ਕੇ. ਜੈਨ, ਐਸ.ਪੀ. (ਹੈ/ਕੁ) ਸ. ਸ਼ਰਨਜੀਤ ਸਿੰਘ, ਐਸ.ਡੀ.ਐਮ. ਫਤਹਿਗੜ੍ਹ ਸਾਹਿਬ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ. ਅਮਲੋਹ ਜਸਪ੍ਰੀਤ ਸਿੰਘ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਮਨਜੀਤ ਸਿੰਘ ਚੀਮਾ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਈਸ਼ਾ ਸਿੰਘਲ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਆਨੰਦ ਸਾਗਰ ਸ਼ਰਮਾ, ਸਹਾਇਕ ਕਮਿਸ਼ਨਰ (ਸ਼ਾਕਇਤਾਂ) ਸ਼੍ਰੀ ਰਾਜ ਕੁਮਾਰ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ਼੍ਰੀ ਵਰਿੰਦਰਜੀਤ ਸਿੰਘ, ਜ਼ਿਲ੍ਹਾ ਮਾਲ ਅਫਸਰ ਸ. ਕਿਰਨਜੋਤ ਸਿੰਘ ਟਿਵਾਣਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *