ਅਜੌਕੀ ਪੀੜ੍ਹੀ ਨੂੰ ਸਿੱਖੀ ਸਿਧਾਂਤਾਂ ਦਾ ਧਾਰਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ : ਪ੍ਰੋ. ਬਡੂੰਗਰ
ਪੰਥ ਦੇ ਮਹਾਨ ਵਿਦਵਾਨ ਅਤੇ ਸਾਹਿਤਕਾਰ ਭਾਈ ਨੰਦ ਲਾਲ ਜੀ ਦੀ ਯਾਦ ‘ਚ ਸਮਾਗਮ ਭਲਕੇ
ਪਟਿਆਲਾ 10 ਨਵੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਸੁਚੱਜੀ ਅਗਵਾਈ ਹੇਠ ਅਜੌਕੇ ਸਮੇਂ ਦੇ ਸੰਦਰਭ ‘ਚ ਨੌਜਵਾਨ ਪੀੜ੍ਹੀ ਨੂੰ ਧਰਮ ਬਾਰੇ ਸੁਚੇਤ ਕਰਨ, ਸਿੱਖੀ ਦੇ ਮਹਾਨ ਵਿਰਸੇ ਨਾਲ ਜੋੜ ਕੇ ਸਿੱਖੀ ਸਿਧਾਂਤਾਂ ਦਾ ਧਾਰਨੀ ਬਣਾਉਣ ਲਈ ਧਰਮ ਪ੍ਰਚਾਰ ਲਹਿਰ ਨਾਲ ਜੋੜਨ ਦਾ ਅਹਿਮ ਉਪਰਾਲਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ।
ਪੰਜਾਬ, ਹਰਿਆਣਾ ਹਿਮਾਚਲ ਅਤੇ ਹੋਰਨਾਂ ਸੂਬਿਆਂ ‘ਚ ਪ੍ਰਚੰਡ ਰੂਪ ‘ਚ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਨੂੰ ਹੋਰ ਵੀ ਸਿਖਰਾਂ ‘ਤੇ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵੱਲੋਂ ਸਿੱਖ ਪੰਥ ਦੇ ਮਹਾਨ ਵਿਦਵਾਨ ਅਤੇ ਪ੍ਰਚਾਰਕ ਭਾਈ ਨੰਦ ਲਾਲ ਜੀ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ 12 ਨਵੰਬਰ ਦੀ ਸ਼ਾਮ 7 ਤੋਂ 10 ਵਜੇ ਤੱਕ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਹੋਵੇਗਾ।
ਇਸ ਸਬੰਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਈ ਨੰਦ ਲਾਲ ਜੀ ਪੰਥ ਦੇ ਮਹਾਨ ਵਿਦਵਾਨ, ਸਾਹਿਤਕਾਰ ਅਤੇ ਗੁਰੂ ਘਰ ਦੇ ਅਨਿਨ ਸੇਵਕ ਹੋਏ ਹਨ, ਜਿਨ੍ਹਾਂ ਦੇ ਜੀਵਨ ਅਤੇ ਮਹਾਨ ਪ੍ਰਾਪਤੀਆਂ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ ਜਾਵੇਗਾ।
ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਸਮੇਂ ਸਿੱਖਾਂ ਦਾ ਯੋਗਦਾਨ, ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅਹਿਮ ਯੋਗਦਾਨ ਪਾਉਣ ਵਾਲੀਆਂ ਸਖਸੀਅਤਾਂ ਬਾਰੇ ਜਾਣੂੰ ਕਰਵਾਉਣ ਲਈ ਧਰਮ ਪ੍ਰਚਾਰ ਲਹਿਰ ਨੂੰ ਖਾਲਸਾਈ ਸ਼ਾਨੋ-ਸ਼ੌਕਤ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਦੇ ਪ੍ਰਚਾਰ ਤੇ ਪਸਾਰ ਤਹਿਤ ਅਜੌਕੀ ਪੀੜ੍ਹੀ ਨੂੰ ਗੁਰਬਾਣੀ, ਗੁਰੂ ਇਤਿਹਾਸ, ਰਹਿਤ ਮਰਿਯਾਦਾ ਅਤੇ ਗੁਰਮਤਿ ਫਿਲਾਸਫੀ ਨਾਲ ਜੋੜਨ ਦਾ ਉਪਰਾਲਾ ਭਵਿੱਖ ‘ਚ ਜਾਰੀ ਰਹੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਈ ਨੰਦ ਲਾਲ ਜੀ ਦੀ ਯਾਦ ਨਾਲ ਸਾਂਝ ਪਵਾਉਣ ਲਈ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਭਾਈ ਕਰਨੈਲ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਡਾ. ਗੁਰਨਾਮ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਪ੍ਰੋ. ਬਡੂੰਗਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਅੰਦਰ ਪਤਿੱਤਪੁਣੇ ਨੂੰ ਠੱਲ੍ਹਣ ਲਈ ਧਰਮ ਪ੍ਰਚਾਰ ਲਹਿਰ ਨਾਲ ਜੁੜਨਾ ਅੱਜ ਸਮੇਂ ਦੀ ਮੁੱਖ ਜ਼ਰੂਰਤ ਬਣ ਚੁੱਕੀ ਹੈ ਅਤੇ ਨੌਜਵਾਨਾਂ ਨੂੰ ਗੁਰਮਤਿ ਸੱਭਿਆਚਾਰ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ।

