ਗੁਰੂ ਸਾਹਿਬ ਜੀ ਦੀ ਸ਼ਹੀਦੀ ਲਾਸਾਨੀ, ਜੋ ‘ਗੌਰਵ’ ਤੇ ‘ਗੈਰਤ’ ਦਾ ਪ੍ਰਤੀਕ : ਪ੍ਰੋ. ਬਡੂੰਗਰ
ਗੁਰੂ ਸਾਹਿਬ ਜੀ ਦੀ ਸ਼ਹੀਦੀ ਨੇ ਧਾਰਮਕ, ਰਾਜਨੀਤਕ ਤੇ ਸਮਾਜਕ ਖੇਤਰ ‘ਚ ਲਿਆਂਦਾ ਇਨਕਲਾਬ
ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਧਰਮ ਪ੍ਰਚਾਰ ਤਹਿਤ 107ਵਾਂ ਮਹਾਨ ਕੀਰਤਨ ਸਮਾਗਮ
ਹਜ਼ੂਰੀ ਕੀਰਤਨੀ ਰਾਗੀ ਜੱਥਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ
ਪਟਿਆਲਾ 24 ਨਵੰਬਰ (ਮਧੂਸਾਰ ਬਿਊਰੋ) ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਚੱਲ ਰਹੇ ਧਾਰਮਕ ਸਮਾਗਮਾਂ ਦੀ ਲੜੀ ਤਹਿਤ ਦੇਰ ਰਾਤ ਤੱਕ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਸੁਚੱਜੀ ਅਗਵਾਈ ‘ਚ ਚੱਲ ਰਹੀ ਧਰਮ ਪ੍ਰਚਾਰ ਲਹਿਰ ਤਹਿਤ ਸ਼ਹੀਦੀ ਪੁਰਬ ਨੂੰ ਸਮਰਪਿਤ 107ਵਾਂ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ ਅਤੇ ਗੁਰੂ ਸਾਹਿਬ ਦੀ ਸ਼ਹੀਦੀ ਨਾਲ ਸਬੰਧਤ ਇਤਿਹਾਸ ਅਤੇ ਗੁਰਬਾਣੀ ਸੁਣਕੇ ਆਨੰਦ ਮਾਣਿਆ।
ਕੀਰਤਨ ਦਰਬਾਰ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਮਨੁੱਖਤਾ ਦੇ ਕਲਿਆਣ ਅਤੇ ਸਰਬੱਤ ਦੇ ਭਲੇ ਲਈ ਦਿੱਤੀ ਸ਼ਹੀਦੀ ਬਾਰੇ ਰੌਸ਼ਨੀ ਪਾਈ ਅਤੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਨਾਲ ਧਾਰਮਿਕ, ਰਾਜਨੀਤਕ ਅਤੇ ਸਮਾਜਕ ਖੇਤਰ ‘ਚ ਵੱਡਾ ਇਨਕਲਾਬ ਆਇਆ, ਜਿਸ ਨੇ ਜ਼ਬਰ-ਜ਼ੁਲਮ ਕਰਨ ਵਾਲੇ ਮੁਗਲ ਰਾਜ ਦੀਆਂ ਜੜਾਂ ਪੁੱਟ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਸਮੁੱਚੀ ਮਾਨਵਤਾ ਨੂੰ ਪ੍ਰੇਰਦੀ ਹੈ ਕਿ ਅਸੀਂ ਇਤਿਹਾਸ ਅਤੇ ਵਿਰਾਸਤ ਨੂੰ ਬਚਾਉਣ ਲਈ ਹਮੇਸ਼ਾ ਤਿਆਰ ਰਹੀਏ।
ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਗੌਰਵ ਤੇ ਗੈਰਤ ਦਾ ਪ੍ਰਤੀਕ ਹੈ, ਜਿਸ ਤੋਂ ਸੇਧ ਮਿਲਦੀ ਹੈ ਕਿ ਗੁਰੂ ਸਾਹਿਬਾਨ ਵੱਲੋਂ ਵਿਖਾਏ ਮਾਰਗ ‘ਤੇ ਚੱਲਣ ਵਾਲਾ ਕਦੇ ਵੀ ਅਡੋਲ ਅਤੇ ਅਡਿੱਗ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਅੱਜ ਵੀ ਪੰਥ ਵਿਰੋਧੀ ਸ਼ਕਤੀਆਂ ‘ਪੰਥ’ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ ‘ਚ ਹਨ, ਪ੍ਰੰਤੂ ਸਾਨੂੰ ਸੁਚੇਤ ਰਹਿੰਦੇ ਹੋਏ ਧਰਮ, ਸੱਭਿਆਚਾਰ ਅਤੇ ਸੰਸਕ੍ਰਿਤੀ ਨੂੰ ਬਚਾਉਣ ਲਈ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਇਸ ਕਰਕੇ ਵੀ ਲਾਸਾਨੀ ਹੈ ਕਿ ਉਨ੍ਹਾਂ ਨੇ ਆਪਣਾ ਬਲਿਦਾਨ ਦੇ ਕੇ ਸਮੁੱਚੀ ਮਾਨਵਤਾ ਨੂੰ ਅਜਿਹਾ ‘ਅਕੀਦਾ’ ਤੇ ‘ਵਿਸ਼ਵਾਸ਼’ ਦਿੱਤਾ, ਜੋ ਕਦੇ ਵੀ ਸ਼ਹੀਦ ਨਹੀਂ ਹੋ ਸਕਦਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਕੋਲ ਮਹਾਨ ਇਤਿਹਾਸ ਤੇ ਵਿਰਾਸਤ ਹੈ, ਜਿਸ ਨੂੰ ਪੰਥ ਵਿਰੋਧੀ ਸ਼ਕਤੀਆਂ ਨੇਸਤੋ-ਨਾਬੂਤ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਅੱਜ ਸ਼ਹੀਦੀ ਪੁਰਬ ਮੌਕੇ ਮਾਨਵਤਾ ਨੂੰ ਅਜਿਹਾ ਸੰਕਲਪ ਲੈਣਾ ਚਾਹੀਦਾ ਹੈ ਕਿ ਅਸੀਂ ਆਪਣੀ ਅਜੌਕੀ ਪੀੜ੍ਹੀ ਨੂੰ ਲਾਸਾਨੀ ਇਤਿਹਾਸ ਤੇ ਵਿਰਾਸਤ ਨਾਲ ਜੋੜੀਏ ਅਤੇ ਗੁਰਮਤਿ ਸੱਭਿਆਚਾਰ, ਗੁਰਮਤਿ ਸਦਾਚਾਰ ਤੇ ਗੁਰਮਤਿ ਫਲਸਫੇ ਦੇ ਧਾਰਨੀ ਬਣਾਈਏ।
ਕੀਰਤਨ ਸਮਾਗਮ ਦੌਰਾਨ ਹਜ਼ੂਰੀ ਰਾਗੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਜਥਿਆਂ ਭਾਈ ਸ਼ੌਕੀਨ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਹਰਕੀਰਤ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਜਸਵੀਰ ਸਿੰਘ ਨੇ ਇਲਾਹੀ ਗੁਰਬਾਣੀ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਲਾਭ ਸਿੰਘ ਦੇਵੀਨਗਰ, ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਇੰਦਰ ਮੋਹਨ ਸਿੰਘ ਬਜਾਜ, ਨਿੱਜੀ ਸਹਾਇਕ ਭਗਵੰਤ ਸਿੰਘ ਧੰਗੇੜਾ, ਸ਼ਮਸ਼ੇਰ ਸਿੰਘ ਬਡੂੰਗਰ, ਮੈਨੇਜਰ ਕਮਲਜੀਤ ਸਿੰਘ ਜੋਗੀਪੁਰ, ਐਡੀ. ਸਕੱਤਰ ਕਰਨੈਲ ਸਿੰਘ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਬਲਦੇਵ ਸਿੰਘ ਪ੍ਰਚਾਰਕ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

