ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰੋ. ਬਡੂੰਗਰ ਨਾਲ ਮੁਲਾਕਾਤ
ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਲਹਿਰ ਦੇ ਪ੍ਰਚਾਰ ਤੇ ਪਸਾਰ ਲਈ ਕਾਰਜਸ਼ੀਲ : ਸ. ਲੌਂਗੋਵਾਲ
ਪ੍ਰੋ. ਬਡੂੰਗਰ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਸਨਮਾਨਤ
ਪਟਿਆਲਾ 1 ਦਸੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਅੱਜ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਗ੍ਰਹਿ ਵਿਖੇ ਪਹੁੰਚਕੇ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਬਹੁਤ ਹੀ ਸਦਭਾਵਨਾ ਵਾਲੇ ਮਾਹੌਲ ‘ਚ ਹੋਈ। ਇਸ ਦੌਰਾਨ ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਲੌਂਗੋਵਾਲ ਦਾ ਗ੍ਰਹਿ ਵਿਖੇ ਪੁੱਜਣ ‘ਤੇ ਨਿੱਘਾ ਸਵਾਗਤ ਕੀਤਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਤਿਕਾਰ ਭੇਂਟ ਕੀਤਾ।
ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੋ. ਬਡੂੰਗਰ ਵੱਲੋਂ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਪ੍ਰੋ. ਬਡੂੰਗਰ ਨਾਲ ਧਰਮ ਪ੍ਰਚਾਰ ਲਹਿਰ ਦੀ ਪ੍ਰਫੁੱਲਤਾ ਨੂੰ ਲੈ ਕੇ ਦੀਰਘ ਵਿਚਾਰਾਂ ਵੀ ਕੀਤੀਆਂ ਗਈਆਂ।
ਸ੍ਰੋਮਣੀ ਕਮੇਟੀ ਪ੍ਰਧਾਨ ਸ. ਲੌਂਗੋਵਾਲ ਨੇ ਗੱਲਬਾਤ ਦੌਰਾਨ ਕਿਹਾ ਕਿ ਪ੍ਰੋ. ਬਡੂੰਗਰ ਨੇ ਪੰਥ ਦੀ ਚੜ੍ਹਦੀਕਲਾ, ਸਿੱਖ ਕੌਮ ਦੇ ਸ਼ਾਨਾਮੱਤਾ ਇਤਿਹਾਸ ਅਤੇ ਧਰਮ ਪ੍ਰਚਾਰ ਲਹਿਰ ਦੇ ਪ੍ਰਚਾਰ ਤੇ ਪਸਾਰ ਲਈ ਅਜਿਹੀਆਂ ਸ਼ਾਨਦਾਰ ਸੇਵਾਵਾਂ ਦਿੱਤੀਆਂ, ਜੋ ਮਿਸਾਲ ਰੂਪ ‘ਚ ਸਾਰਿਆਂ ਦਾ ਮਾਰਗ ਦਰਸ਼ਨ ਕਰਦੀਆਂ ਹਨ।
ਸ. ਲੌਂਗੋਵਾਲ ਨੇ ਕਿਹਾ ਕਿ ਪਿਛਲੇ ਸਮੇਂ ‘ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਘੇਰਾ ਬਹੁਤ ਵਿਸ਼ਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜੌਕੀ ਪੀੜੀ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਲਿਆਉਣ ਲਈ ਧਰਮ ਪ੍ਰਚਾਰ ਲਹਿਰ ਰਾਹੀਂ ਅਹਿਮ ਉਪਰਾਲੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਲਹਿਰ ਅੱਜ ਪ੍ਰਚੰਡ ਰੂਪ ਧਾਰਨ ਕਰ ਚੁੱਕੀ ਹੈ, ਜਿਸ ਦੇ ਪ੍ਰਚਾਰ ਤੇ ਪਸਾਰ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਕਾਰਜਸ਼ੀਲ ਰਹੇਗੀ।
ਇਕ ਸਵਾਲ ਦੇ ਜਵਾਬ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪ੍ਰੋ. ਬਡੂੰਗਰ ਦੇ ਕਾਰਜਕਾਲ ਦੌਰਾਨ ਵੱਖ-ਵੱਖ ਪ੍ਰੋਜੈਕਟਾਂ ‘ਤੇ ਬੇਹਤਰੀਨ ਕੰਮ ਹੋਇਆ, ਜਿਸ ਨੂੰ ਭਵਿੱਖ ‘ਚ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੋ. ਬਡੂੰਗਰ ਕੋਲ ਦੂਰ-ਅੰਦੇਸ਼ੀ ਸੋਚ ਅਤੇ ਬੇਹਤਰੀਨ ਤਜਰਬਾ ਹੈ, ਜਿਨ੍ਹਾਂ ਨਾਲ ਤਾਲਮੇਲ ਕਰਕੇ ਸੇਧ ਲੈ ਕੇ ਖਾਲਸਾ ਪੰਥ ਦੀ ਚੜ੍ਹਦੀਕਲਾ ਲਈ ਕਾਰਜ ਕੀਤੇ ਜਾਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਵਿਨਰਜੀਤ ਸਿੰਘ ਗੋਲਡੀ, ਲਖਵੀਰ ਸਿੰਘ ਲੌਟ, ਸ. ਸ਼ਮਸ਼ੇਰ ਸਿੰਘ ਬਡੂੰਗਰ, ਸੁਖਵਿੰਦਰ ਸਿੰਘ, ਮਹਿੰਦਰ ਸਿੰਘ ਬਾਵਾ, ਭਗਵੰਤ ਸਿੰਘ ਧੰਗੇੜਾ, ਜਗਸੀਰ ਸਿੰਘ ਸੰਗਰੂਰ, ਬੂਟਾ ਸਿੰਘ ਸ਼ਾਦੀਪੁਰ ਆਦਿ ਹਾਜ਼ਰ ਸਨ।

