ਬਰਗਾੜੀ ਵਿਖੇ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਜਾਂਚ ਰਿਪੋਰਟ ਇਸੇ ਮਹੀਨੇ ਸਰਕਾਰ ਨੂੰ ਸੌਂਪ ਦਿੱਤੀ ਜਾਵੇਗੀ : ਜਸਟਿਸ ਰਣਜੀਤ ਸਿੰਘ
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੇ ਕਮਿਸ਼ਨ ਨੇ ਕੀਤਾ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਦੌਰਾ
ਪਿੰਡ ਸਿੰਧੜਾਂ, ਰੇਲਵੇ ਸਟੇਸ਼ਨ ਫ਼ਤਹਿਗੜ੍ਹ ਸਾਹਿਬ, ਅੰਬੇ ਮਾਜਰਾ, ਚਤਰਪੁਰਾ ਤੇ ਬਦੇਸ਼ਾਂ ਕਲਾਂ ਦੇ ਪਤਵੰਤਿਆਂ ਤੋਂ ਲਈ ਘਟਨਾਂ ਸਬੰਧੀ ਜਾਣਕਾਰੀ
ਫ਼ਤਹਿਗੜ੍ਹ ਸਾਹਿਬ, 7 ਦਸੰਬਰ (ਮਧੂਸਾਰ ਬਿਊਰੋ) ਬਰਗਾੜੀ ਵਿਖੇ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਜਾਂਚ ਮੁਕੰਮਲ ਕਰਕੇ ਇਸੇ ਮਹੀਨੇ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਪ੍ਰਗਟਾਵਾ ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਪਵਿੱਤਰ ਗੰ੍ਰਥਾਂ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਦੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਗਠਿਤ ਕੀਤੇ ਕਮਿਸ਼ਨ ਦੇ ਚੇਅਰਮੈਨ ਰਿਟਾ: ਜਸਟਿਸ ਰਣਜੀਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਸਿੰਧੜਾਂ ਅਤੇ ਰੇਲਵੇ ਸਟੇਸ਼ਨ ਫ਼ਤਹਿਗੜ੍ਹ ਸਾਹਿਬ ਵਿਖੇ ਪਵਿੱਤਰ ਗ੍ਰੰਥਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਉਪਰੰਤ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਘਟਨਾਵਾਂ ਦੇ ਪਿਛਲੀਆਂ ਗੈਰ ਸਮਾਜੀ ਤਾਕਤਾਂ ਅਤੇ ਭਵਿੱਖ ਵਿੱਚ ਇਨ੍ਹਾਂ ਮਾੜੀਆਂ ਘਟਨਾਵਾਂ ਨੂੰ ਕਿੰਝ ਰੋਕਿਆ ਜਾ ਸਕਦਾ ਹੈ, ਲਈ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਪਹਿਲਾਂ ਮੋਹਾਲੀ ਜ਼ਿਲ੍ਹੇ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਗਈ ਹੈ ਤੇ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਜਾਂਚ ਕਰਨ ਲਈ ਆਏ ਹਨ ਇਸ ਉਪਰੰਤ ਕਮਿਸ਼ਨ ਰੋਪੜ ਤੇ ਪਟਿਆਲਾ ਵਿਖੇ ਜਾਂਚ ਲਈ ਜਾਵੇਗਾ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਕੀਤੀ ਗਈ ਜਾਂਚ ਦੌਰਾਨ ਪਹਿਲੀ ਨਜ਼ਰੇ ਇਹ ਲੱਗਦਾ ਹੈ ਕਿ ਇਨ੍ਹਾਂ ਘਟਨਾਵਾਂ ਪਿਛੇ ਕਿਸੇ ਸੰਗਠਿਤ ਸੰਸਥਾ ਜਾਂ ਸ਼ਰਾਰਤੀ ਅਨਸਰਾਂ ਦਾ ਹੱਥ ਨਹੀਂ ਲੱਗਦਾ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਇਨ੍ਹਾਂ ਘਟਨਾਵਾਂ ਦੀ ਬਾਰੀਕੀ ਨਾਲ ਜਾਂਚ ਕਰਨ ਉਪਰੰਤ ਹੀ ਕਿਸੇ ਨਤੀਜੇ ‘ਤੇ ਪਹੁੰਚਿਆ ਜਾ ਸਕਦਾ ਹੈ।
ਜਸਟਿਸ ਰਣਜੀਤ ਸਿੰਘ ਨੇ ਸਬ ਡਵੀਜ਼ਨ ਅਮਲੋਹ ਦੇ ਪਿੰਡ ਅੰਬੇ ਮਾਜਰਾ ਤੇ ਚਤਰਪੁਰਾ ਅਤੇ ਖਮਾਣੋਂ ਦੇ ਪਿੰਡ ਬਦੇਸ਼ਾਂ ਕਲਾਂ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਪੁਲਿਸ ਵੱਲੋਂ ਇਨ੍ਹਾਂ ਘਟਨਾਵਾਂ ਵਿੱਚ ਬਣਾਏ ਗਏ ਗਵਾਹਾਂ ਨਾਲ ਵੀ ਗੱਲਬਾਤ ਕੀਤੀ ਅਤੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਹੋਰ ਪਤਵੰਤਿਆਂ ਤੋਂ ਵੀ ਬੇਅਦਬੀ ਦੀਆਂ ਘਟਨਾਵਾਂ ਦੀ ਵਿਸਥਾਰ ਸਹਿਤ ਜਾਣਕਾਰੀ ਇਕੱਤਰ ਕੀਤੀ। ਉਨ੍ਹਾਂ ਪਿੰਡ ਵਾਸੀਆਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਪੁਲਿਸ ਵੱਲੋਂ ਕੀਤੀ ਗਈ ਜਾਂਚ ਬਾਰੇ ਵੀ ਜਾਣਕਾਰੀ ਹਾਸਲ ਕੀਤੀ, ਜਿਸ ‘ਤੇ ਪਿੰਡ ਵਾਸੀਆਂ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਤੇ ਹੋਰ ਧਾਰਮਿਕ ਸਥਾਨਾਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਕਿਸੇ ਕਿਸਮ ਦੀ ਅਣ ਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਗੁਰਦੁਆਰਾ ਕਮੇਟੀਆਂ ਨੂੰ ਗੁਰਦੁਆਰਾ ਸਾਹਿਬਾਨ ਦੀ ਨਿਗਰਾਨੀ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਸਲਾਹ ਵੀ ਦਿੱਤੀ।
ਜਸਟਿਸ ਰਣਜੀਤ ਸਿੰਘ ਨੇ ਦੱਸਿਆ ਕਿ ਕਮਿਸ਼ਨ ਜਿਥੇ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਦੇ ਕਾਰਨਾਂ ਬਾਰੇ ਜਾਣੂ ਕਰਵਾਏਗਾ ਉਥੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ ਸਬੰਧੀ ਲੋੜੀਂਦੇ ਓਪਾਅ ਕਰਨ ਲਈ ਸਰਕਾਰ ਨੂੰ ਉਸਾਰੂ ਸੁਝਾਅ ਵੀ ਦਿੱਤੇ ਜਾਣਗੇ।
ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨ ਦੇ ਰਜਿਸਟਰਾਰ-ਕਮ-ਅਸੈਸਰ (ਰਿਟਾ) ਜਸਟਿਸ ਜੇ.ਪੀ. ਮਹਿਮੀ, ਡਿਪਟੀ ਡਾਇਰੈਕਟਰ ਪ੍ਰੋਸੀਕਿਉਸ਼ਨ ਸ. ਅੰਗਰੇਜ ਸਿੰਘ, ਐਸ.ਪੀ. (ਜਾਂਚ) ਸ. ਹਰਪਾਲ ਸਿੰਘ, ਐਸ.ਡੀ.ਐਮ. ਸ. ਅਮਰਿੰਦਰ ਸਿੰਘ ਟਿਵਾਣਾ, ਡੀ.ਐਸ.ਪੀ. ਵਰਿੰਦਰਜੀਤ ਸਿੰਘ, ਡੀ.ਐਸ.ਪੀ. ਮਨਪ੍ਰੀਤ ਸਿੰਘ, ਡੀ.ਐਸ.ਪੀ. ਗੁਰਮੀਤ ਸਿੰਘ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਰਵਿੰਦਰ ਕੁਮਾਰ, ਨਾਇਬ ਤਹਿਸੀਲਦਾਰ ਗੁਰਪਿਆਰ ਸਿੰਘ, ਨਾਇਬ ਤਹਿਸੀਲਦਾਰ ਖਮਾਣੋਂ ਹਰੀ ਸਿੰਘ, ਪਿੰਡ ਸਿੰਧੜਾਂ ਦੇ ਸਰਪੰਚ ਸ. ਪ੍ਰੀਤਮ ਸਿੰਘ, ਅੰਬੇ ਮਾਜਰਾ ਦੇ ਗੁਰਦੁਆਰਾ ਸ਼੍ਰੀ ਸਿੰਘ ਸਭਾ ਦੇ ਪ੍ਰਧਾਨ ਹਰਜੀਤ ਸਿੰਘ, ਨੰਬਰਦਾਰ ਅਮਰਿੰਦਰ ਸਿੰਘ, ਚਤਰਪੁਰਾ ਦੇ ਸਰਪੰਚ ਮੇਵਾ ਸਿੰਘ, ਸਾਬਕਾ ਸਰਪੰਚ ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

