ਪੰਜਾਬਪਟਿਆਲਾ

ਸ਼ਹੀਦੀ ਸਭਾ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਲਈ ਸਾਰੇ ਸ਼ਰਧਾਲੂ ਦੇਣ ਸਹਿਯੋਗ: ਨਾਗਰਾ

ਫ਼ਤਹਿਗੜ੍ਹ ਸਾਹਿਬ: 8 ਦਸੰਬਰ (ਮਧੂਸਾਰ ਬਿਊਰੋ) 25 ਤੋਂ 27 ਦਸੰਬਰ ਤੱਕ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ ਵਿੱਚ ਦੇਸ਼- ਵਿਦੇਸ਼ ਤੋਂ ਆਉਣ ਵਾਲੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਡਿਪਟੀ ਕਮਿਸ਼ਨਰ ਗੁਰਨੀਤ ਤੇਜ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਬੱਚਤ ਭਵਨ ਵਿਖੇ ਮੀਟਿੰਗ ਕੀਤੀ।

ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਅਧਿਕਾਰੀ ਸ਼ਹੀਦੀ ਸਭਾ ਦੇ ਅਗੇਤੇ ਪ੍ਰਬੰਧ ਪੂਰੀ ਆਸਥਾ ਤੇ ਸਮਰਪਣ ਦੀ ਭਾਵਨਾਂ ਨਾਲ ਸਮੇਂ ਸਿਰ ਪੂਰੇ ਕਰਨ। ਉਨ੍ਹਾਂ ਸ਼ਰਧਾਲੂਆਂ ਤੋਂ ਵੀ ਸ਼ਹੀਦੀ ਸਭਾ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਲਈ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਇਸ ਮੌਕੇ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੁੰ ਲਿੰਕ ਕਰਦੀਆਂ ਵੱਖ-ਵੱਖ ਪ੍ਰਮੁੱਖ ਸੜਕਾਂ ਦੇ ਪ੍ਰਵੇਸ਼ ਦੁਆਰ ‘ਤੇ ਬਣੇ ਯਾਦਗਾਰੀ ਗੇਟਾਂ ਦੀ ਦਿੱਖ ਨੂੰ ਸੁਆਰਨ ਅਤੇ ਉਨ੍ਹਾਂ ਦੇ ਆਲੇ ਦੁਆਲੇ ਬਣੀਆਂ ਲਿੰਕ ਸੜਕਾਂ ਦੀਆਂ ਬਰਮ੍ਹਾਂ ਦੀ ਸਫਾਈ ਕਰਵਾਈ ਜਾਵੇ, ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ 15 ਦਸੰਬਰ ਤੋਂ ਪਹਿਲਾਂ-ਪਹਿਲਾਂ ਚਾਰੇ ਯਾਦਗਾਰੀ ਗੇਟਾਂ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੀ ਦਿੱਖ ਨੂੰ ਸੁਆਰਨ ਦਾ ਕੰਮ ਮੁਕੰਮਲ ਕੀਤਾ ਜਾਵੇ ਅਤੇ ਸ਼ਹਿਰ ਨੂੰ ਲਿੰਕ ਕਰਦੀਆਂ ਪਿੰਡਾਂ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਤੇ ਸੰਪਰਕ ਸੜਕਾਂ ਦੀਆਂ ਬਰਮ੍ਹਾਂ ਦੀ ਸਾਫ ਸਫਾਈ ਦਾ ਕੰਮ ਮਗਨਰੇਗਾ ਸਕੀਮ ਅਧੀਨ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।
ਵਿਧਾਇਕ ਨਾਗਰਾ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਨੂੰ ਮੁੱਖ ਰੱਖਦਿਆਂ ਟਰੈਫਿਕ ਅਤੇ ਪਾਰਕਿੰਗ ਦੇ ਸੁਚੱਜੇ ਪ੍ਰਬੰਧ ਕਰਨੇ ਵੀ ਯਕੀਨੀ ਬਣਾਏ ਜਾਣ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਨੂੰ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਏ ਗਏ 20 ਪਾਰਕਿੰਗ ਸਥਾਨਾਂ ਨੂੰ ਜਾਣ ਲਈ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਸ਼ਹੀਦੀ ਸਭਾ ਦੇ ਮੁਕੰਮਲ ਏਰੀਏ ਦੀ ਅਤੇ ਪਾਰਕਿੰਗ ਸਥਾਨਾਂ ਦੀ ਵੀ ਢੁਕਵੀਂ ਸਾਫ ਸਫਾਈ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਬਲਬੀਰ ਸਿੰਘ ਨੂੰ ਹਦਾਇਤ ਕੀਤੀ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਪਾਰਕਿੰਗ ਸਥਾਨਾਂ, ਲੰਗਰਾਂ ਅਤੇ ਹੋਰ ਢੁਕਵੇਂ ਸਥਾਨਾਂ ‘ਤੇ ਸਾਫ ਸੁਥਰਾ ਕਲੋਰੀਨ ਯੁਕਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਲੋੜੀਂਦੇ ਆਰਜੀ ਪਖਾਨੇ ਵੀ ਸਾਰੇ ਢੁਕਵੇਂ ਸਥਾਨਾਂ ‘ਤੇ ਬਣਾਏ ਜਾਣ।
ਵਿਧਾਇਕ ਨਾਗਰਾ ਨੇ ਡਿਪਟੀ ਕਮਿਸ਼ਨਰ ਨੂੰ ਸਰਹਿੰਦ ਸ਼ਹਿਰ ਅਤੇ ਸ਼ਹਿਰ ਨੂੰ ਲਿੰਕ ਕਰਦੀਆਂ ਪ੍ਰਮੁੱਖ ਸੜਕਾਂ ਦੀਆਂ ਬਰਮ੍ਹਾਂ ਤੋਂ ਨਜਾਇਜ ਕਬਜੇ ਹਟਾਉਣ ਲਈ ਵੀ ਕਾਰਵਾਈ ਕਰਨ ਲਈ ਕਿਹਾ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਾਰਜ ਸਾਧਕ ਅਫਸਰ ਨਗਰ ਕੌਂਸਲ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ, ਜੰਗਲਾਤ, ਪੁਲਿਸ ਤੇ ਕਰ ਤੇ ਆਬਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕਰਕੇ ਤੁਰੰਤ ਨਜਾਇਜ ਕਬਜੇ ਹਟਾਉਣ ਲਈ ਕਦਮ ਚੁੱਕੇ ਜਾਣ ਅਤੇ 15 ਦਸੰਬਰ ਤੱਕ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦੀ ਸਭਾ ਦੀ ਧਾਰਮਿਕ ਪਵਿੱਤਰਤਾ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਜਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸ਼ਹੀਦੀ ਸਭਾ ਦੌਰਾਨ ਸੰਗਤਾਂ ਦੀ ਸਹੂਲਤ ਲਈ 6 ਮੈਡੀਕਲ ਟੀਮਾਂ ਸੂਚਨਾਂ ਕੇਂਦਰਾਂ ਦੇ ਨਾਲ ਅਤੇ ਮੋਬਾਇਲ ਮੈਡੀਕਲ ਟੀਮਾਂ ਹਰ ਸਮੇਂ ਮੈਡੀਕਲ ਸਹੂਲਤਾਂ ਲਈ ਤਿਆਰ ਰਹਿਣਗੀਆਂ ਇਸ ਤੋਂ ਬਿਨਾਂ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਅਮਲੋਹ ਅਤੇ ਪ੍ਰਾਇਮਰੀ ਹੈਲਥ ਸੈਂਟਰ ਬਸੀ ਪਠਾਣਾ ਅਤੇ ਖਮਾਣੋ 24 ਘੰਟੇ ਐਮਰਜੰਸੀ ਸਹੂਲਤਾਂ ਲਈ ਖੁਲ੍ਹੇ ਰਹਿਣਗੇ ਅਤੇ ਕਿਸੇ ਵੀ ਐਮਰਜੰਸੀ ਸੇਵਾ ਲਈ 12 ਐਂਬੂਲੈਂਸ 24 ਘੰਟੇ ਸ਼ਹੀਦੀ ਸਭਾ ਦੌਰਾਨ ਤਿਆਰ ਰਹਿਣਗੀਆਂ ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਬਾਲ ਮਜਦੂਰੀ ਜਾਂ ਬਾਲ ਭਿੱਖਿਆ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾਣ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸ਼ਹੀਦੀ ਸਭਾ ਦੌਰਾਨ ਜੇਕਰ ਕੋਈ ਗੁੰਮਸ਼ੁਦਾ ਬੱਚਾ ਕਿਸੇ ਨੂੰ ਵਿਖਾਈ ਦੇਵੇ ਤਾਂ ਤੁਰੰਤ ਚਾਈਲਡ ਹੈਲਪ ਲਾਈਨ 1098 ਜਾਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਮੋਬਾਇਲ ਨੰ: 99143-10010 ‘ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਦਿਅਕ ਅਦਾਰਿਆਂ ਦੀਆਂ ਮੈਡੀਕਲ ਟੀਮਾਂ ਦੀਆਂ ਸੇਵਾਵਾਂ ਵੀ ਲਈਆਂ ਜਾਣ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ ਲਈ ਪੁਲਿਸ ਵੱਲੋਂ ਸਖਤ ਕਦਮ ਚੁੱਕੇ ਜਾਣਗੇ ਅਤੇ ਗੈਰ ਸਮਾਜਿਕ ਤੱਤਾਂ ‘ਤੇ ਕੜੀ ਨਿਗ੍ਹਾ ਰੱਖਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੇ ਨਾਲ-ਨਾਲ ਡਰੋਨ ਕੈਮਰਿਆਂ ਦੀ ਵਰਤੋਂ ਵੀ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜੇ.ਕੇ. ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਦਿਆਲ ਸਿੰਘ ਚੱਠਾ, ਐਸ.ਪੀ. (ਐਚ) ਰਵਿੰਦਰਪਾਲ ਸਿੰਘ, ਐਸ.ਪੀ. (ਜਾਂਚ) ਸ. ਹਰਪਾਲ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ. ਅਮਲੋਹ ਸ਼੍ਰੀ ਜਸਪ੍ਰੀਤ ਸਿੰਘ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਮਨਜੀਤ ਸਿੰਘ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਈਸ਼ਾ ਸਿੰਘਲ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਆਨੰਦ ਸਾਗਰ ਸ਼ਰਮਾ ਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਰਾਜ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Leave a Reply

Your email address will not be published. Required fields are marked *