ਪੰਜਾਬ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿ ‘ਚ ਸਿੱਖਾਂ ਨਾਲ ਵਧੀਕੀਆਂ ਦੇ ਮਾਮਲੇ ਨੂੰ ਲੈ ਕੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਸ੍ਰੀ ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਸਾਹੀਵਾਲ ਵਿਖੇ ਸਥਿਤ ਗੁਰਦੁਆਰਾ ਸਾਹਿਬ ਨੂੰ ਢਾਹ ਕੇ ਪਲਾਜਾ ਬਣਾਏ ਜਾਣ ਦੀ ਖਬਰ ਸਾਹਮਣੇ ਆਉਣ ‘ਤੇ ਇਸਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਭੂਮੀ ਮਾਫੀਆ ਵੱਲੋਂ ਆਪਣੇ ਨਿੱਜੀ ਸਵਾਰਥਾਂ ਤਹਿਤ ਗੁਰਦੁਆਰਾ ਸਾਹਿਬ ਦੀ ਜਗ੍ਹਾ ‘ਤੇ ਪਲਾਜਾ ਬਣਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ ਅਤੇ ਇਸ ਖਬਰ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ ਹੈ ਜਿਸ ਨਾਲ ਸਮੁੱਚੇ ਵਿਸ਼ਵ ਵਿਚ ਵੱਸਦੇ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪਰ ਦੁੱਖ ਦੀ ਗੱਲ ਹੈ ਕਿ ਸਿੱਖ ਧਰਮ ਨਾਲ ਭਾਵਨਾਤਮਕ ਸਾਂਝ ਰੱਖਦੇ ਇਸ ਖਿੱਤੇ ਅੰਦਰ ਸਿੱਖਾਂ ਨਾਲ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਹੀ ਕੁਝ ਸਿੱਖ ਦੁਕਾਨਦਾਰਾਂ ‘ਤੇ ਇਸਲਾਮ ਧਰਮ ਕਬੂਲ ਕਰਨ ਲਈ ਦਬਾਅ ਪਾਇਆ ਗਿਆ ਸੀ ਅਤੇ ਹੁਣ ਸਿੱਖਾਂ ਦੇ ਧਾਰਮਿਕ ਅਸਥਾਨ ਨੂੰ ਢਾਹ ਕੇ ਪਲਾਜਾ ਬਣਾਉਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਨ੍ਹਾਂ ਮਾਮਲਿਆਂ ਲਈ ਪਾਕਿਸਤਾਨ ਸਰਕਾਰ ‘ਤੇ ਦਬਾਅ ਬਣਾਉਣਾ ਚਾਹੀਦਾ ਹੈ ਅਤੇ ਪਾਕਿਸਤਾਨ ਅੰਦਰ ਸਿੱਖ ਧਰਮ ਦੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ ਸਿੱਖਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਧਾਰਮਿਕ ਆਜ਼ਾਦੀ ਦੇ ਅਧਿਕਾਰ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਨਾਲ ਹੋ ਰਹੀਆਂ ਵਧੀਕੀਆਂ ਦੇ ਸਬੰਧ ਵਿਚ ਉਨ੍ਹਾਂ ਨੇ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇੱਕ ਪੱਤਰ ਵੀ ਲਿਖਿਆ ਹੈ ਅਤੇ ਉਹ ਨੇੜ ਭਵਿੱਖ ਵਿਚ ਇਸ ਸਬੰਧੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਨਾਲ ਨਿੱਜੀ ਤੌਰ ‘ਤੇ ਮਿਲ ਕੇ ਗੱਲਬਾਤ ਕਰਨਗੇ।

Leave a Reply

Your email address will not be published. Required fields are marked *