ਪਟਿਆਲਾ

ਸਿੱਧੂ ਤੇ ਧਰਮਸੋਤ ਆਮ ਖਾਸ ਬਾਗ ਵਿਖੇ ਹੋਣ ਵਾਲੇ ਇਤਿਹਾਸਕ ਨਾਟਕ ‘ਸਰਹਿੰਦ ਦੀ ਦੀਵਾਰ’ ਪ੍ਰੋਗਰਾਮ ਵਿੱਚ ਪੁੱਜਣਗੇ: ਬਰਾੜ

ਵਿਧਾਇਕ ਨਾਗਰਾ, ਰਣਦੀਪ ਸਿੰਘ ਨਾਭਾ, ਗੁਰਪ੍ਰੀਤ ਸਿੰਘ ਜੀ.ਪੀ. ਤੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਭਾਂਬਰੀ ਵੀ ਕਰਨਗੇ ਸ਼ਮੂਲੀਅਤ
ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਮਧੂਸਾਰ ਬਿਊਰੋ) ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ 26 ਦਸੰਬਰ ਨੂੰ ਸ਼ਾਮ 6:00 ਵਜੇ ਤੋਂ ਰਾਤ 8:00 ਵਜੇ ਤੱਕ ਆਮ ਖਾਸ ਬਾਗ ਸਰਹਿੰਦ ਵਿਖੇ ਪ੍ਰਸਿੱਧ ਲੇਖਕ ਮਰਹੂਮ ਹਰਪਾਲ ਟਿਵਾਣਾ ਵੱਲੋਂ ਲਿਖਤ ਤੇ ਸ਼੍ਰੀ ਮਨਪਾਲ ਟਿਵਾਣਾ ਦੀ ਨਿਰਦੇਸ਼ਨਾਂ ਹੇਠ ਇਤਿਹਾਸਕ ਨਾਟਕ ‘ ਸਰਹਿੰਦ ਦੀ ਦੀਵਾਰ ‘ ਦੀ ਪੇਸ਼ਕਾਰੀ ਕੀਤੀ ਜਾਵੇਗੀ ।

ਇਸ ਦੌਰਾਨ ਪ੍ਰਸਿੱਧ ਕਲਾਕਾਰਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਜੁੜੀ ਪੂਰੀ ਗਾਥਾ ਨੂੰ ਨਾਟਕ ਦੇ ਰੂਪ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੱਸਿਆ ਕਿ ਇਸ ਨਾਟਕ ਵਿੱਚ ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਤੇ ਐਸ.ਸੀ., ਬੀ.ਸੀ. ਦੀ ਭਲਾਈ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ, ਬਸੀ ਪਠਾਣਾ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਹਰਿੰਦਰ ਸਿੰਘ ਭਾਂਬਰੀ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਇਸ ਸਮਾਗਮ ਵਿੱਚ ਭਾਗ ਲੈਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਟਕ ਨੂੰ ਵੇਖਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਭਾਗ ਲੈਣਗੀਆਂ ਅਤੇ ਇਹ ਨਾਟਕ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਅਤੇ ਨਾਟਕ ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਲੈ ਕੇ ਸਰਹਿੰਦ ਦੇ ਨਵਾਬ ਵਜੀਦ ਖਾਨ ਦੇ ਅੰਤ ਤੱਕ ਨੂੰ ਨਾਟਕ ਦੇ ਰੂਪ ਵਿੱਚ ਪੇਸ਼ ਕੀਤਾ ਜਾਵੇਗਾ।
ਸ਼੍ਰੀਮਤੀ ਬਰਾੜ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਸ਼ਹੀਦੀ ਸਭਾ ਵਿੱਚ ਸ਼ਹੀਦਾਂ ਨੂੰ ਨਤਮਸਤਕ ਹੋਣ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਸ਼ਹੀਦੀ ਸਭਾ ਵਿੱਚ ਸਵੱਛਤਾ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਮਾਹੌਲ ਦੀ ਪਵਿੱਤਰਤਾ ਨੂੰ ਪੂਰੀ ਤਰ੍ਹਾਂ ਕਾਇਮ ਰੱਖਣ ਵਿੱਚ ਪ੍ਰਸਾਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ।

Leave a Reply

Your email address will not be published. Required fields are marked *