ਰਾਜਪਾਲ ਬਦਨੌਰ, ਸਪੀਕਰ ਰਾਣਾ ਕੇ.ਪੀ. ਸਿੰਘ ਤੇ ਸਾਬਕਾ ਲੈਫਟੀਨੈਂਟ ਗਵਰਨਰ ਭੁਪਿੰਦਰ ਸਿੰਘ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ
ਫ਼ਤਹਿਗੜ੍ਹ ਸਾਹਿਬ, 25 ਦਸੰਬਰ (ਮਧੂਸਾਰ ਬਿਊਰੋ) ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਪੰਜਾਬ ਦੇ ਮਾਣਯੋਗ ਰਾਜਪਾਲ ਸ਼੍ਰੀ ਵੀ.ਪੀ. ਸਿੰਘ ਬਦਨੌਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਤੇ ਅੰਡੇਮਾਨ ਤੇ ਨਿਕੋਬਾਰ ਦੇ ਸਾਬਕਾ ਲੈਫਟੀਨੈਂਟ ਗਵਰਨਰ ਸੇਵਾ ਮੁਕਤ ਲੈਫਟੀਨੈਂਟ ਜਨਰਲ ਸ. ਭੁਪਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌ
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਨਿਰਮਲ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਬਖਸ਼ਿਸ਼ ਕੀਤੇ । ਉਨ੍ਹਾਂ ਇਸ ਉਪਰੰਤ ਭੌਰਾ ਸਾਹਿਬ ਦੇ ਦਰਸ਼ਨ ਵੀ ਕੀਤੇ।
ਇਸ ਮੌਕੇ ਇਲੈਕਟ੍ਰੋਨਿਕ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਸਾਹਿਬ-ਏ-ਕਮਾਲ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਕਿਧਰੇ ਨਹੀਂ ਮਿਲਦੀ। ਉਨ੍ਹਾਂ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਨੇ 9 ਸਾਲ ਦੀ ਉਮਰ ਵਿੱਚ ਤੇ ਬਾਬਾ ਫ਼ਤਹਿ ਸਿੰਘ ਜੀ ਨੇ 7 ਸਾਲ ਦੀ ਉਮਰ ਵਿੱਚ ਜਿਸ ਬਹਾਦਰੀ ਨਾਲ ਜਾਲਮ ਮੁਗਲ ਹਕੂਮਤ ਦਾ ਟਾਕਰਾ ਕੀਤਾ ਅਤੇ ਨਿਡਰਤਾ ਤੇ ਦ੍ਰਿੜਤਾ ਨਾਲ ਧਰਮ ‘ਤੇ ਅਡੋਲ ਰਹੇ ਤੇ ਮਹਾਨ ਸ਼ਹਾਦਤ ਦੇ ਕੇ ਸਮੁੱਚੀ ਦੁਨੀਆਂ ਲਈ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ ਹੈ ਜੋ ਕਿ ਰਹਿੰਦੀ ਦੁਨੀਆਂ ਤੱਕ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ, ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ. ਬਸੀ ਪਠਾਣਾ ਸ. ਮਨਜੀਤ ਸਿੰਘ ਚੀਮਾ, ਐਸ.ਪੀ. (ਜਾਂਚ) ਹਰਪਾਲ ਸਿੰਘ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਵਰਿੰਦਰਜੀਤ ਸਿੰਘ ਥਿੰਦ, ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ਼੍ਰੀ ਜਸਵੀਰ ਸਿੰਘ, ਪਰਮਜੀਤ ਸਿੰਘ, ਕੇਵਲ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਮੌਜੂਦ ਸਨ।

