ਦੇਸ਼-ਵਿਦੇਸ਼ਪੰਜਾਬਪਟਿਆਲਾ

ਛੋਟੇ ਸਾਹਿਬਜਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਨਗਰ ਕੀਰਤਨ ਸਮੇਂ ਸੰਗਤਾਂ ਦੀ ਅਥਾਹ ਸ਼ਰਧਾ ਦਾ ਉਮੜਿਆ ਸੈਲਾਬ
ਜੈਕਾਰਿਆਂ ਦੀ ਗੂੰਜ ਵਿੱਚ ਸਮੁੱਚਾ ਮਾਹੌਲ ਰੰਗਿਆ ਖਾਲਸਾਈ ਰੰਗ ‘ਚ
ਫਤਹਿਗੜ੍ਹ ਸਾਹਿਬ, 27 ਦਸੰਬਰ (ਮਧੂਸਾਰ ਬਿਊਰੋ) ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਵੱਲੋਂ ਮਾਨਵਤਾ, ਧਰਮ ਅਤੇ ਹੱਕ ਸੱਚ ਦੀ ਰਾਖੀ ਲਈ ਦਿੱਤੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜਾ ਸਾਲਾਨਾ ‘ਸ਼ਹੀਦੀ ਸਭਾ ‘ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ‘ਤੇ ਅਰਦਾਸ ਉਪਰੰਤ ਰਸਮੀ ਤੌਰ ‘ਤੇ ਸਮਾਪਤ ਹੋ ਗਈ। ਸ਼ਹੀਦੀ ਨਗਰ ਕੀਰਤਨ ਸਮੇਂ ਸੰਗਤਾਂ ਦਾ ਉਮੜਿਆ ਸੈਲਾਬ ਸੰਗਤਾਂ ਦੀ ਅਥਾਹ ਸ਼ਰਧਾ ਦਾ ਪ੍ਰਤੀਕ ਸੀ ਜੋ ਕਿ ਪੂਰੇ ਮਾਹੌਲ ਨੂੰ ਖਾਲਸਾਈ ਰੰਗ ਵਿੱਚ ਰੰਗ ਰਿਹਾ ਸੀ।

ਇਤਿਹਾਸਕ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਉਪਰੰਤ ਸ੍ਰੀ ਗੁਰੂ ਗ੍ਰ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪ੍ਰਾਰੰਭ ਹੋਇਆ।ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਹਾਜਰ ਸਨ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਖਾਲਸਾਈ ਸ਼ਾਨੋ ਸ਼ੌਕਤ ਨਾਲ ਨਰਸਿੰਘਿਆਂ ਤੇ ਨਗਾਰਿਆਂ ਦੀ ਗੂੰਜ ‘ਚ ਸ਼ੁਰੂ ਹੋਏ ਨਗਰ ਕੀਰਤਨ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਪਹੁੰਚੇ ਹੋਏ ਸ਼ਰਧਾਲੂਆਂ ਦੀ ਸ਼ਰਧਾ ਦੀ ਭਾਵਨਾ ਦਾ ਅਲੌਕਿਕ ਨਜ਼ਾਰਾ ਉਸ ਵੇਲੇ ਵੇਖਿਆਂ ਹੀ ਬਣਦਾ ਸੀ, ਜਦੋਂ ਸ਼ਰਧਾਲੂ ਨੰਗੇ ਪੈਰੀਂ ਨਿੱਕੀਆਂ ਤੇ ਮਾਸੂਮ ਜਿੰਦਾਂ ਅਤੇ ਮਾਤਾ ਗੁਜ਼ਰੀ ਜੀ ਨੂੰ ਸ਼ਰਧਾ ਦੇ ਫੁਲ ਭੇਂਟ ਕਰਨ ਲਈ ਉਮੜ ਪਏ। ਪਾਲਕੀ ਸਾਹਿਬ ਵਿੱਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੰਗਤਾਂ ਨਤਮਸਤਕ ਹੋਣ ਲਈ ਫੁੱਲਾਂ ਦੀ ਵਰਖਾ ਕਰ ਰਹੀਆਂ ਸਨ ਅਤੇ ਛੋਟੇ ਸਾਹਿਬਜਾਦਿਆ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੋਲੇ ਸੋ ਨਿਹਾਲ ਅਤੇ ਸਤਿ ਸ਼੍ਰੀ ਅਕਾਲ ਦੇ ਜੈਕਾਰਿਆਂ ਨਾਲ ਆਕਾਸ਼ ਗੂੰਜ ਰਿਹਾ ਸੀ। ਜਦੋਂ ਕਿ ਪਾਲਕੀ ਸਾਹਿਬ ਦੇ ਅੱਗੇ ਨਗਰ ਕੀਰਤਨ ਵਿੱਚ ਅਸਤਰਾਂ ਤੇ ਸ਼ਸ਼ਤਰਾਂ ਨਾਲ ਸਜੇ ਨਿਹੰਗ ਸਿੰਘਾਂ ਦੀਆਂ ਗੱਤਕਾ ਪਾਰਟੀਆਂ, ਰਾਗੀ ਜਥੇ, ਸੇਵਾ ਦਲ, ਸੁਖਮਨੀ ਸੇਵਾ ਸੁਸਾਇਟੀਆਂ, ਅਕਾਲ ਅਕੈਡਮੀ ਖਮਾਣੋਂ ਖੁਰਦ, ਚੁੰਨੀ ਕਲਾਂ ਤੇ ਮਾਧੋਪੁਰ ਦੇ ਵਿਦਿਆਰਥੀ, ਵੱਖ-ਵੱਖ ਸਕੂਲ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਗੱਤਕਾ ਪਾਰਟੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਜਸ ਗਾਉਂਦੀਆਂ ਜਾ ਰਹੀਆ ਸਨ। ਇਸ ਤੋਂ ਇਲਾਵਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਅਤੇ ਮਾਤਾ ਗੁਜਰੀ ਕਾਲਜ, ਖਾਲਸਾ ਗੱਤਕਾ ਅਖਾੜਾ ਦੇ ਵਿਦਿਆਰਥੀ ਨੀਲੀਆਂ, ਕੇਸਰੀ ਅਤੇ ਚਿੱਟੀਆਂ ਦਸਤਾਰਾਂ ਅਤੇ ਖਾਲਸਾਈ ਪੌਸ਼ਾਕਾਂ ‘ਚ ਸਜੇ ਹੋਏ ਨਗਰ ਕੀਰਤਨ ‘ਚ ਸ਼ਰਧਾ ਤੇ ਸਤਿਕਾਰ ਭੇਂਟ ਕਰ ਰਹੇ ਸਨ।
ਸਮਾਪਤੀ ਦੀ ਅਰਦਾਸ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਕੀਤੀ ਜਦੋਂ ਕਿ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਨੇ ਹੁਕਮਨਾਮਾ ਲਿਆ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਤਰਨਾ ਦਲ ਦੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਅਵਤਾਰ ਸਿੰਘ ਬਿੱਧੀ ਚੰਦ ਵਾਲੇ, ਵਿਧਾਇਕ ਫ਼ਤਹਿਗੜ੍ਹ ਸਾਹਿਬ ਕੁਲਜੀਤ ਸਿੰਘ ਨਾਗਰਾ, ਭੁਪਿੰਦਰ ਸਿੰਘ ਬਧੌਛੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਬਲਜੀਤ ਸਿੰਘ ਭੁੱਟਾ, ਐਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਐਸ.ਜੀ.ਪੀ.ਸੀ. ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਮੈਂਬਰ ਸ. ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ, ਭਾਈ ਗੁਰਪ੍ਰੀਤ ਸਿੰਘ ਰੰਧਾਵਾ ਸਮੇਤ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਕੌਮ ਦੇ ਨਾਮ ਦਿੱਤੇ ਸੰਦੇਸ਼ ਵਿੱਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਗੁਰੂ ਦੇ ਲੜ ਲੱਗਣ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਗੁਰੇਜ ਕਰਨ। ਉਨ੍ਹਾਂ ਸਮੂਹ ਸੰਗਤ ਨੂੰ ਇਹ ਵੀ ਅਪੀਲ ਕੀਤੀ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਦੀ ਕਹਾਣੀ ਹਰ ਸ਼ਾਮ ਆਪਣੇ ਬੱਚਿਆਂ ਨੂੰ ਜਰੂਰ ਸੁਣਾਈ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਇਸ ਅਦੁੱਤੀ ਸ਼ਹਾਦਤ ਤੋਂ ਹਮੇਸ਼ਾ ਲਈ ਪ੍ਰੇਰਨਾ ਲੈਂਦੀ ਰਹੇ।
ਇਸ ਸ਼ਹੀਦੀ ਸਭਾ ਵਿੱਚ ਅਰਦਾਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਾਇਰਨ ਵੀ ਵਜਾਇਆ ਗਿਆ ਤਾਂ ਜੋ ਸ਼ਹੀਦੀ ਸਭਾ ਵਿੱਚ ਸ਼ਾਮਲ ਸਮੂਹ ਸੰਗਤ ਅਰਦਾਸ ਵਿੱਚ ਸ਼ਾਮਲ ਹੋ ਕੇ ਪੂਰਨ ਇਕਾਗਰਤਾ ਨਾਲ ਮਹਾਨ ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਂਟ ਕਰ ਸਕੇ।
ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਨੇ ਸ਼ਹੀਦੀ ਸਭਾ ਅਮਨ-ਅਮਾਨ ਨਾਲ਼ ਸਮਾਪਤ ਹੋਣ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਆਈ ਸੰਗਤ, ਲੰਗਰਾਂ ਦੇ ਪ੍ਰਬੰਧਕਾਂ, ਸਮੂਹ ਅਧਿਕਾਰੀਆਂ, ਕਰਮਚਾਰੀਆਂ, ਸਮੂਹ ਧਾਰਮਿਕ ਅਤੇ ਸਵੈ ਸੇਵੀ ਜਥੇਬੰਦੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।

Leave a Reply

Your email address will not be published. Required fields are marked *