ਪੰਜਾਬਪਟਿਆਲਾ

ਕੌਮੀ ਭਾਵਨਾ ਨਾਲ ਮਨਾਇਆ ਜਾਵੇ ਗਣਤੰਤਰ ਦਿਵਸ : ਕੁਮਾਰ ਅਮਿਤ

*ਗਣਤੰਤਰ ਦਿਵਸ ਮਨਾਉਣ ਲਈ ਡੀ.ਸੀ. ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ
ਪਟਿਆਲਾ, 29 ਦਸੰਬਰ (ਮਧੂਸਾਰ ਬਿਊਰੋ) ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ 26 ਜਨਵਰੀ ਨੂੰ ਮਨਾਇਆ ਜਾਣ ਵਾਲਾ ਗਣਤੰਤਰ ਦਿਵਸ ਕੌਮੀ ਭਾਵਨਾ ਨਾਲ ਮਨਾਇਆ ਜਾਵੇ। ਉਹ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯਾਦਵਿੰਦਰਾ ਪਬਲਿਕ ਸਕੂਲ ਦੇ ਸਟੇਡੀਅਮ ‘ਚ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਸਬੰਧੀ ਕਰਵਾਏ ਜਾਣ ਵਾਲੇ ਸਮਾਰੋਹ ਦੀਆਂ ਤਿਆਰੀਆਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਆਪਣੇ ਮਨਾਂ ‘ਚ ਕੌਮੀਅਤ ਦੀ ਭਾਵਨਾ ਪ੍ਰਪੱਕ ਕਰਕੇ ਕੌਮੀ ਦਿਹਾੜੇ ਮਾਣ ਨਾਲ ਮਨਾਉਣੇ ਚਾਹੀਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਗਣਤੰਤਰ ਦਿਵਸ ਦੇ ਇਸ ਮਹੱਤਵਪੂਰਨ ਸਮਾਗਮ ‘ਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਦਿਹਾੜੇ ਦੌਰਾਨ ਵਾਈ.ਪੀ.ਐਸ. ਸਟੇਡੀਅਮ ਵਿਖੇ ਆਪਣੀ ਤੇ ਆਪਣੇ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਨਮਦੀਪ ਕੌਰ ਨੇ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਬਾਰੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਦੀਆਂ ਜਿੰਮੇਵਾਰੀਆਂ ਤੋਂ ਜਾਣੂ ਕਰਵਾਉਂਦਿਆਂ ਆਦੇਸ਼ ਦਿੱਤੇ ਕਿ ਸਾਰੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚਾੜੇ ਜਾਣ। ਉਨ੍ਹਾਂ ਮੀਟਿੰਗ ‘ਚ ਹਾਜ਼ਰ ਡੀ.ਐਸ.ਪੀ. ਸੌਰਵ ਜਿੰਦਲ ਨੂੰ ਸੁਰੱਖਿਆ ਅਤੇ ਟ੍ਰੈਫਿਕ ਦੇ ਪੁਖ਼ਤਾ ਪ੍ਰਬੰਧ ਕਰਨ, ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦੀ ਰਿਹਰਸਲ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਆਖਿਆ।
ਜਦਕਿ ਨਗਰ ਨਿਗਮ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ, ਫੁਹਾਰਾ ਚੌਂਕ ਤੇ ਸਟੇਡੀਅਮ ਦੀ ਸਫਾਈ ਤੇ ਪਾਣੀ ਦੇ ਛਿੜਕਾਓ ਦੇ ਪ੍ਰਬੰਧ ਯਕੀਨੀ ਬਣਾਉਣ ਅਤੇ ਸਟੇਡੀਅਮ ਵਿਖੇ ਸਜਾਵਟੀ ਗੇਟ ਤੇ ਆਲੇ-ਦੁਆਲੇ ਦੀ ਸਜਾਵਟ ਕਰਨ ਲਈ ਕਿਹਾ। ਉਨ੍ਹਾਂ ਨੇ ਰਿਹਰਸਲਾਂ ਦੌਰਾਨ ਤੇ ਸਮਾਗਮ ਵਾਲੇ ਦਿਨ ਸਮੇਤ ਵਿਦਿਆਰਥੀਆਂ ਲਈ ਪੀਣ ਵਾਲੇ ਸ਼ੁੱਧ ਪਾਣੀ ਦਾ ਪ੍ਰਬੰਧ ਕਰਨ ਸਮੇਤ ਰਿਹਰਸਲਾਂ ਦੌਰਾਨ ਸਕੂਲੀ ਬੱਚਿਆਂ ਲਈ ਵਧੀਆ ਰਿਫਰੈਸ਼ਮੈਂਟ ਦੇਣਾ ਯਕੀਨੀ ਬਣਾਉਣ ਦੇ ਆਦੇਸ਼ ਕੀਤੇ।
ਸ੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਸਮਾਗਮ ਵਾਲੇ ਦਿਨ ਅਤੇ ਸਮਾਗਮ ਤੋਂ ਪਹਿਲਾਂ ਰਿਹਰਸਲਾਂ ਦੌਰਾਨ ਮੈਡੀਕਲ ਟੀਮਾਂ ਦੇ ਪ੍ਰਬੰਧ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਆਦੇਸ਼ ਦਿੱਤੇ ਕਿ ਉਹ ਸਕੂਲੀ ਬੱਚਿਆਂ ਦੀ ਪੀ.ਟੀ., ਸਭਿਆਚਾਰਕ ਪ੍ਰੋਗਰਾਮ, ਭੰਗੜੇ ਅਤੇ ਗਿੱਧੇ ਦੀਆਂ ਵਧੀਆ ਟੀਮਾਂ ਤਿਆਰ ਕਰਵਾਉਣ। ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਸੜਕਾਂ ਦੀ ਸਜਾਵਟ ਤੇ ਮੁਰੰਮਤ ਸਮੇਤ ਵਿਭਾਗ ਦੇ ਇਲੈਕਟ੍ਰੀਕਲ ਵਿੰਗ ਤੇ ਬਿਜਲੀ ਨਿਗਮ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਮਾਗਮ ਵਾਲੇ ਦਿਨ ਸਟੇਡੀਅਮ ਵਿਖੇ ਤੇ ਰਿਹਰਸਲਾਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ।ਮੀਟਿੰਗ ‘ਚ ਸਕੱਤਰ ਰੈਡ ਕਰਾਸ ਨੂੰ ਵਿਧਵਾਵਾਂ ਨੂੰ ਸਿਲਾਈ ਮਸ਼ੀਨਾਂ ਦੇਣ ਸਮੇਤ ਵੱਖ ਵੱਖ ਵਿਭਾਗਾਂ ਦੀਆਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਦੀ ਮੁਕੰਮਲ ਤਿਆਰੀ ਕਰਨ ਦੇ ਵੀ ਆਦੇਸ਼ ਦਿੱਤੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸ਼ੌਕਤ ਅਹਿਮਦ ਪਰੇ, ਐਸ.ਡੀ.ਐਮ. ਅਨਮੋਲ ਸਿੰਘ ਧਾਲੀਵਾਲ, ਡੀ.ਐਸ.ਪੀ. ਸਿਟੀ-1 ਸੌਰਵ ਜਿੰਦਲ, ਡੀ.ਡੀ.ਪੀ.ਓ ਸੁਰਿੰਦਰ ਸਿੰਘ ਢਿੱਲੋਂ, ਤਹਿਸੀਲਦਾਰ ਸੁਭਾਸ਼ ਭਾਰਦਵਾਜ, ਖੇਤੀਬਾੜੀ ਵਿਕਾਸ ਅਫ਼ਸਰ ਅਵਨਿੰਦਰ ਸਿੰਘ ਮਾਨ, ਸਕੱਤਰ ਰੈਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਡੀ.ਈ.ਓ. ਐਲੀਮੈਂਟਰੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਵੱਡੀ ਗਿਣਤੀ ‘ਚ ਹਾਜ਼ਰ ਸਨ।

Leave a Reply

Your email address will not be published. Required fields are marked *