ਪੰਜਾਬਪਟਿਆਲਾ

ਨਵੇਂ ਸਾਲ ਦੀ ਆਮਦ ‘ਤੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨੇ ਮੱਥਾ ਟੇਕਿਆ

ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਸਰਬੱਤ ਦੇ ਭਲੇ ਅਤੇ ਪੰਥ ਦੀ ਚੜ੍ਹਦੀਕਲਾ ਲਈ ਕੀਤੀ ਅਰਦਾਸ
ਹਜ਼ੂਰੀ ਰਾਗੀ ਕੀਰਤਨੀ ਜਥਿਆਂ ਨੇ ਚਲਾਇਆ ਗੁਰਬਾਣੀ ਪ੍ਰਵਾਹ
ਪਟਿਆਲਾ 1 ਦਸੰਬਰ (ਮਧੂਸਾਰ ਬਿਊਰੋ) ਨਵੇਂ ਸਾਲ ਦੀ ਆਮਦ ‘ਤੇ ਇਤਿਹਾਸਕ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸੇਵਕ ਜਥਾ ਸੁਸਾਇਟੀ ਦੇ ਸਾਂਝੇ ਉਪਰਾਲੇ ਨਾਲ ਧਾਰਮਕ ਸਮਾਗਮ ਕਰਵਾਇਆ ਗਿਆ।

ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਦੇਰ ਰਾਤ ਤੱਕ ਮਹਾਨ ਕੀਰਤਨ ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਇਲਾਹੀ ਬਾਣੀ ਦਾ ਕੀਰਤਨ ਸੁਣਾਇਆ। ਤੜਕ ਸਵੇਰ ਤੋਂ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨੇ ਨਵੇਂ ਸਾਲ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਮੱਥਾ ਟੇਕਣ ਉਪਰੰਤ ਕੀਤੀ।
ਇਸ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ਨਿਵਾਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਹਜੂਰੀ ਰਾਗੀ ਜਥਿਆਂ ਪਾਸੋਂ ਕੀਰਤਨ ਸੁਣ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ। ਸੰਗਤਾਂ ਨੇ ਅੰਮ੍ਰਿਤ ਸਰੋਵਰ ‘ਚ ਇਸ਼ਨਾਨ ਕੀਤਾ ਅਤੇ ਪੰਗਤ-ਸੰਗਤ ਕਰਕੇ ਗੁਰੂ ਘਰ ‘ਚ ਹਾਜ਼ਰੀ ਲਗਵਾਈ।
ਧਾਰਮਕ ਸਮਾਗਮ ਦੌਰਾਨ ਹਜ਼ੂਰੀ ਰਾਗੀਆਂ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਤੋਂ ਭਾਈ ਬੋਹੜ ਸਿੰਘ, ਭਾਈ ਸਤਿੰਦਰਬੀਰ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲਿਆਂ ਅਤੇਂ ਢਾਡੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਬਾਰੇ ਜਾਣੂੰ ਕਰਵਾਇਆ।
ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਹੈਡ ਗ੍ਰੰਥੀ ਗਿਆਨੀ ਭਾਈ ਪ੍ਰਣਾਮ ਸਿੰਘ ਨੇ ਸਰਬੱਤ ਦੇ ਭਲੇ ਅਤੇ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਨਵਾਂ ਸਾਲ ਚੜ੍ਹਨ ਮੌਕੇ ਵੱਡੀ ਗਿਣਤੀ ‘ਚ ਜੁੜੀ ਸੰਗਤ ਨੂੰ ਪ੍ਰੇਰਿਤ ਕਰਦਿਆਂ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਕਿਹਾ ਕਿ ਸਮੁੱਚੀ ਮਾਨਵਤਾ ਨੂੰ ਦਵੈਸ਼ ਭਾਵਨਾਵਾਂ ਛੱਡ ਕੇ ‘ਮਾਨਸ ਕੀ ਜਾਤ ਸਭ ਏਕ ਪਹਿਚਾਨਬੋ’ ਦੇ ਸਿਧਾਂਤ ਨਾਲ ਜੁੜਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮਨੁੱਖ ਨੂੰ ਗੁਰਮਤਿ ਫਲਸਫੇ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣ ਅਤੇ ਧਰਮ ‘ਚ ਦ੍ਰਿੜ ਰਹਿਣ ਦਾ ਸੰਕਲਪ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ‘ਕਿਰਤ ਕਰੋ’, ‘ਨਾਮ ਜਪੋ’ ਤੇ ਵੰਡ ਛਕੋ ਦਾ ਸਿਧਾਂਤ ਦਿੱਤਾ, ਜਿਸ ਦਾ ਸਾਰਿਆਂ ਨੂੰ ਧਾਰਨੀ ਹੋਣਾ ਚਾਹੀਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਲਜੀਤ ਸਿੰਘ ਜੋਗੀਪੁਰ, ਹਰਵਿੰਦਰ ਸਿੰਘ, ਰਛਪਾਲ ਸਿੰਘ, ਗੁਰੂ ਤੇਗ ਬਹਾਦਰ ਸੇਵਕ ਜਥਾ ਸੁਸਾਇਟੀ ਦੇ ਅਹੁਦੇਦਾਰ ਤੇ ਮੈਂਬਰ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *