ਹੈਡ ਰਾਗੀ ਭਾਈ ਸੁਰਜੀਤ ਸਿੰਘ ਨੂੰ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ
ਨੇਤਰਹੀਣ ਹੋਣ ਦੇ ਬਾਵਜੂਦ ਲਗਨ, ਭਾਵਨਾ ਤੇ ਇਮਾਨਦਾਰੀ ਨਾਲ ਨਿਭਾਈ ਡਿਊਟੀ
ਪਟਿਆਲਾ 3 ਜਨਵਰੀ (ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ 19 ਸਾਲ ਦੀ ਸੇਵਾ ਨਿਭਾਉਣ ਵਾਲੇ ਹੈਡ ਰਾਗੀ ਭਾਈ ਸੁਰਜੀਤ ਸਿੰਘ ਨੂੰ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।
ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ ਦੇਣ ਮੌਕੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਮੈਨੇਜਰ ਕਮਲਜੀਤ ਸਿੰਘ ਜੋਗੀਪੁਰ ਉਚੇਚੇ ਤੌਰ ‘ਤੇ ਹਾਜ਼ਰ ਸਨ, ਜਿਨ੍ਹਾਂ ਵੱਲੋਂ ਸੇਵਾ ਮੁਕਤ ਭਾਈ ਸੁਰਜੀਤ ਸਿੰਘ ਨੂੰ ਸਿਰੋਪਾਓ ਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।
ਇਸ ਮੌਕੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਹੈਡ ਰਾਗੀ ਭਾਈ ਸੁਰਜੀਤ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ 1999 ‘ਚ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਤੋਂ ਸੇਵਾ ਆਰੰਭ ਕੀਤੀ ਸੀ, ਜਿਨਾਂ ਨੇ ਨੇਤਰਹੀਣ ਹੋਣ ਦੇ ਬਾਵਜੂਦ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਲਗਨ, ਭਾਵਨਾ ਤੇ ਇਮਾਨਦਾਰੀ ਨਾਲ ਡਿਊਟੀ ਨਿਭਾਈ, ਜੋ ਸਾਰੇ ਮੁਲਾਜ਼ਮਾਂ ਲਈ ਮਿਸਾਲ ਹੈ।
ਇਸ ਦੌਰਾਨ ਮੈਨੇਜਰ ਕਮਲਜੀਤ ਸਿੰਘ ਜੋਗੀਪੁਰ ਨੇ ਕਿਹਾ ਕਿ ਭਾਈ ਸੁਰਜੀਤ ਸਿੰਘ ਨੇ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਦਿਆਂ ਕਦੇ ਕੋਈ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ, ਜੋ ਨੇਤਰਹੀਣ ਹੋਣ ਦੇ ਬਾਵਜੂਦ ਆਪਣੀ ਅੰਦਰੂਨੀ ਜੋਤ ਨਾਲ ਸਮੇਂ ਸਿਰ ਡਿਊਟੀ ਕਰਨ ਲਈ ਪਾਬੰਦ ਰਹੇ, ਜਿਨਾਂ ਤੋਂ ਸਾਰਿਆਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।
ਇਸ ਮੌਕੇ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਜਗਬੀਰ ਸਿੰਘ, ਅਮਰਜੀਤ ਸਿੰਘ, ਗੁਰਦੀਪ ਸਿੰਘ, ਰੁਪਿੰਦਰ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ ਆਦਿ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸੀ।
ਕੈਪਸ਼ਨ : ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਹੈਡ ਰਾਗੀ ਭਾਈ ਸੁਰਜੀਤ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ ਦਿੰਦੇ ਹੋਏ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਮੈਨੇਜਰ ਕਮਲਜੀਤ ਸਿੰਘ ਜੋਗੀਪੁਰ ਤੇ ਹੋਰ।

