ਨੌਜਵਾਨ ਵੋਟਰਾਂ ਨੂੰ ਵੋਟਾਂ ਦੀ ਅਹਿਮੀਅਤ ਤੋਂ ਜਾਣੂ ਕਰਵਾਉਣ ਲਈ ਵਿੱਦਿਅਕ ਸੰਸਥਾਵਾਂ ‘ਚ ਨਿਯੁਕਤ ਹੋਣਗੇ ਨੋਡਲ ਅਫ਼ਸਰ- ਕੁਮਾਰ ਅਮਿਤ
ਪਟਿਆਲਾ, 8 ਜਨਵਰੀ (ਮਧੂਸਾਰ ਬਿਊਰੋ) ”ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 9ਵੀਂ ਤੋਂ 12ਵੀਂ ਤੱਕ ਦੇ 15 ਤੋਂ 17 ਸਾਲ ਤੱਕ ਦੇ ਭਾਵੀ ਵੋਟਰਾਂ ਅਤੇ 1 ਜਨਵਰੀ 2018 ਨੂੰ 18 ਸਾਲ ਦੇ ਹੋਣ ਵਾਲੇ ਜਾਂ ਇਸ ਤੋਂ ਉਪਰ ਉਮਰ ਦੇ ਨੌਜਵਾਨ ਵਿਦਿਆਰਥੀਆਂ ਦਾ ਨਾਮ ਨਵੇਂ ਵੋਟਰਾਂ ਵਜੋਂ ਲਾਜਮੀ ਦਰਜ ਕਰਨ ਸਮੇਤ ਉਨ੍ਹਾਂ ਨੂੰ ਵੋਟਾਂ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਜਾਵੇਗਾ।”
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ, ਆਈ.ਟੀ.ਆਈਜ ਤੇ ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਸ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਹਰ ਵਿੱਦਿਅਕ ਸੰਸਥਾ ਵਿਖੇ ਭਾਵੀ ਵੋਟਰਾਂ ਅਤੇ ਨਵੇਂ ਵੋਟਰਾਂ ਵਾਸਤੇ ਵੋਟਰ ਜਾਗਰੂਕਤਾ ਕਲੱਬਾਂ ਦਾ ਗਠਨ ਕਰਕੇ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣਗੇ। ਇਸ ਤੋਂ ਬਿਨ੍ਹਾਂ ਜ਼ਿਲ੍ਹੇ ਵਿਚ ਜਾਗਰੂਕਤਾ ਕਲੱਬ ਦੇ ਨੋਡਲ ਅਫ਼ਸਰ ਵਜੋਂ ਸ. ਗੁਰਬਖ਼ਸੀਸ਼ ਸਿੰਘ ਅੰਟਾਲ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੋਡਲ ਅਫ਼ਸਰਾਂ ਦੀ ਸਿਖਲਾਈ ਮਾਸਟਰ ਟ੍ਰੇਨਰਾਂ ਤੋਂ ਕਰਵਾਈ ਜਾਵੇਗੀ ਇਸਤੋਂ ਬਿਨ੍ਹਾਂ ਵੱਖ-ਵੱਖ ਵਿਭਾਗਾਂ ‘ਚ ਵੀ ਵੋਟਰ ਜਾਗਰੂਕਤਾ ਫੋਰਮਜ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਕਿ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਵੋਟਰ ਜਾਗਰੂਕਤਾ ਮੁਹਿੰਮ ਨਾਲ ਜੋੜਿਆ ਜਾ ਸਕੇ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਨੌਜਵਾਨਾਂ ਨੂੰ ਇਕੱਲੇ ਵੋਟਰ ਵਜੋਂ ਦਰਜ ਕਰਨਾ ਹੀ ਕਾਫ਼ੀ ਨਹੀਂ ਬਲਕਿ ਉਨ੍ਹਾਂ ਨੂੰ ਸਾਡੇ ਦੇਸ਼ ਤੇ ਸੂਬੇ ਸਮੇਤ ਸਥਾਨਕ ਸੰਸਥਾਵਾਂ ਦੀ ਚੋਣ ਪ੍ਰਕ੍ਰਿਆ ਅਤੇ ਲੋਕਤੰਤਰੀ ਪ੍ਰਣਾਲੀ ਦੀ ਮਹੱਤਤਾ ਤੋਂ ਵੀ ਜਾਣੂ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਵੀਪ ਮੁਹਿੰਮ ‘ਚ ਪਟਿਆਲਾ ਜ਼ਿਲ੍ਹਾ ਪਹਿਲੇ ਸਥਾਨ ‘ਤੇ ਰਿਹਾ ਸੀ, ਜਿਸ ‘ਚ ਸਕੂਲਾਂ ਅਤੇ ਕਾਲਜਾਂ ਦਾ ਵੱਡਾ ਯੋਗਦਾਨ ਸੀ। ਇਸ ਲਈ ਉਨ੍ਹਾਂ ਨੂੰ ਉਮੀਦ ਹੈ ਕਿ ਅਧਿਆਪਕ ਅਤੇ ਨੋਡਲ ਅਫ਼ਸਰ ਸੱਚੀ ਭਾਵਨਾਂ ਨਾਲ ਇਸ ਕੰਮ ‘ਚ ਆਪਣੀ ਭੂਮਿਕਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ 11 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਰੋਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਵਿਖੇ ਕਰਵਾਇਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਨਮਦੀਪ ਕੌਰ ਸਮੇਤ ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਡਾ. ਤਾਰਾ ਸਿੰਘ, ਪ੍ਰੋ. ਮੁਹੰਮਦ ਇਦਰੀਸ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕੰਵਲ ਕੁਮਾਰੀ, ਡਿਪਟੀ ਡੀ.ਈ.ਓ. ਐਲੀਮੈਂਟਰੀ ਮਧੂ ਬਰੂਆ, ਥਾਪਰ ਯੂਨੀਵਰਸਿਟੀ ਦੇ ਪ੍ਰਬੰਧਕੀ ਅਫ਼ਸਰ ਕੈਪਟਨ ਮਨਜੀਤ ਸਿੰਘ, ਪ੍ਰੋ. ਨਰਿੰਦਰ ਸਿੰਘ ਢੀਂਡਸਾ, ਚੋਣ ਤਹਿਸੀਲਦਾਰ ਦਫ਼ਤਰ ਦੇ ਕਾਨੂੰਨਗੋ ਵਿਜੇ ਕੁਮਾਰ, ਹਰੀਸ਼ ਕੁਮਾਰ ਅਤੇ ਕੁਲਜੀਤ ਸਿੰਘ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ, ਯੂਨੀਵਰਸਿਟੀਆਂ ਤੇ ਹੋਰ ਵਿਦਿਅਕ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।

