ਦੇਸ਼-ਵਿਦੇਸ਼ਪੰਜਾਬ

ਮੰਤਰੀ ਮੰਡਲ ਦਾ ਵਿਸਥਾਰ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਤੋਂ ਬਾਦ : ਕੈਪਟਨ

ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਪ੍ਰਵਾਨ, ਮਹਿਕਮਿਆਂ ਦਾ ਚਾਰਜ ਆਪਣੇ ਕੋਲ ਰੱਖਿਆ
ਨਵੀਂ ਦਿੱਲੀ, 18 ਜਨਵਰੀ (ਅਸ਼ੋਕ ਵਾਸ਼ਿਸ਼ਠ/ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਤੋਂ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ।

ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਦੌਰਾਨ ਇਹ ਖੁਲਾਸਾ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਵੱਲੋਂ 10 ਦਿਨ ਪਹਿਲਾਂ ਦਿੱਤੇ ਅਸਤੀਫੇ ਦਾ ਮਾਮਲਾ ਅੱਜ ਰਾਹੁਲ ਗਾਂਧੀ ਨਾਲ ਵਿਚਾਰਿਆ ਗਿਆ ਜਿਸ ਤੋਂ ਬਾਅਦ ਇਸ ਨੂੰ ਪ੍ਰਵਾਨ ਕਰਨ ਦਾ ਫੈਸਲਾ ਲਿਆ ਗਿਆ।
Âਸ ਉਪਰੰਤ ਮੁੱਖ ਮੰਤਰੀ ਨੇ ਅਗਲੇਰੀਆਂ ਲੋੜੀਂਦੀਆਂ ਰਸਮਾਂ ਲਈ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਰਾਜਪਾਲ ਨੂੰ ਭੇਜ ਦਿੱਤਾ। ਰਾਣਾ ਗੁਰਜੀਤ ਸਿੰਘ ਦੇ ਮਹਿਕਮਿਆਂ ਦਾ ਚਾਰਜ ਹਾਲ ਦੀ ਘੜੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੋਲ ਰੱਖ ਲਿਆ।
ਆਪਣੇ ਅਸਤੀਫੇ ਵਿੱਚ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਭਾਵੇਂ ਕਿ ਉਹ ਪਿਛਲੇ 10 ਸਾਲਾਂ ਤੋਂ ਆਪਣੇ ਪਰਿਵਾਰ ਦੇ ਕਾਰੋਬਾਰ ਨਾਲ ਨਹੀਂ ਜੁੜੇ ਹੋਏ ਪਰ ਪਿਛਲੇ ਕੁਝ ਮਹੀਨਿਆਂ ਵਿੱਚ ਛਿੜੇ ਵਿਵਾਦ ਕਾਰਨ ਪਾਰਟੀ ਦੇ ਹਿੱਤ ਵਿਚ ਅਸਤੀਫਾ ਦੇਣ ਦਾ ਰਾਹ ਚੁਣਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਵਲੋਂ ਕੀਤੇ ਚੰਗੇ ਕੰਮਾਂ ਵਿੱਚ ਉਹ ਰੁਕਾਵਟ ਪੈਣ ਦਾ ਮਸਲਾ ਨਹੀਂ ਖੜ੍ਹਾ ਹੋਣ ਦੇਣਾ ਚਾਹੁੰਦੇ ਜਿਸ ਕਰਕੇ ਉਨ੍ਹਾਂ ਨੇ ਆਪਣੀ ਪਾਰਟੀ ਦੇ ਹਿੱਤ ਵਿੱਚ ਅਸਤੀਫਾ ਦਿੱਤਾ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨਾਲ ਕਾਂਗਰਸ ਦੀ ਪੰਜਾਬ ਇਕਾਈ ਦੇ ਪੁਨਰਗਠਨ ਦਾ ਮਾਮਲਾ ਵੀ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਦਾ ਪੁਨਰਗਠਨ ਵਿਸ਼ੇਸ਼ ਕਰਕੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ, ਬਹੁਤ ਛੇਤੀ ਕੀਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੰਤਰੀ ਮੰਡਲ ਦਾ ਵਿਸਥਾਰ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਤੋਂ ਮਗਰੋਂ ਕੀਤਾ ਜਾਵੇਗਾ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਮੰਤਰੀ ਮੰਡਲ ਦੇ ਵਿਸਥਾਰ ਲਈ ਪਹਿਲਾਂ ਵਾਂਗ ਹੁਣ ਵੀ ਨਵੇਂ ਮੰਤਰੀਆਂ ਦੀ ਚੋਣ ਲਈ ਨੌਜਵਾਨ ਅਤੇ ਹੁਨਰ ਦੇ ਸੁਮੇਲ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ।

Leave a Reply

Your email address will not be published. Required fields are marked *