ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ
ਗਣਤੰਤਰ ਦਿਵਸ ਸਬੰਧੀ ਫੁੱਲ ਡਰੈਸ ਰਿਹਰਸਲ ਹੋਈ
69ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ-ਕੁਮਾਰ ਅਮਿਤ
ਪਟਿਆਲਾ, 24 ਜਨਵਰੀ (ਮਧੂਸਾਰ ਬਿਊਰੋ) 26 ਜਨਵਰੀ ਨੂੰ ਦੇਸ਼ ਦੇ 69ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਵਾਈ.ਪੀ.ਐਸ. ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਅੱਜ ਇੱਥੇ ਐਸ.ਐਸ.ਪੀ. ਡਾ: ਐਸ. ਭੂਪਤੀ ਨਾਲ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ 18 ਟੁਕੜੀਆਂ ਹਿੱਸਾ ਲੈਣਗੀਆਂ ਜਿਹਨਾਂ ਵਿਚੋਂ ਦੋ-ਦੋ ਟੁਕੜੀਆਂ, ਪੰਜਾਬ ਆਰਮਡ ਪੁਲਿਸ ਜਲੰਧਰ ਤੇ ਪਟਿਆਲਾ ਪੁਲਿਸ ਦੇ ਪੁਰਸ਼ਾਂ ਦੀਆਂ ਭਾਗ ਲੈਣਗੀਆਂ ਤਿੰਨ ਟੁਕੜੀਆਂ ਪੰਜਾਬ ਪੁਲਿਸ ਮਹਿਲਾ ਵਿੰਗ ਜਲੰਧਰ ਅਤੇ 1 ਟੁਕੜੀ ਮਹਿਲਾ ਵਿੰਗ ਪਟਿਆਲਾ ਅਤੇ ਹੋਮ ਗਾਰਡਜ਼ ਦੀ ਇੱਕ ਟੁਕੜੀ ਸਮੇਤ ਐਨ.ਸੀ.ਸੀ. ਏਅਰ ਵਿੰਗ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਗਰਲਜ਼ ਬਟਾਲੀਅਨ, ਰੈਡ ਕਰਾਸ ਸੇਂਟ ਜੌਨ੍ਹ ਐਂਬੂਲੈਂਸ, ਸਕਾਊਟਸ ਤੇ ਗਰਲਜ਼ ਗਾਈਡ, ਪਟਿਆਲਾ ਸਕੂਲ ਆਫ਼ ਬਲਾਈਂਡ ਦੇ ਬੱਚੇ ਤੇ ਪੀ.ਏ.ਪੀ. ਅਤੇ ਆਈ.ਆਰ.ਬੀ. ਫਸਟ ਬਟਾਲੀਅਨ ਦਾ ਪਾਇਪ ਬੈਂਡ ਸ਼ਾਮਲ ਹੋਣਗੇ ਅਤੇ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਅਤੇ ਸਹਾਇਕ ਪਰੇਡ ਕਮਾਂਡਰ ਸਿਮਰਨਜੀਤ ਸਿੰਘ ਲੰਗ ਕਰਨਗੇ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ 14 ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਸਰਕਾਰੀ ਮਾਡਲ ਸਕੂਲ ਫੀਲਖਾਨਾ, ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਨੌਰੀ ਅੱਡਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਦੀਆਂ ਵਿਦਿਆਰਥਣਾਂ ਹਿੱਸਾ ਲੈਣਗੀਆਂ, ਨਰਾਇਣ ਪਬਲਿਕ ਸਕੂਲ ਦੇ ਬੱਚੇ ਗੁਬਾਰੇ ਛੱਡਣਗੇ। ਇਸ ਸਮੇਤ ਮੋਟਰ ਸਾਈਕਲਾਂ ਅਤੇ ਘੋੜਸਵਾਰੀ ਦੇ ਕਰਤੱਵ ਹੋਣਗੇ। ਸਰਕਾਰੀ ਮਹਿੰਦਰਾ ਕਾਲਜ ਦੇ ਵਿਦਿਆਰਥੀ ਭੰਗੜਾ ਪੇਸ਼ ਕਰਨਗੇ ਅਤੇ ਸਰਕਾਰੀ ਕਾਲਜ ਲੜਕੀਆਂ ਦੀਆਂ ਮੁਟਿਆਰਾਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਨਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨਗੇ ਤੇ ਲੋੜਵੰਦਾਂ ਨੂੰ ਵ੍ਹੀਲ ਚੇਅਰ, ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਹਿਲੇ ਤੇ ਦੂਸਰੇ ਸਥਾਨ ‘ਤੇ ਆਉਣ ਵਾਲੀਆਂ ਪਰੇਡਾਂ, ਝਾਕੀਆਂ, ਸਕੂਲੀ ਬੱਚਿਆਂ, ਮੋਟਰ ਸਾਈਕਲ ਸਵਾਰ , ਗਿੱਧਾ ਟੀਮ, ਭੰਗੜਾ ਟੀਮ, ਬੈਂਡ ਮਾਸਟਰ ਆਦਿ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਮਹਾਤਮਾ ਗਾਧੀ ਸਰਬਤ ਵਿਕਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੀ ਵੰਡਣਗੇ। ਸਮਾਰੋਹ ਦੇ ਅਖੀਰ ਵਿੱਚ ਕੌਮੀ ਗੀਤ ਦਾ ਗਾਇਨ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ ਕਿ ਉਹ ਆਪਣੇ ਦਫ਼ਤਰਾਂ ਦੇ ਸਮੂਹ ਅਧਿਕਾਰੀਆਂ-ਕਰਮਚਾਰੀਆਂ ਦੀ 26 ਜਨਵਰੀ ਵਾਲੇ ਦਿਨ ਸਮਾਗਮ ‘ਚ ਹਾਜ਼ਰੀ ਯਕੀਨੀ ਬਣਾਉਣ। ਇਸੇ ਦੌਰਾਨ ਐਸ.ਐਸ.ਪੀ. ਡਾ: ਐਸ. ਭੂਪਤੀ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ।

