ਅਕਾਲੀ ਦਲ ਦੀ ਮਜ਼ਬੂਤੀ ਲਈ ਰੱਖੜਾ ਨੇ ਕੀਤੀ ਮਜੀਠਿਆ ਤੇ ਬੀਬੀ ਜਗੀਰ ਕੌਰ ਨਾਲ ਮੀਟਿੰਗ
ਸਤਬੀਰ ਖੱਟੜਾ, ਸੁਰਜੀਤ ਅਬਲੋਵਾਲ ਸਮੇਤ ਮੀਟਿੰਗ ‘ਚ ਪੁੱਜੇ ਕਈ ਸੀਨੀਅਰ ਨੇਤਾ
ਪਟਿਆਲਾ, 30 ਜਨਵਰੀ (ਮਧੂਸਾਰ ਬਿਊਰੋ) : ਪੰਜਾਬ ਦੇ ਸਾਬਕਾ ਸੀਨੀਅਰ ਕੈਬਨਿਟ ਮੰਤਰੀ ਅਤੇ ਅਕਾਲੀ ਦਲ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਹਲਕਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਸਤਬੀਰ ਸਿੰਘ ਖੱਟੜਾ ਅਤੇ ਸਾਬਕਾ ਚੇਅਰਮੈਨ ਪੰਜਾਬ ਸੁਰਜੀਤ ਸਿੰਘ ਅਬਲੋਵਾਲ ਵੀ ਹਾਜ਼ਰ ਸਨ।
ਸੁਰਜੀਤ ਸਿੰਘ ਰੱਖੜਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਪਾਰਟੀ ਨੂੰ ਮਜਬੂਤ ਕਰਨ ਲਈ ਇਹੋ ਜਿਹੀਆਂ ਮੀਟਿੰਗਾਂ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤਹਿਤ ਜ਼ਿਲ੍ਹਾ ਪਟਿਆਲਾ ਵਿਚ ਹਲਕਾ ਸਮਾਣਾ ਅੰਦਰ ਪੋਲ ਖੋਲ੍ਹੋ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਕਾਂਗਰਸ ਦੀਆਂ ਧੱਕੇਸ਼ਾਹੀਆਂ ਅਤੇ ਨਕਾਮੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਕਾਂਗਰਸ ਸਰਕਾਰ ਹਰ ਫਰੰਟ ‘ਤੇ ਫੇਲ ਸਾਬਿਤ ਹੋਈ ਹੈ।
ਇਸ ਮੌਕੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਕਿ ਕਾਂਗਰਸ ਅੱਜ ਆਪਣੇ ਤੁਗਲਕੀ ਫ਼ਰਮਾਨਾਂ ਨਾਲ ਲੋਕਾਂ ਦੇ ਹੱਕ ਖੋਹ ਰਹੀ ਹੈ ਜਿਸ ਤਹਿਤ ਕਿਸਾਨਾਂ ਨੂੰ ਮੁਫ਼ਤ ਬਿਜਲੀ ਬੰਦ ਕਰਨ ਦੀਆਂ ਸਾਜ਼ਿਸ਼ਾਂ ਜਾਰੀ ਹਨ। 1600 ਤੋਂ ਵੱਧ ਸੇਵਾ ਕੇਂਦਰ ਬੰਦ ਕਰ ਦਿੱਤੇ ਗਏ ਹਨ। ਹਸਪਤਾਲਾਂ ਵਿਚ ਮੁਫ਼ਤ ਦਵਾਈਆਂ ਨਹੀਂ ਮਿਲ ਰਹੀਆਂ। ਭ੍ਰਿਸ਼ਟਾਚਾਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਵਿਚ ਹਰ ਆਦਮੀ ਆਪਣੇ ਆਪ ਨੂੰ ਅਣਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਤੋਂ ਪੰਜਾਬ ਦੇ ਲੋਕਾਂ ਦਾ 11 ਮਹੀਨਿਆਂ ਵਿਚ ਹੀ ਮੋਹ ਭੰਗ ਹੋ ਚੁੱਕਾ ਹੈ।

