ਸੁਨੀਲ ਜਾਖੜ ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ, ਪੰਜਾਬ ਸਰਕਾਰ ਗੈਰ-ਕਾਨੂੰਨੀ ਖਣਨ ਅਤੇ ਟੈਕਸ ਚੋਰੀ ਸਹਿਨ ਨਹੀਂ ਕਰੇਗੀ
ਮੁੱਖ ਮੰਤਰੀ ਵੱਲੋਂ ਇਸ ਸਬੰਧੀ ਕੀਤੀ ਸਖ਼ਤੀ ਦੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕੀਤੀ ਸਲਾਘਾ
ਚੰਡੀਗੜ੍ਹ, 6 ਫਰਵਰੀ (ਮਧੂਸਾਰ ਬਿਊਰੋ) ਪੰਜਾਬ ਦੇ ਲੋਕਾਂ ਨੇ ਅਕਾਲੀ‑ਭਾਜਪਾ ਸਰਕਾਰ ਦੇ 10 ਸਾਲਾਂ ਦੇ ਕੁਸਾਸ਼ਣ ਤੋਂ ਮੁਕਤੀ ਪਾਉਣ ਲਈ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟ ਪਾਈ ਸੀ ਅਤੇ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਦੇ ਹਰ ਹਾਲਤ ਵਿਚ ਖਰਾ ਉਤਰੇਗੀ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੇ ਸਾਂਝੇ ਬਿਆਨ ਵਿਚ ਕਹੀ। ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਗਤੀਵਿਧੀਆਂ ਦਾ ਸਮਾਂ ਹੁਣ ਲੰਘ ਚੁੱਕਾ ਹੈ ਅਤੇ ਪੰਜਾਬ ਵਿਚ ਹੁਣ ਕਾਨੂੰਨ ਦਾ ਰਾਜ ਹੈ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਗੈਰਕਾਨੂੰਨੀ ਖਣਨ ਅਤੇ ਟੈਕਸ ਚੋਰੀ ਰੋਕਣ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ ਹੈ।
ਸ੍ਰੀ ਸੁਨੀਲ ਜਾਖੜ ਅਤੇ ਸ: ਨਵਜੋਤ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਇਸ ਸਬੰਧੀ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿਚ ਵਿਸ਼ੇਸ਼ ਬਹੁ-ਵਿਭਾਗੀ ਸੰਯੁਕਤ ਟੀਮਾਂ ਗਠਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ ਜੋ ਕਿ ਗੈਰ-ਕਾਨੂੰਨੀ ਖਣਨ ਅਤੇ ਇਸ ਨਾਲ ਸਬੰਧਤ ਟੈਕਸਾਂ ਦੀ ਚੋਰੀ ਵਿਰੁੱਧ ਫੌਰੀ ਤੌਰ ਤੇ ਕਾਰਵਾਈ ਕਰਣਗੀਆਂ।
ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ ਸਮੇਂ ਅਸੀਂ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਘੱਟ ਰੇਟਾਂ ਤੇ ਰੇਤਾ ਬੱਜਰੀ ਮੁਹਈਆ ਕਰਵਾਇਆ ਜਾਵੇਗਾ ਅਤੇ ਹਰ ਪ੍ਰਕਾਰ ਦੀਆਂ ਨਜਾਇਜ਼ ਗਤੀਵਿਧੀਆਂ ਬੰਦ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਨੇ ਬੀਤੇ ਕੱਲ ਸਰਕਾਰ ਦਾ ਸਟੈਂਡ ਪੂਰੀ ਤਰਾਂ ਨਾਲ ਸਪਸ਼ੱਟ ਕਰ ਦਿੱਤਾ ਹੈ ਕਿ ਸਰਕਾਰ ਇਸ ਸਬੰਧੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਗੈਰ-ਕਾਨੂੰਨੀ ਖਣਨ ਦੀ ਸਮੱਸਿਆ ਸਬੰਧੀ ਬਹੁਤ ਗੰਭੀਰ ਹੈ ਅਤੇ ਇਸ ਕਾਰਜ ਵਿਚ ਲੱਗੇ ਕਿਸੇ ਨੂੰ ਵੀ ਕਿਸੇ ਵੀ ਕੀਮਤ ‘ਤੇ ਮੁਆਫ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਖਣਨ ਅਤੇ ਟੈਕਸਾਂ ਦੀ ਚੋਰੀ ਕਾਰਨ ਸਰਕਾਰੀ ਖਜ਼ਾਨੇ ਨੂੰ ਜੋ ਵੀ ਨੁਕਸਾਨ ਪਹੁੰਚਾਉਣ ਦਾ ਕੋਸਿਸ਼ ਕਰੇਗਾ ਕਾਨੂੰਨ ਉਸ ਨਾਲ ਸਖ਼ਤੀ ਨਾਲ ਨਿਪਟੇਗਾ।
ਸ੍ਰੀ ਜਾਖੜ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਟਰੱਕ ਯੁਨੀਅਨਾਂ ਭੰਗ ਕੀਤੀਆਂ ਗਈਆਂ ਹਨ। ਜਿਸ ਨਾਲ ਵਪਾਰ ਜਗਤ ਨੂੰ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰਜ ਤੇ ਰਾਜ ਸਰਕਾਰ ਉਹ ਹਰ ਰੁਕਾਵਟ ਦੂਰ ਕਰੇਗੀ ਜੋ ਸੂਬੇ ਦੇ ਵਿਕਾਸ ਵਿਚ ਰੋੜਾ ਬਣਦੀ ਹੈ।

