ਦੇਸ਼-ਵਿਦੇਸ਼ਪੰਜਾਬ

550ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ ‘ਤੇ ਮਨਾਉਣ ਲਈ ਕੈਪਟਨ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਅਗਲੇ ਵਰ੍ਹੇ ਹੋਣ ਵਾਲੇ ਯਾਦਗਾਰੀ ਸਮਾਰੋਹਾਂ ਲਈ ਪ੍ਰਧਾਨ ਮੰਤਰੀ ਨੂੰ ਆਪਣੀ ਅਗਵਾਈ ਵਿੱਚ ਕਮੇਟੀ ਕਾਇਮ ਕਰਨ ਦੀ ਅਪੀਲ
ਚੰਡੀਗੜ੍ਹ, 15 ਫਰਵਰੀ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਯਾਦਗਾਰੀ ਸਮਾਗਮਾਂ ਲਈ ਵਿਸ਼ੇਸ਼ ਸਹਾਇਤਾ ਦੀ ਮੰਗ ਕਰਦਿਆਂ ਤਿਆਰੀਆਂ ਲਈ ਇੰਤਜ਼ਾਮੀਆ ਕਮੇਟੀ ਦਾ ਗਠਨ ਕਰਨ ਦੀ ਅਪੀਲ ਕੀਤੀ ਹੈ।

ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਨਿੱਜੀ ਤੌਰ ‘ਤੇ ਕਮੇਟੀ ਦੀ ਅਗਵਾਈ ਕਰਨ ਲਈ ਆਖਿਆ ਜੋ ਸੱਭਿਆਚਾਰਕ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਦੀ ਸਰਪ੍ਰਸਤੀ ਹੇਠ ਕਾਇਮ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਇਸ ਇਤਿਹਾਸਕ ਦਿਹਾੜੇ ਨੂੰ ਵਿਸ਼ਵ ਪੱਧਰ ‘ਤੇ ਮਨਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਮਿੱਥੇ ਗਏ ਉਦੇਸ਼ ‘ਤੇ ਪਹੁੰਚਾਇਆ ਜਾ ਸਕੇ।
ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਇਕ ਵਿਸਥਾਰਤ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਜਿਸ ਨੂੰ ਛੇਤੀ ਹੀ ਪ੍ਰਧਾਨ ਮੰਤਰੀ ਕੋਲ ਸੌਂਪ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਇਸ ਯਾਦਗਾਰੀ ਸਮਾਰੋਹ ਲਈ ਯੋਜਨਾ ਤੇ ਕਾਰਜ ਉਲੀਕਣ ਅਤੇ ਇਸ ਪਵਿੱਤਰ ਦਿਹਾੜੇ ਖਾਸ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਥਾਨਾਂ ਲਈ ਲੋੜੀਂਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ ਭਾਰਤ ਸਰਕਾਰ ਪਾਸੋਂ ਸੂਬਾ ਸਰਕਾਰ ਦੀ ਮਦਦ ਲਈ ਵਿਸ਼ੇਸ਼ ਸਹਾਇਤਾ ਦੀ ਮੰਗ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੂਬਾ ਸਰਕਾਰ ਨੇ ਇਸ ਪਵਿੱਤਰ ਦਿਹਾੜੇ ਨੂੰ ਵੱਡੇ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਦਾ ਪਸਾਰ ਨਾ ਸਿਰਫ ਮੁਲਕ ਵਿੱਚ ਸਗੋਂ ਦੁਨੀਆ ਦੇ ਬਾਕੀ ਹਿੱਸਿਆਂ ਵਿੱਚ ਵੀ ਕੀਤਾ ਜਾ ਸਕੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯੋਜਨਾ ਤੇ ਪ੍ਰੋਗਰਾਮ ਉਲੀਕਣ ਲਈ ਸੂਬਾ ਪੱਧਰ ‘ਤੇ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ, ”ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਹਾਸਲ ਹੋਇਆ ਹੈ ਜੋ ਸਾਲ 2019 ਵਿੱਚ ਮਨਾਇਆ ਜਾਣਾ ਹੈ।”

Leave a Reply

Your email address will not be published. Required fields are marked *