ਵਰਲਡ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਲੋਕ ਅਦਾਲਤ ‘ਚ ਸ਼ਮੂਲੀਅਤ
ਪਟਿਆਲਾ, 20 ਫਰਵਰੀ (ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ ਲਾਅ ਦੇ ਵਿਦਿਆਰਥੀਆਂ ਵੱਲੋਂ ਬੀਤੇ ਦਿਨੀਂ ਫ਼ਤਹਿਗੜ੍ਹ ਸਾਹਿਬ ਵਿਖੇ ਆਯੋਜਿਤ ਰਾਸ਼ਟਰੀ ਲੋਕ ਅਦਾਲਤ ਵਿਚ ਸ਼ਮੂਲੀਅਤ ਕੀਤੀ ਗਈ।
ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਕਾਨੂੰਨ ਵਿਭਾਗ ਦੇ ਮੁਖੀ ਡਾ. ਸੁਖਦਰਸ਼ਨ ਸਿੰਘ ਖਹਿਰਾ ਨੇ ਦੱਸਿਆ ਕਿ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਇਸ ਲੋਕ ਅਦਾਲਤ ਵਿਚ ਸ਼ਮੂਲੀਅਤ ਕਰ ਕੇ ਆਪਣੇ ਆਪ ਨੂੰ ਲੋਕ ਅਦਾਲਤ ਦੀਆਂ ਗਤੀਵਿਧੀਆਂ ਅਤੇ ਵੱਖ-ਵੱਖ ਪਹਿਲੂਆਂ ਨਾਲ ਜਾਣੂ ਕਰਵਾਇਆ। ਡਾ. ਖਹਿਰਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਕਾਨੂੰਨੀ ਖੇਤਰ ਦੀ ਅਕਾਦਮਿਕ ਜਾਣਕਾਰੀ ਦੇਣ ਦੇ ਨਾਲ-ਨਾਲ, ਖੇਤਰ ਦੀ ਵਿਹਾਰਿਕ ਜਾਣਕਾਰੀ ਮੁਹੱਈਆ ਕਰਾਉਣਾ ਵੀ ਜ਼ਰੂਰੀ ਹੈ ਅਤੇ ਇਸੇ ਮੰਤਵ ਦੀ ਪੂਰਤੀ ਲਈ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਵਿਭਾਗ ਵਿਚ ਲੀਗਲ ਏਡ ਕਲੀਨਿਕ ਅਤੇ ਮੂਟ ਕੋਰਟ ਦੀ ਸਥਾਪਨਾ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲਾ ਅਤੇ ਰਾਜ ਪੱਧਰੀ ਕਾਨੂੰਨੀ ਸਲਾਹਕਾਰਾਂ ਨਾਲ ਵਿਦਿਆਰਥੀਆਂ ਨੂੰ ਰੂ-ਬ-ਰੂ ਕਰਵਾਇਆ ਜਾਂਦਾ ਹੈ। ਕਾਨੂੰਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਸੁਨੈਨਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਜਿੱਥੇ ਲੋਕ ਅਦਾਲਤ ਵਿਚ ਪੇਸ਼ ਹੋਏ ਵੱਖ-ਵੱਖ ਮਾਮਲਿਆਂ ਨਾਲ ਆਪਣੇ ਆਪ ਨੂੰ ਜਾਣੂ ਕਰਵਾਇਆ ਉੱਥੇ ਹੀ ਲੋਕ ਅਦਾਲਤ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰ ਕੇ ਆਪਣੇ ਗਿਆਨ ਵਿਚ ਵਾਧਾ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਭਾਗ ਭਵਿੱਖ ਵਿਚ ਵੀ ਅਜਿਹੀਆਂ ਉਸਾਰੂ ਗਤੀਵਿਧੀਆਂ ਵਿਚ ਸ਼ਮੂਲੀਅਤ ਕਰਦਾ ਰਹੇਗਾ।

