ਕੈਨੇਡਾਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਕੈਨੇਡਾ ਕਿਸੇ ਵੀ ਵੱਖਵਾਦੀ ਲਹਿਰ ਦਾ ਸਮਰਥਨ ਨਹੀਂ ਕਰਦਾ : ਟਰੂਡੋ

ਕੈਪਟਨ ਨੇ ਟਰੂਡੋ ਕੋਲ ਵੱਖਵਾਦ ਦਾ ਮੁੱਦਾ ਉਠਾਇਆ
ਅਪਰਾਧਾਂ ਵਿੱਚ ਸ਼ਾਮਲ ‘ਏ’ ਸ਼੍ਰੇਣੀ ਦੇ 9 ਇੰਡੋ-ਕੈਨੇਡੀਅਨਾਂ ਦੀ ਸੂਚੀ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਸੌਂਪੀ
ਅੰਮ੍ਰਿਤਸਰ/21 ਫਰਵਰੀ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਜਾਂ ਕਿਸੇ ਹੋਰ ਖਿੱਤੇ ਵਿੱਚ ਕਿਸੇ ਵੀ ਵੱਖਵਾਦੀ ਲਹਿਰ ਨੂੰ ਉਨ੍ਹਾਂ ਦੇ ਦੇਸ਼ ਵੱਲੋਂ ਸਮਰਥਨ ਨਾ ਕਰਨ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਹੈ।

ਸ੍ਰੀ ਟਰੂਡੋ ਨੇ ਇਹ ਭਰੋਸਾ ਉਸ ਵੇਲੇ ਦਿਵਾਇਆ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਤੋਂ ਕੁਝ ਤੱਤਾਂ ਦੁਆਰਾ ਵੱਖਵਾਦੀ ਅਤੇ ਨਫ਼ਰਤੀ ਅਪਰਾਧ ਵਿਰੁੱਧ ਹਮਲਾ ਬੋਲਣ ਲਈ ਉਨ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ। ਇਨ੍ਹਾਂ ਤੱਤਾਂ ਦੀ ਕੈਨੇਡਾ ਦੀ ਆਬਾਦੀ ਵਿੱਚ ਬਹੁਤ ਥੋੜ੍ਹੀ ਗਿਣਤੀ ਹੈ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਕਿਊਬੈਕ ਵਿੱਚ ਵੱਖਵਾਦੀ ਲਹਿਰ ਦਾ ਹਵਾਲਾ ਦਿੰਦੇ ਹੋਏ ਸ੍ਰੀ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਅਜਿਹੀਆਂ ਚੁਣੌਤੀਆਂ ਨਾਲ ਨਜਿੱਠਿਆ ਹੈ ਅਤੇ ਇਨ੍ਹਾਂ ਨੂੰ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਹਿੰਸਾ ਦੇ ਖਤਰਿਆਂ ਤੋਂ ਪੂਰੀ ਤਰ੍ਹਾਂ ਜਾਣੂ ਹਨ ਜਿਨ੍ਹਾਂ ਨੂੰ ਉਨ੍ਹਾਂ ਨੇ ਹਮੇਸ਼ਾ ਹੀ ਆਪਣੀ ਸਾਰੀ ਸ਼ਕਤੀ ਨਾਲ ਨੁੱਕਰੇ ਲਾਇਆ ਹੈ।
ਦੋਵਾਂ ਆਗੂਆਂ ਵਿਚਕਾਰ 40 ਮਿੰਟ ਦੀ ਲੰਮੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕੈਨੇਡਾ ਵਿੱਚ ਸਰਗਰਮ ਏ-ਸ਼੍ਰੇਣੀ ਦੇ 9 ਵਿਅਕਤੀਆਂ ਦੀ ਸੂਚੀ ਸ੍ਰੀ ਟਰੂਡੋ ਨੂੰ ਸੌਂਪੀ ਜੋ ਕਿ ਕਥਿਤ ਤੌਰ ‘ਤੇ ਪੰਜਾਬ ਵਿੱਚ ਨਫ਼ਰਤੀ ਅਪਰਾਧਾਂ ਵਿਚ ਸ਼ਾਮਲ ਹਨ ਅਤੇ ਇਹ ਅੱਤਵਾਦੀ ਕਾਰਵਾਈਆਂ ਲਈ ਵਿੱਤ ਅਤੇ ਹਥਿਆਰਾਂ ਦੀ ਸਪਲਾਈ ਨਾਲ ਇਨ੍ਹਾਂ ਤੱਤਾਂ ਦੀ ਮਦਦ ਕਰ ਰਹੇ ਹਨ ਅਤੇ ਇਹ ਇੱਥੋਂ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਕੱਟੜਪੰਥੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚ ਰੁੱਝੇ ਹੋਏ ਹਨ।
ਇਸ ਮੀਟਿੰਗ ਵਿੱਚ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਅਤੇ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ ਜਿਨ੍ਹਾਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਪੰਜਾਬ ਵਿੱਚ ਮਿੱਥ ਕੇ ਹੱਤਿਆ ਕਰਨ ਵਿੱਚ ਇੰਡੋ-ਕੈਨੇਡੀਅਨ ਦੇ ਸ਼ਾਮਲ ਹੋਣ ਦਾ ਮੁੱਦਾ ਉਠਾਇਆ ਅਤੇ ਉਨ੍ਹਾਂ ਨੇ ਇਸ ਸਬੰਧ ਵਿਚ ਇਨ੍ਹਾਂ ਤੱਤਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।
ਸ੍ਰੀ ਟਰੂਡੋ ਵੱਲੋਂ ਸੰਯੁਕਤ ਭਾਰਤ ਦਾ ਪੈਂਤੜਾ ਲੈਣ ‘ਤੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਸ੍ਰੀ ਠੁਕਰਾਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਭਾਰਤੀ ਸੰਵਿਧਾਨ ਵਿੱਚ ਬੋਲਣ ਦੀ ਆਜ਼ਾਦੀ ਦਾ ਅਧਿਕਾਰ ਹੈ ਪਰ ਹਿੰਸਾ ਦਾ ਪ੍ਰਚਾਰ ਕਰਨ ਵਾਲੇ ਵੱਖਵਾਦੀ ਅਤੇ ਕੱਟੜਪੰਥੀ ਲੋਕਾਂ ਨੇ ਆਪਣੀਆਂ ਕਾਰਵਾਈਆਂ ਕਰਕੇ ਇਹ ਹੱਕ ਗੁਆ ਦਿੱਤਾ ਸੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰਾਂ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਵੱਖਰੇ ਸਿੱਖ ਰਾਜ ਦੇ ਮੁੱਦੇ ‘ਤੇ ਚੋਣਾਂ ਲੜ ਰਹੇ ਲੋਕਾਂ ਨੇ ਆਪਣੀ ਜ਼ਮਾਨਤ ਵੀ ਗੁਆ ਦਿੱਤੀ।
ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਸੰਬੋਧਿਤ ਹੋਣਗੇ। ਉਨ੍ਹਾਂ ਕਿਹਾ ਕਿ ਉਹ ਭਾਰਤ ਖ਼ਾਸ ਕਰ ਪੰਜਾਬ ਨਾਲ ਨੇੜੇ ਦੇ ਸਬੰਧ ਬਣਾਈ ਰੱਖਣ ਦੀ ਤਵੱਕੋ ਕਰਦੇ ਹਨ ਅਤੇ ਇਸ ਸਬੰਧ ਵਿੱਚ ਹੋਈ ਪ੍ਰਗਤੀ ਨੂੰ ਦੇਖ ਕੇ ਉਹ ਬਹੁਤ ਖ਼ੁਸ਼ ਹਨ।
ਮੀਟਿੰਗ ਦੌਰਾਨ, ਕੈਪਟਨ ਅਮਰਿੰਦਰ ਨੇ ਦਹਿਸ਼ਤਵਾਦ, ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੇ ਮੁੱਦੇ ਤੇ ਭਾਰਤ ਤੇ ਕੈਨੇਡਾ ਦਰਮਿਆਨ ਆਪਸੀ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ ਸਬੰਧਤ ਜਾਣਕਾਰੀ ਇਕ ਦੂਜੇ ਨਾਲ ਸਾਂਝੀ ਕਰਨ ‘ਤੇ ਜ਼ੋਰ ਦਿੱਤਾ।
ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀਆਂ ਰਿਪੋਰਟਾਂ ‘ਤੇ ਕੁਝ ਲੋਕਾਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਕੁਰੀਤੀ ਨਾਲ ਹਮੇਸ਼ਾ ਹੀ ਸਖ਼ਤੀ ਨਾਲ ਪੇਸ਼ ਆਇਆ ਜਾਂਦਾ ਹੈ। ਅਜਿਹੇ ਮਾਮਲਿਆਂ ਵਿੱਚ ਅਦਾਲਤਾਂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੇ ਲੋਕਾਂ ਲਈ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਦ੍ਰਿੜ ਹੈ।

Leave a Reply

Your email address will not be published. Required fields are marked *