ਵਰਲਡ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਕੌਮੀ ਸੈਮੀਨਾਰ
ਚੰਡੀਗੜ• 27 ਫਰਵਰੀ (ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ”ਪੰਜਾਬੀ ਬੋਲੀ ਦੇ ਵਿਕਾਸ ਵਿਚ ਪੰਜਾਬੀ ਅਕਾਦਮਿਕਤਾ ਦੀ ਭੂਮਿਕਾ” ਵਿਸ਼ੇ ‘ਤੇ ਇੱਕ ਰੋਜ਼ਾ ਕੌਮੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਨੇ ਕੀਤੀ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਾਬਕਾ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਭਾਸ਼ਾ ਦਾ ਸੰੰਬੰਧ ਕੇਵਲ ਸ਼ਬਦਾਂ ਨਾਲ ਨਹੀਂ ਸਗੋਂ ਸਾਡੀ ਸੱਭਿਆਚਾਰਕ ਵਿਰਾਸਤ, ਹੋਂਦ ਅਤੇ ਸੁਫਨਿਆਂ ਨਾਲ ਵੀ ਹੈ। ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਸਾਡੀ ਪਹਿਚਾਣ ਹੈ ਅਤੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਅਤੇ ਪ੍ਰਸਾਰ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬੀ ਬੋਲੀ ਦੇ ਵਿਕਾਸ ਲਈ ਅਕਾਦਮਿਕ ਖੇਤਰ ਅਤੇ ਸੰਸਥਾਵਾਂ ਦੀ ਭੂਮਿਕਾ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਯੂਨੀਵਰਸਿਟੀਆਂ, ਸਰਕਾਰੀ ਅਦਾਰੇ ਅਤੇ ਹੋਰ ਉੱਚ ਵਿਦਿਅਕ ਸੰਸਥਾਵਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣ ਦੀ ਜ਼ਰੂਰਤ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਖਹਿਰਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਪੰਜਾਬੀ ਮਾਤ ਭਾਸ਼ਾ ਸਾਡੇ ਵਿਰਸੇ, ਸੱਭਿਆਚਾਰ ਅਤੇ ਰੀਤੀ-ਰਿਵਾਜਾਂ ਨੂੰ ਸਮੋਈ ਬੈਠੀ ਹੈ। ਉਨ੍ਹਾਂ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਚਨਬਧ ਹੈ।
ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਡੀਨ ਭਾਸ਼ਾਵਾਂ ਡਾ. ਸਵਰਾਜ ਰਾਜ ਨੇ ਸੈਮੀਨਾਰ ਵਿਚ ਪਹੁੰਚੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਪੰਜਾਬੀ ਵਿਭਾਗ ਦੇ ਇੰਚਾਰਜ ਡਾ. ਸਿਕੰਦਰ ਸਿੰਘ ਨੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਇਤਿਹਾਸ ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਸੈਮੀਨਾਰ ਦੀ ਉਲੀਕੀ ਗਈ ਰੂਪ ਰੇਖਾ ਬਾਰੇ ਵੀ ਆਏ ਮਹਿਮਾਨਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਡਾ. ਸਿਕੰਦਰ ਸਿੰਘ ਵੱਲੋਂ ਲਿਖੀ ਗਈ ਕਿਤਾਬ ਭਗਤ ਬਾਣੀ ਦਾ ਭਾਖਾਈ ਮੁਹਾਵਰਾ ਅਤੇ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਹਰਪ੍ਰੀਤ ਕੌਰ ਵੱਲੋਂ ਲਿਖੀ ਗਈ ਕਿਤਾਬ ਪੰਜਾਬੀ ਨਾਵਲ: ਰੂਪਾਕਾਰਕ ਪਰਿਪੇਖ ਲੋਕ ਅਰਪਣ ਕੀਤੀ ਗਈ। ਉਦਘਾਟਨੀ ਸਮਾਰੋਹ ਦੇ ਅਖੀਰ ਵਿਚ ਰਜਿਸਟਰਾਰ ਡਾ. ਪਰਿਤਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਵਾਨਾਂ ਦਾ ਧੰਨਵਾਦ ਕੀਤਾ।
ਸੈਮੀਨਾਰ ਦੇ ਤਕਨੀਕੀ ਸੈਸ਼ਨ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾ. ਸੁਰਜੀਤ ਸਿੰਘ ਨੇ ਕੀਤੀ। ਆਪਣੇ ਵਿਚਾਰ ਪੇਸ਼ ਕਰਦੇ ਹੋਏ ਉਨ੍ਹਾਂ ਕਿਹਾ ਕਿ ਗਿਆਨ ਦੀ ਪ੍ਰਾਪਤੀ ਲਈ ਮਾਤ ਭਾਸ਼ਾ ਵਿਚ ਨਿਪੁੰਨਤਾ ਹੋਣੀ ਬਹੁਤ ਜ਼ਰੂਰੀ ਹੈ ਅਤੇ ਗਿਆਨ ਦਾ ਪ੍ਰਚਾਰ ਅਤੇ ਪ੍ਰਸਾਰ ਲੋਕਾਂ ਦੀ ਮਾਤ ਭਾਸ਼ਾ ਵਿਚ ਹੋਣਾ ਚਾਹੀਦਾ ਹੈ। ਤਕਨੀਕੀ ਸੈਸ਼ਨ ਵਿਚ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਹਰਪ੍ਰੀਤ ਕੌਰ, ਭਿੰਦਰ ਕੌਰ, ਸ. ਬਿੰਦਰ ਸਿੰਘ ਅਤੇ ਵਿਭਾਗ ਦੇ ਖੋਜਾਰਥੀ ਮਨਦੀਪ ਸਿੰਘ ਵਲੋਂ ਆਪਣੇ ਖੋਜ ਪਰਚੇ ਪੇਸ਼ ਕੀਤੇ ਗਏ। ਸੈਮੀਨਾਰ ਦੇ ਅਖੀਰ ਵਿਚ ਵਿਭਾਗ ਦੇ ਇੰਚਾਰਜ ਡਾ. ਸਿਕੰਦਰ ਨੇ ਸੈਮੀਨਾਰ ਦੀ ਰਿਪੋਰਟ ਪੇਸ਼ ਕੀਤੀ ਅਤੇ ਇਹ ਭਰੋਸਾ ਦਿਵਾਇਆ ਕਿ ਵਿਭਾਗ ਭਵਿੱਖ ਵਿਚ ਵੀ ਅਜਿਹੇ ਉਸਾਰੂ ਸੈਮੀਨਾਰ ਕਰਵਾਉਂਦਾ ਰਹੇਗਾ।

