ਦੇਸ਼-ਵਿਦੇਸ਼ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਨਾਨਕਸ਼ਾਹੀ ਕੈਲੰਡਰ ਕੀਤਾ ਜਾਰੀ

ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ -ਗਿਆਨੀ ਗੁਰਬਚਨ ਸਿੰਘ
ਅੰਮ੍ਰਿਤਸਰ 5 ਮਾਰਚ (ਮਧੂਸਾਰ ਬਿਊਰੋ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਾਨਕਸ਼ਾਹੀ ਸੰਮਤ 550 (2018-19) ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਸਾਲ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਗਏ ਇਸ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਮਨਾਉਣ। ਉਨ੍ਹਾਂ ਕਿਹਾ ਕਿ ਸਮੁੱਚੀਆਂ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਦੇ ਪ੍ਰਚਾਰ ਪ੍ਰਸਾਰ ਲਈ ਸੰਯੁਕਤ ਹੰਭਲਾ ਮਾਰਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਜਲਦ ਹੀ ਨਾਨਕਸ਼ਾਹੀ ਜੰਤਰੀ ਅਤੇ ਡਾਇਰੀ ਵੀ ਤਿਆਰ ਕਰਕੇ ਸੰਗਤ ਅਰਪਣ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸਿਮਰਜੀਤ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਗੁਰਬਚਨ ਸਿੰਘ ਇੰਚਾਰਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ. ਸੁਖਬੀਰ ਸਿੰਘ ਵਧੀਕ ਮੈਨੇਜਰ ਅਤੇ ਸ. ਸਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *