ਪਟਿਆਲਾ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਰਾਇ ਜੀ ਦਾ ਗੁਰਤਾਗੱਦੀ ਦਿਵਸ ਨੂੰ ਵਾਤਾਵਰਣ ਦਿਵਸ ਵਜੋਂ ਮਨਾਇਆ

ਵਾਤਾਵਰਣ ਦੀ ਪ੍ਰਫੁੱਲਤਾ ਅਤੇ ਸ਼ੁੱਧਤਾ ਲਈ ਅਹਿਮ ਯੋਗਦਾਨ ਪਾਉਣ ਦੀ ਲੋੜ : ਜਥੇਦਾਰ ਕਰਤਾਰਪੁਰ
ਪਟਿਆਲਾ 15 ਮਾਰਚ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਦੀ ਯੋਗ ਅਗਵਾਈ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਾਂ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਪਾਤਸ਼ਾਹੀਂ ਨੌਵੀਂ ਬਹਾਦਰਗੜ੍ਹ, ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਇ ਜੀ ਦੇ ਗੁਰਤਾਗੱਦੀ ਦਿਵਸ ਨੂੰ ਗੁਰਦੁਆਰਾ ਸਾਹਿਬਾਨ ਵਿਖੇ ਵਾਤਾਵਰਣ ਦਿਵਸ ਵਜੋਂ ਮਨਾਇਆ ਗਿਆ।

ਇਸ ਮੌਕੇ ਸ੍ਰੀ ਗੁਰੂ ਹਰਿਰਾਇ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬਾਨ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਹਜ਼ੂਰੀ ਰਾਗੀ ਜੱਥਿਆਂ ਵੱਲੋਂ ਕੀਰਤਨ ਸਵਰਣ ਕੀਤਾ ਗਿਆ ਅਤੇ ਨਤਮਸਤਕ ਹੋਣ ਪੁੱਜੀ ਸੰਗਤ ਨੇ ਵੀ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਵਾਤਾਵਰਣ ਦਿਵਸ ਮਨਾਉਣ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸ. ਸ਼ਵਿੰਦਰ ਸਿੰਘ ਸੱਭਰਵਾਲ ਉਚੇਚੇ ਤੌਰ ‘ਤੇ ਹਾਜ਼ਰ ਸਨ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪਾਰਕਾਂ ‘ਚ ਗੁਰਤਾਗੱਦੀ ਦਿਵਸ ਬੂਟੇ ਲਗਾਕੇ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਮੈਂਬਰਾਂ ਸ. ਜਰਨੈਲ ਸਿੰਘ ਕਰਤਾਰਪੁਰ, ਸ. ਸ਼ਵਿੰਦਰ ਸਿੰਘ ਸੱਭਰਵਾਲ, ਹੈਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ ਨੇ ਕੀਤੀ। ਗੁਰਦੁਆਰਾ ਸਾਹਿਬ ਵਿਖੇ ਪਾਰਕਾਂ ‘ਚ ਬੂਟੇ ਲਗਾਉਣ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਹਾਰਿਰਾਇ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਆਰੰਭ ਕੀਤੀ ਵਾਤਾਵਰਣ ਮੁਹਿੰਮ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਾਰਜਾਂ ਦੇ ਨਾਲ-ਨਾਲ ਵਾਤਾਵਰਣ ਦੀ ਪ੍ਰਫੁੱਲਤਾ ਲਈ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਗੰਦਲੇ ਹੋ ਰਹੇ ਵਾਤਾਵਰਣ ਨੂੰ ਬਚਾਉਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਵਾਤਾਵਰਣ ਪ੍ਰਫੁੱਲਤਾ ਅਤੇ ਸ਼ੁੱਧਤਾ ਲਈ ਲਈ ਸਾਡਾ ਸਾਰਿਆਂ ਦਾ ਕਰਤੱਵ ਹੈ ਵਾਤਾਵਰਣ ਨੂੰ ਬਚਾਉਣ ਲਈ ਅਹਿਮ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਜੀਵਨ ਦੀ ਤੰਦਰੁਸਤੀ ਲਈ ਸ਼ੁੱਧ ਵਾਤਾਵਰਣ ਦੀ ਅਹਿਮ ਜ਼ਰੂਰਤ ਹੈ।
ਇਸ ਮੌਕੇ ਪੰਜਾਬ ਈਕੋ ਫਰੈਂਡਲੀ ਐਸੋਸੀਏਸ਼ਨ ਦੀ ਟੀਮ ਦੇ ਮੈਂਬਰਾਂ ਅਨਮੋਲਜੀਤ ਸਿੰਘ, ਪਰਮਵੀਰ ਸਿੰਘ, ਮਨਜੀਤ ਸਿੰਘ, ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਅਮਰਪਾਲ ਸਿੰਘ, ਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *