ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਗੱਤਕਾ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ
ਪਟਿਆਲਾ 15 ਮਾਰਚ (ਮਧੂਸਾ ਬਿਊਰੋ) ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਵਿਖੇ ਆਯੋਜਿਤ ਆਲ ਇੰਡੀਆ ਅੰਤਰ ਯੂਨੀਵਰਸਿਟੀ ਗੱਤਕਾ ਚੈਂਪੀਅਨਸ਼ਿਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ਾਨਾਮੱਤੀਆਂ ਪ੍ਰਾਪਤ ਕੀਤੀਆਂ।
ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਇੰਚਾਰਜ ਅਤੇ ਯੂਨੀਵਰਸਿਟੀ ਦੀ ਗੱਤਕਾ ਟੀਮ ਦੇ ਮੈਨੇਜਰ ਡਾ. ਸੋਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਗੱਤਕਾ ਚੈਂਪੀਅਨਸ਼ਿਪ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਆਯੋਜਿਤ ਕੀਤੀ ਗਈ ਸੀ ਅਤੇ ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 250 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਜੇਤੂ ਵਿਦਿਆਰਥੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸਿੰਗਲ ਸੋਟੀ ਫਾਈਟ ਮੁਕਾਬਲਿਆਂ ਵਿਚ ਯੂਨੀਵਰਸਿਟੀ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ ਜਦਕਿ ਕੁੜੀਆਂ ਦੇ ਟੀਮ ਮੁਕਾਬਲੇ ਵਿਚ ਕਰਮਬੀਰ ਕੌਰ, ਨਗਮਦੀਪ ਕੌਰ ਅਤੇ ਜਸਪ੍ਰੀਤ ਕੌਰ ਦੀ ਟੀਮ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸ ਦੇ ਨਾਲ ਹੀ ਕੁੜੀਆਂ ਦੇ ਫਰੀ ਸੋਟੀ ਟੀਮ ਮੁਕਾਬਲੇ ਵਿਚ ਵੀ ਯੂਨੀਵਰਸਿਟੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਲੜਕਿਆਂ ਦੇ ਮੁਕਾਬਲਿਆਂ ਵਿਚ ਯੂਨੀਵਰਸਿਟੀ ਦੇ ਵਿਦਿਆਰਥੀ ਮਾਨਸਾਹਿਬ ਸਿੰਘ ਨੇ ਸਿੰਗਲ ਸੋਟੀ ਦੇ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ ਅਤੇ ਫਰੀ ਸਟਾਈਲ ਸੋਟੀ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਮਨਜੋਤ ਸਿੰਘ, ਸੁਖਚੈਨ ਸਿੰਘ ਅਤੇ ਗੁਰਮੀਤ ਸਿੰਘ ਦੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ।
ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਬਹਿਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਆ। ਇਸ ਮੌਕੇ ਰਜਿਸਟਰਾਰ ਡਾ. ਪਰਿਤਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਗੱਤਕੇ ਦੀ ਸਿੱਖਿਆ ਪ੍ਰਦਾਨ ਕਰਨ ਲਈ ਸਰਦਾਰ ਉਦੈ ਸਿੰਘ ਨੂੰ ਗੱਤਕਾ ਕੋਚ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਡਾ. ਬੀਰਬਿਕਰਮ ਸਿੰਘ, ਡਾਇਰੈਕਟਰ ਯੁਵਕ ਭਲਾਈ ਇੰਜ. ਸਰਪ੍ਰੀਤ ਸਿੰਘ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਸਾਹਿਬਾਨ ਮੌਜੂਦ ਸਨ।

