ਪਟਿਆਲਾ

ਨਵੀਂ ਪੀੜ੍ਹੀ ਦ੍ਰਿੜ੍ਹਤਾ ਅਤੇ ਸਖ਼ਤ ਮਿਹਨਤ ਸਦਕਾ ਜੀਵਨ ਵਿੱਚ ਉੱਚ–ਪ੍ਰਾਪਤੀਆਂ ਹਾਸਲ ਕਰ ਸਕਦੀ : ਵਾਈਸ–ਚਾਂਸਲਰ

ਚੰਡੀਗੜ 22 ਮਾਰਚ (ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਭਾਗ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਯਾਦਗਾਰੀ ਭਾਸ਼ਣ ਲੜੀ ਤਹਿਤ ਛੇਵੇਂ ਵਿਸ਼ੇਸ਼ ਲੈਕਚਰ ਦਾ ਆਯੋਜਨ ਭਾਈ ਕਾਨ੍ਹ ਸਿੰਘ ਨਾਭਾ ਦੇ ਪਰਿਵਾਰ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਾਬਕਾ ਵਾਈਸ–ਚਾਂਸਲਰ ਡਾ. ਜਗਤਾਰ ਸਿੰਘ ਗਰੇਵਾਲ ਸਨ। ਵਿਸ਼ੇਸ਼ ਮਹਿਮਾਨ ਵਜੋਂ ਮੇਜਰ ਆਦਰਸ਼ਪਾਲ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ–ਚਾਂਸਲਰ ਡਾ. ਬੀ.ਐੱਸ. ਘੁੰਮਣ ਨੇ ਕੀਤੀ।

ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ–ਚਾਂਸਲਰ ਡਾ. ਬੀ.ਐੱਸ. ਘੁੰਮਣ ਨੇ ਕਿਹਾ ਕਿ ਵਰਤਮਾਨ ਦੌਰ ਵਿੱਚ ਗਿਆਨ–ਵਿਗਿਆਨ ਦੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਦੇ ਹੋਏ ਨਵੀਂ ਪੀੜ੍ਹੀ ਨੂੰ ਸੁਨੇਹਾ ਦਿੱਤਾ ਕਿ ਲਗਨ, ਪ੍ਰਤਿਬੱਧਤਾ, ਦ੍ਰਿੜ੍ਹਤਾ ਅਤੇ ਸਖ਼ਤ ਮਿਹਨਤ ਸਦਕਾ ਹੀ ਉਹ ਜੀਵਨ ਵਿੱਚ ਉੱਚ–ਪ੍ਰਾਪਤੀਆਂ ਹਾਸਲ ਕਰ ਸਕਦੇ ਹਨ। ਉਹਨਾਂ ਕਿਹਾ ਕਿ ਜਿੰਨੀ ਜਲਦੀ ਸੰਭਵ ਹੋਇਆ, ਯੂਨੀਵਰਸਿਟੀ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਚੇਅਰ ਸਥਾਪਤ ਕੀਤੀ ਜਾਵੇਗੀ। ਇਸ ਦੌਰਾਨ ਭਾਈ ਕਾਨ੍ਹ ਸਿੰਘ ਨਾਭਾ ਦੇ ਪਰਿਵਾਰ ਨਾਲ ਸੰਬੰਧਿਤ ਮੇਜਰ ਆਦਰਸ਼ਪਾਲ ਸਿੰਘ ਨੇ ਵੀ ਭਾਈ ਕਾਨ੍ਹ ਸਿੰਘ ਨਾਭਾ ਦੇ ਜੀਵਨ ਤੇ ਕਾਰਜਾਂ ਬਾਰੇ ਚਾਨਣਾ ਪਾਇਆ।
ਇਸ ਸਮਾਗਮ ਦੌਰਾਨ ਡਾ. ਜਗਤਾਰ ਸਿੰਘ ਗਰੇਵਾਲ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ‘ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ – 2018’ ਪ੍ਰਦਾਨ ਕੀਤਾ ਗਿਆ ਜਿਸ ਵਿੱਚ ਉਹਨਾਂ ਨੂੰ 51000/- ਦੀ ਰਾਸ਼ੀ, ਫ਼ੁਲਕਾਰੀ ਅਤੇ ਮੈਮੰਟੋ ਭੇਂਟ ਕੀਤਾ ਗਿਆ। ਡਾ. ਜਗਤਾਰ ਸਿੰਘ ਗਰੇਵਾਲ ਨੇ ਆਪਣੇ ਲੈਕਚਰ ਦੌਰਾਨ ਭਾਈ ਕਾਨ੍ਹ ਸਿੰਘ ਨਾਭਾ ਰਚਿਤ ‘ਹਮ ਹਿੰਦੂ ਨਹੀਂ’ ਅਤੇ ਸਿੰਘ ਸਭਾ ਲਹਿਰ ਦੇ ਹਵਾਲੇ ਨਾਲ ਭਾਈ ਸਾਹਿਬ ਦੀ ਵਿਚਾਰਧਾਰਾ ਨੂੰ ਉਭਾਰਿਆ ਅਤੇ ਭਾਈ ਕਾਨ੍ਹ ਸਿੰਘ ਨਾਭਾ ਚੇਅਰ ਸਥਾਪਿਤ ਕਰਨ ਦੀ ਮੰਗ ਕੀਤੀ।
ਆਪਣੇ ਵਿਸ਼ੇਸ਼ ਭਾਸ਼ਣ ਦੌਰਾਨ ਉੱਘੇ ਵਿਦਵਾਨ ਡਾ. ਅਮਰਜੀਤ ਸਿੰਘ ਗਰੇਵਾਲ ਨੇ ‘ਮਹਾਨ ਕੋਸ਼’ ਦੇ ਹਵਾਲੇ ਨਾਲ ਕਿਹਾ ਕਿ ਜਿਹੜੀਆਂ ਕੌਮਾਂ ਕੋਲ ਆਪਣੇ ਇਤਿਹਾਸ ਨੂੰ ਸੰਭਾਲਣ ਅਤੇ ਉਸਨੂੰ ਅਗਲੀਆਂ ਪੀੜ੍ਹੀਆਂ ਤੱਕ ਨਵੀਆਂ ਤਕਨੀਕਾਂ ਤੇ ਸਾਧਨਾਂ ਦੁਆਰਾ ਸੰਚਾਰ ਕਰਨ ਦੀ ਸਮਰੱਥਾ ਹੋਵੇਗੀ, ਉਹ ਕੌਮਾਂ ਹੀ ਜ਼ਿੰਦਾ ਰਹਿਣਗੀਆਂ। ਗੁਰੂ ਸਾਹਿਬਾਨ, ਸਾਹਿਤ ਅਤੇ ਇਤਿਹਾਸਕ ਮਿਸਾਲਾਂ ਦਿੰਦੇ ਉਹਨਾਂ ਇਹ ਕਿਹਾ ਕਿ ਸ਼ਬਦ–ਗੁਰੂ ਨੂੰ ਸਹੀ ਅਰਥਾਂ ਵਿੱਚ ਸਮਝਣ ਅਤੇ ਅਮਲ ਕਰਨ ਨਾਲ ਸਮਾਜਕ ਚੁਣੌਤੀਆਂ ਨਾਲ ਨਜਿੱਠਿਆ ਜਾ ਸਕਦਾ ਹੈ। ਉਹਨਾਂ ‘ਬਿੱਗ ਡੈਟਾ’ ਦੇ ਮਹੱਤਵ ਦੀ ਲੋੜ ਉੱਪਰ ਵੀ ਜ਼ੋਰ ਦਿੱਤਾ।
ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਮੁਖੀ ਡਾ. ਬਲਜੀਤ ਕੌਰ ਸੇਖੋਂ ਨੇ ਪੁੱਜੇ ਵਿਦਵਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ‘ਜੀ ਆਇਆਂ’ ਕਹਿੰਦੇ ਹੋਏ ਵਿਭਾਗ ਵੱਲੋਂ ਚੱਲਦੀ ਆ ਰਹੀ ਭਾਈ ਕਾਨ੍ਹ ਸਿੰਘ ਨਾਭਾ ਯਾਦਗਾਰੀ ਭਾਸ਼ਣ ਲੜੀ ਦੀ ਮੁੱਲਵਾਨ ਰਵਾਇਤ ਉੱਪਰ ਬਾਖ਼ੂਬੀ ਚਾਨਣਾ ਪਾਇਆ।
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬੱਤਰਾ ਨੇ ਧੰਨਵਾਦ ਕੀਤਾ। ਇਸ ਯਾਦਗਾਰੀ ਸਮਾਗਮ ਵਿੱਚ ਡਾ. ਰਤਨ ਸਿੰਘ ਜੱਗੀ, ਡਾ. ਇੰਦੂ ਬਾਂਗਾ, ਡਾ. ਮਦਨ ਲਾਲ ਹਸੀਜਾ, ਡਾ. ਸਰਬਜਿੰਦਰ ਸਿੰਘ, ਡਾ. ਤਰਲੋਕ ਸਿੰਘ ਆਨੰਦ, ਡਾ. ਬਲਕਾਰ ਸਿੰਘ, ਡਾ. ਸੁਰਜੀਤ ਸਿੰਘ ਭੱਟੀ, ਡਾ. ਰਾਜਿੰਦਰਪਾਲ ਸਿੰਘ ਬਰਾੜ, ਡਾ. ਦਲਬੀਰ ਸਿੰਘ ਢਿੱਲੋਂ, ਪ੍ਰੋ. ਕੁਲਵੰਤ ਸਿੰਘ ਗਰੇਵਾਲ, ਡਾ. ਬਲਦੇਵ ਸਿੰਘ ਧਾਲੀਵਾਲ, ਡਾ. ਹਰਜਿੰਦਰ ਸਿੰਘ ਵਾਲੀਆ, ਡਾ. ਧਨਵੰਤ ਕੌਰ, ਡਾ. ਗੁਰਨਾਇਬ ਸਿੰਘ, ਡਾ. ਕਿਰਪਾਲ ਕਜ਼ਾਕ, ਡਾ. ਜਸਬੀਰ ਕੌਰ, ਡਾ. ਪ੍ਰਮਿੰਦਰਜੀਤ ਕੌਰ, ਡਾ. ਰਾਜਵੰਤ ਕੌਰ ਪੰਜਾਬੀ, ਡਾ. ਸੁਰਜੀਤ ਅਤੇ ਡਾ. ਦਰਸ਼ਨ ਸਿੰਘ ਆਸ਼ਟ ਆਦਿ ਵਿਦਵਾਨ ਸ਼ਾਮਿਲ ਸਨ।

Leave a Reply

Your email address will not be published. Required fields are marked *