ਪੰਜਾਬ

ਲੋਕ ਸਭਾ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੀਤੀ ਸ਼ਰਧਾਂਜਲੀ ਭੇਟ

ਸ਼ਹੀਦਾਂ ਨਾਲ ਸੰਬੰਧਿਤ ਮਾਮਲਿਆਂ ਉੱਤੇ ਰਾਜਨੀਤੀ ਕਰਨ ਤੋਂ ਕਰਨਾ ਚਾਹੀਦਾ ਹੈ ਪਰਹੇਜ਼ -ਭਗਵੰਤ ਮਾਨ
ਨਵੀਂ ਦਿੱਲੀ 23 ਮਾਰਚ (ਮਧੂਸਾਰ ਬਿਊਰੋ)
ਲੋਕ ਸਭਾ ਵਿਚ ਸ਼ਹੀਦੀ ਦਿਹਾੜੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕਰ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਆਮ ਆਦਮੀ ਪਾਰਟੀ (ਪੰਜਾਬ) ਦੇ ਲੋਕ ਸਭਾ ਮੈਂਬਰਾਂ ਭਗਵੰਤ ਮਾਨ, ਡਾ. ਧਰਮਵੀਰ ਗਾਂਧੀ, ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸੁਨੀਲ ਕੁਮਾਰ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਨੇ ਅੱਜ ਲੋਕ ਸਭਾ ਦੀ ਸਪੀਕਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਮੰਗ ਕੀਤੀ ਕਿ ਸਾਰਾ ਸਦਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰੇ। ਉਕਤ ਆਗੂਆਂ ਵੱਲੋਂ ਕੀਤੀ ਗਈ ਬੇਨਤੀ ‘ਤੇ ਕਾਰਵਾਈ ਕਰਦੇ ਹੋਏ, ਮਾਨਯੋਗ ਸਪੀਕਰ ਅਤੇ ਸਾਰੇ ਸੰਸਦ ਮੈਂਬਰਾਂ ਨੇ ਸਮੂਹਿਕ ਤੌਰ’ ਤੇ ਦੋ ਮਿੰਟ ਲਈ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਇਸ ਉਪਰੰਤ ਦਿਨ ਵਿਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਹੋਰ ਸੰਸਦ ਮੈਂਬਰਾਂ ਨਾਲ ਪਾਰਲੀਮੈਂਟ ਵਿਚ ਸਥਿਤ ਸ਼ਹੀਦ-ਏ-ਆਜ਼ਮ ਦੇ ਬੁੱਤ ਕੋਲ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹਨ ਅਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਅਸੈਂਬਲੀ ਵਿਚ ਬੰਬ ਸੁੱਟਣ ਤੋਂ ਪਹਿਲਾਂ ਜਿਹੜੀਆਂ ਕੁਰਸੀਆਂ ਉੱਤੇ ਭਗਤ ਸਿੰਘ ਅਤੇ ਬਟੁਕੇਸ਼ਵਰ ਦੱਤ ਬੈਠੇ ਸਨ ਉਨ੍ਹਾਂ ਕੁਰਸੀਆਂ ਦੀ ਸੰਭਾਲ ਕਰ ਕੇ ਉਨ੍ਹਾਂ ਉੱਤੇ ਸ਼ਹੀਦਾਂ ਦੀਆਂ ਤਸਵੀਰਾਂ ਲਗਾਉਣੀਆਂ ਚਾਹੀਦੀਆਂ ਹਨ। ਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਇੱਕ ਵਿਚਾਰਧਾਰਾ ਸਨ ਅਤੇ ਦੇਸ਼ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਪਾਏ ਪੂਰਨਿਆਂ ਉੱਤੇ ਚੱਲ ਕੇ ਦੇਸ਼ ਨੂੰ ਮੁੜ ਮਹਾਨ ਬਣਾਉਣਾ ਚਾਹੀਦਾ ਹੈ।

Leave a Reply

Your email address will not be published. Required fields are marked *