ਸ਼੍ਰੋਮਣੀ ਕਮੇਟੀ ਮੁਲਾਜ਼ਮ ਸਰਬਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਪ੍ਰੋ. ਬਡੂੰਗਰ ਨੇ ਕੀਤਾ ਦੁੱਖ ਸਾਂਝਾ
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀਆਂ ਚੰਗੀਆਂ ਸੇਵਾਵਾਂ ਤਹਿਤ ਤਰਸ ਦੇ ਆਧਾਰ ‘ਤੇ ਸਪੁੱਤਰੀ ਨੂੰ ਨੌਕਰੀ ਦੇਵੇ : ਪ੍ਰੋ. ਬਡੂੰਗਰ
ਪਟਿਆਲਾ 28 ਮਾਰਚ (ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਬਤੌਰ ਸੇਵਾਦਾਰ ਸਰਬਜੀਤ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ, ਜਿਸ ਦਾ ਬਾਦ ਦੁਪਹਿਰ ਅੱਜ ਪਿੰਡ ਦੌਣ ਦੇ ਸ਼ਮਸ਼ਾਨਘਾਟ ਵਿਖੇ ਧਾਰਮਿਕ ਰਸਮਾਂ ਨਾਲ ਸੰਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰਕ ਰਿਸ਼ਤੇਦਾਰ, ਸਕੇ ਸਬੰਧੀਆਂ ਤੋਂ ਇਲਾਵਾ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਦੀ ਸਮੁੱਚਾ ਸ਼੍ਰੋਮਣੀ ਕਮੇਟੀ ਸਟਾਫ ਹਾਜ਼ਰ ਸੀ।
ਇਸ ਦੁੱਖ ਦੀ ਘੜੀ ‘ਚ ਸਰਬਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਿੰਡ ਦੌਣ ਪਹੁੰਚ ਕੇ ਦੁੱਖ ਸਾਂਝਾ ਕਰਦਿਆਂ ਹਮਦਰਦੀ ਦਾ ਇਜ਼ਹਾਰ ਕੀਤਾ। ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਸਰਬਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਕਾਰਜਾਂ ‘ਚ ਹਮੇਸ਼ਾ ਚੰਗੀਆਂ ਸੇਵਾਵਾਂ ਦਿੱਤੀਆਂ, ਜਿਸ ਨੇ ਹਮੇਸ਼ਾ ਡਿਊਟੀ ਨੂੰ ਪਹਿਲ ਦਿੰਦਿਆਂ ਤਨਦੇਹੀ, ਇਮਾਨਦਾਰੀ ਦੇ ਨਾਲ-ਨਾਲ ਅਨੁਸ਼ਾਸਨ ‘ਚ ਰਹਿ ਕੇ ਕਦੇ ਵੀ ਸ਼ਿਕਾਇਤ ਵਾਲਾ ਮੌਕਾ ਨਹੀਂ ਦਿੱਤਾ ਅਤੇ ਸਮਰਪਿਤ ਭਾਵਨਾ ਨਾਲ ਹਰ ਕਾਰਜ ਕਰਕੇ ਵਿਖਾਇਆ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਰਬਜੀਤ ਸਿੰਘ ਹੋਰਨਾਂ ਮੁਲਾਜ਼ਮਾਂ ਲਈ ਮਿਸਾਲ ਸੀ ਅਤੇ ਚੰਗੀਆਂ ਸੇਵਾਵਾਂ ਕਾਰਨ ਉਸ ਦੀ ਘਾਟ ਹਮੇਸ਼ਾ ਮਹਿਸੂਸ ਕੀਤੀ ਜਾਂਦੀ ਰਹੇਗੀ।
ਇਸ ਮੌਕੇ ਪ੍ਰੋ. ਬਡੂੰਗਰ ਨੇ ਮੰਗ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮ ਸਰਬਜੀਤ ਸਿੰਘ ਦੀਆਂ ਚੰਗੀਆਂ ਸੇਵਾਵਾਂ ਨੂੰ ਵੇਖਦੇ ਹੋਏ ਉਸ ਦੀ ਸਪੁੱਤਰੀ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਦੁੱਖ ਸਾਂਝਾ ਕਰਨ ਵਾਲਿਆਂ ‘ਚ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਮੈਨੇਜਰ ਜੋਗਾ ਸਿੰਘ, ਹੈਡ ਗ੍ਰੰਥੀ ਅਵਤਾਰ ਸਿੰਘ, ਸੁਰਜੀਤ ਸਿੰਘ, ਬਲਕਾਰ ਸਿੰਘ, ਸਰਪੰਚ ਗੁਰਮੁੱਖ ਸਿੰਘ, ਸਵਰਨਜੀਤ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਵਿੰਦਰ ਸਿੰਘ ਦੌਣਕਲਾਂ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।

