ਪੰਜਾਬ

ਜੁੱਟਬੰਦੀ ‘ਤੇ ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਡੀ.ਜੀ.ਪੀ. ਨੂੰ ਆਖਿਆ

ਸੂਬੇ ਦੇ ਕਿਸੇ ਵੀ ਹਿੱਸੇ ਵਿਚ ਕਣਕ ਦੀ ਢੁਆਈ ‘ਚ ਵਿਘਣ ਪਾਉਣ ਵਿਰੁੱਧ ਚੇਤਾਵਨੀ
ਚੰਡੀਗੜ੍ਹ, 5 ਅਪ੍ਰੈਲ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਰਟਰਾਂ ਦੀ ਜੁੱਟਬੰਦੀ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਚੱਲ ਰਹੇ ਹਾੜ੍ਹੀ ਦੇ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਨੂੰ ਬਿਨਾਂ ਅੜਚਣ ਯਕੀਨੀ ਬਣਾਇਆ ਜਾ ਸਕੇ।

ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਖ਼ਰੀਦ ਪ੍ਰਕਿਰਿਆ ਵਿਚ ਵਿਘਣ ਪਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਕਣਕ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਦੌਰਾਨ ਟਰਾਂਸਪੋਰਟ ਦੀ ਆਵਾਜਾਈ ਵਿਚ ਵਿਘਣ ਪਾਉਣ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ।
ਕਣਕ ਦੀ ਢੁਆਈ ਦੇ ਲਈ ਸੂਬਾ ਸਰਕਾਰ ਵੱਲੋਂ ਪ੍ਰਾਪਤ ਕੀਤੀਆਂ ਟਰਾਂਸਪੋਰਟਰਾਂ ਦੀਆਂ ਸੇਵਾਵਾਂ ਨੂੰ ਪੂਰਾ ਸਮਰਥਨ ਦੇਣ ਲਈ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਹੋਏ ਆਪਣੇ ਨਿਰਦੇਸ਼ਾਂ ਨੂੰ ਮੁੜ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਣਕ ਦੀ ਚੁਕਾਈ ਲਈ ਭਾੜੇ ‘ਤੇ ਲਈਆਂ ਸਾਰੀਆਂ ਗੱਡੀਆਂ ਦੇ ਆਉਣ-ਜਾਣ ‘ਤੇ ਨੇੜਿਓਂ ਨਿਗਰਾਨੀ ਰੱਖਣ ਲਈ ਆਖਿਆ ਹੈ।
ਮੀਟਿੰਗ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਅਤੇ ਸਿਵਲ ਸਪਲਾਈਜ਼ ਦੇ ਪ੍ਰਮੁੱਖ ਸਕੱਤਰ ਨੂੰ ਇੱਕ ਵਾਰੀ ਫਿਰ ਸਾਰੇ ਸੰਭਵੀ ਕਦਮ ਚੁੱਕੇ ਜਾਣ ਲਈ ਆਖਿਆ ਹੈ ਤਾਂ ਜੋ ਕਣਕ ਦੀ ਨਿਰਵਿਘਣ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਰੋਜ਼ਮਰਾ ਦੇ ਆਧਾਰ ‘ਤੇ ਕਣਕ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ‘ਤੇ ਨਿਗਰਾਨੀ ਰੱਖਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਇਸ ਵਿਸ਼ਾਲ ਕਾਰਜ ਨੂੰ ਸਮੇਂ ਸੀਮਾ ਵਿਚ ਮੁਕੰਮਲ ਕੀਤਾ ਜਾ ਸਕੇ।
ਕਣਕ ਦੀ ਨਿਰਵਿਘਣ ਖਰੀਦ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਪੈਦਾ ਕੀਤੇ ਇੱਕ ਇੱਕ ਦਾਣੇ ਨੂੰ ਖਰੀਦਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਮੇਂ ਸਿਰ ਭੁਗਤਾਨ ਕੀਤਾ ਜਾਵੇਗਾ ਜਿਸ ਤਰ੍ਹਾਂ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪਿਛਲੇ ਹਾੜ੍ਹੀ ਅਤੇ ਸਾਉਣੀ ਦੇ ਸੀਜ਼ਨ ਦੌਰਾਨ ਕੀਤਾ ਗਿਆ ਸੀ।
ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸ਼੍ਰੀ ਸੁਰੇਸ਼ ਕੁਮਾਰ, ਡੀ.ਜੀ.ਪੀ. ਸੁਰੇਸ਼ ਅਰੋੜਾ, ਖੁਰਾਕ ਤੇ ਸਿਵਲ ਸਪਲਾਈਜ਼ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਸ਼ਾਮਲ ਸਨ।

Leave a Reply

Your email address will not be published. Required fields are marked *