ਇਜਲਾਸ ਦੌਰਾਨ ਸੰਸਦ ਦੀ ਕਾਰਵਾਈ ਠੱਪ ਰੱਖਕੇ ਕੇ ਮੋਦੀ ਸਰਕਾਰ ਨੇ ਲੋਕਤੰਤਰ ਦਾ ਕੀਤਾ ਘਾਣ‑ਸੁਨੀਲ ਜਾਖੜ
ਕਿਹਾ, ਐਨ.ਡੀ.ਏ. ਸਰਕਾਰ ਵਿਰੋਧੀ ਧਿਰ ਦੀ ਭੁਮਿਕਾ ਵਿਚ ਆਈ
ਭਾਜਪਾ ਸਾਂਸਦਾਂ ਦੇ ਪ੍ਰਦਰਸ਼ਨ ਦੇ ਖਿਲਾਫ ਰੋਸ਼ ਵਿਖਾਵਾ
ਕੇਂਦਰ ਸਰਕਾਰ ਤੋਂ ਕਿਸਾਨੀ ਕਰਜੇ ਮਾਫ ਕਰਨ ਦੀ ਮੰਗ ਰੱਖੀ ਸੁਨੀਲ ਜਾਖੜ ਨੇ
ਨਵੀਂ ਦਿੱਲੀ 6 ਅਪ੍ਰੈਲ (ਮਧੂਸਾਰ ਬਿਊਰੋ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਸੰਸਦ ਦੀ ਕਾਰਵਾਈ ਨੂੰ ਪੂਰੇ ਇਜਲਾਸ ਦੌਰਾਨ ਠੱਪ ਰੱਖ ਕੇ ਕੇਂਦਰ ਦੀ ਮੋਦੀ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ।
ਸੰਸਦ ਭਵਨ ਦੇ ਬਾਹਰ ਭਾਜਪਾ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੇ ਵਿਰੋਧ ਵਿਚ ਪੰਜਾਬ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿਚ ਕਾਂਗਰਸੀ ਸਾਂਸਦਾਂ ਸ੍ਰੀਮਤੀ ਅੰਬਿਕਾ ਸੋਨੀ, ਸ੍ਰੀ ਸੰਤੋਖ ਚੌਧਰੀ, ਸ: ਗੁਰਜੀਤ ਸਿੰਘ ਔਜਲਾ, ਸ: ਰਵਨੀਤ ਸਿੰਘ ਬਿੱਟੂ ਅਤੇ ਹੋਰ ਵੱਲੋਂ ਕੀਤੇ ਰੋਸ ਵਿਖਾਵੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਇਹ ਕੇਂਦਰ ਦੀ ਐਨ.ਡੀ.ਏ. ਸਰਕਾਰ ਦੀ ਨੈਤਿਕ ਹਾਰ ਹੈ। ਉਨ੍ਹਾਂ ਇਸ ਨੂੰ ਵਿਰੋਧੀ ਧਿਰ ਦੀ ਜਿੱਤ ਆਖਦਿਆਂ ਕਿਹਾ ਕਿ ਮੋਦੀ ਸਰਕਾਰ ਖੁਦ ਹੀ ਵਿਰੋਧੀ ਧਿਰ ਦੀ ਭੁਮਿਕਾ ਵਿਚ ਆ ਗਈ ਹੈ। ਸ੍ਰੀ ਜਾਖੜ ਨੇ ਕਿਹਾ ਕਿ ਸਦਨ ਨੂੰ ਚਲਾਉਣਾ ਕੇਂਦਰ ਸਰਕਾਰ ਦੀ ਜਿੰਮੇਵਾਰੀ ਬਣਦੀ ਸੀ ਪਰ ਇਹ ਸਰਕਾਰ ਆਪਣੀ ਜਿੰਮੇਵਾਰੀ ਤੋਂ ਪੁਰੀ ਤਰਾਂ ਨਾਲ ਭੱਜ ਗਈ ਹੈ ਅਤੇ ਇਸ ਨਾਲ ਮੋਦੀ ਸਰਕਾਰ ਦਾ ਲੋਕਤੰਤਰ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨੂੰ ਸਦਨ ਦੀ ਕਾਰਵਾਈ ਚਲਾਉਣ ਲਈ ਸਾਰੀਆਂ ਪਾਰਟੀਆਂ ਨਾਲ ਰਾਬਤਾ ਕਰਨਾ ਚਾਹੀਦਾ ਸੀ ਅਤੇ ਗਤੀਰੋਧ ਦੂਰ ਕਰਨ ਦੇ ਯਤਨ ਕਰਨੇ ਚਾਹੀਦੇ ਸਨ ਪਰ ਇਸ ਸਰਕਾਰ ਨੇ ਆਪਣੀਆਂ ਸਹਿਯੋਗੀ ਪਾਰਟੀਆਂ ਨਾਲ ਸਾਜਬਾਜ ਹੋ ਕੇ ਜਾਣਬੁੱਝ ਕੇ ਸਦਨ ਨਹੀਂ ਚੱਲਣ ਦਿੱਤਾ ਤਾਂ ਜੋ ਵਿਰੋਧੀ ਧਿਰਾਂ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਕੇ ਕੇਂਦਰ ਸਰਕਾਰ ਦੀ ਜਵਾਬਦੇਹੀ ਤੈਅ ਨਾ ਕਰਨ ਸਕਨ।
ਇਸ ਮੌਕੇ ਪੰਜਾਬ ਦੇ ਕਾਂਗਰਸੀ ਸਾਂਸਦਾਂ ਸਮੇਤ ਕੁਝ ਦੂਜੇ ਰਾਜਾਂ ਦੇ ਸਾਂਸਦਾ ਨੇ ਕਿਸਾਨਾਂ ਦੀਆਂ ਮੰਗਾਂ ਦੇ ਮੁੱਦੇ ਤੇ ਵੀ ਸੰਸਦ ਭਵਨ ਦੇ ਬਾਹਰ ਰੋਸ ਵਿਖਾਵਾ ਕੀਤਾ। ਸ੍ਰੀ ਜਾਖੜ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦੀ ਸਥਿਤੀ ਨੂੰ ਸਮਝਦਿਆਂ ਕਰਜੇ ਮਾਫ ਕਰਨ ਦੀ ਪਹਿਲ ਕਦਮੀ ਕੀਤੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਕਰਜੇ ਮਾਫ ਕਰੇ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੁ.ਪੀ.ਏ. ਸਰਕਾਰ ਨੇ ਇਸ ਤੋਂ ਪਹਿਲਾਂ ਕਿਸਾਨਾਂ ਦੇ ਕਰਜੇ ਮਾਫ ਕੀਤੇ ਸਨ ਪਰ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਕੇਵਲ ਗੱਲਾਂ ਹੀ ਕਰ ਰਹੀ ਹੈ ਜਦ ਕਿ ਕਿਸਾਨਾਂ ਦੇ ਹਿੱਤ ਲਈ ਇਸ ਸਰਕਾਰ ਨੇ ਕੁਝ ਨਹੀਂ ਕੀਤਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ 36000 ਕਿਸਾਨ ਆਤਮ ਹੱਤਿਆਵਾਂ ਕਰ ਚੁੱਕੇ ਹਨ ਪਰ ਮੋਦੀ ਸਰਕਾਰ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਕਰਜੇ ਮਾਫੀ ਦਾ ਮੁੱਦਾ ਕੇਵਲ ਰਾਜ ਸਰਕਾਰ ਦੇ ਸਿਰ ਛੱਡ ਕੇ ਆਪਣੀ ਜਿੰਮੇਵਾਰੀ ਤੋਂ ਭੱਜ ਨਹੀਂ ਸਕਦੀ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਦੇਸ਼ ਦੇ ਲੋਕ ਬੇਸਬਰੀ ਨਾਲ 2019 ਦਾ ਇੰਤਜਾਰ ਕਰ ਰਹੇ ਹਨ ਅਤੇ ਅਗਲੀਆਂ ਆਮ ਚੌਣਾਂ ਵਿਚ ਲੋਕ ਮੋਦੀ ਸਰਕਾਰ ਨੂੰ ਚਲਦਾ ਕਰ ਦੇਣਗੇ।

