ਪਟਿਆਲਾ

ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਪ੍ਰੇਰਨਾ ਸਦਕਾ 250 ਦੇ ਕਰੀਬ ਪ੍ਰਾਣੀਆਂ ਨੇ ਲਈ ਅੰਮ੍ਰਿਤ ਦੀ ਦਾਤ

ਸ਼ਬਦ ਗੁਰੂ ਦਾ ਆਸਰਾ ਲੈ ਕੇ ਜੀਵਨ ਨੂੰ ਸਫਲ ਬਣਾਇਆ ਜਾ ਸਕਦਾ : ਪ੍ਰੋ. ਬਡੂੰਗਰ
ਪਟਿਆਲਾ 9 ਅਪ੍ਰੈਲ (ਮਧੂਸਾਰ ਬਿਊਰੋ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਅਤੇ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਰਹਾਲੀ ਸਾਹਿਬ ਵਿਖੇ ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਪ੍ਰੇਰਨਾ ਸਦਕਾ ਪ੍ਰਾਣੀਆਂ ਨੂੰ ਬਾਣੀ ਅਤੇ ਬਾਣੇ ਦਾ ਧਾਰਨੀ ਅੰਮ੍ਰਿਤ ਸੰਚਾਰ ਕਰਵਾਇਆ ਗਿਆ।

ਇਸ ਧਾਰਮਕ ਸਮਾਗਮ ‘ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਅੰਮ੍ਰਿਤ ਸੰਚਾਰ ਦੌਰਾਨ ਪੰਜ ਪਿਆਰਿਆਂ ਦੀ ਹਜ਼ੂਰੀ ‘ਚ 250 ਦੇ ਕਰੀਬ ਪ੍ਰਾਣੀਆਂ ਨੂੰ ਅੰਮ੍ਰਿਤ ਦੀ ਦਾਤ ਦਿੱਤੀ ਗਈ, ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਗੁਰੂ ਸਾਹਿਬਾਨ ਵੱਲੋਂ ਵਿਖਾਏ ਜ਼ਿੰਦਗੀ ਦੇ ਅਸਲ ਮਾਰਗ ‘ਤੇ ਚੱਲਣ ਦਾ ਸੰਕਲਪ ਵੀ ਲਿਆ।
ਇਸ ਮੌਕੇ ਅੰਮ੍ਰਿਤ ਦਾਤ ਹਾਸਲ ਕਰਨ ਵਾਲੇ ਪ੍ਰਾਣੀਆਂ ਨੂੰ ਪ੍ਰੇਰਨਾ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਨਾਲ ਜੁੜ ਕੇ ਬਾਣੀ ਅਤੇ ਬਾਣੀ ਨਾਲ ਜੁੜ ਕੇ ਹੀ ਪਰਉਪਕਾਰੀ ਗੁਰੂ ਨਾਲ ਸਾਂਝ ਪਾ ਕੇ ਆਪਣੇ ਜੀਵਨ ਨੂੰ ਸਫਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜ ਕੇ ਹਰ ਮਨੁੱਖ ਸਮਾਜ ਦੇ ਕਲਿਆਣ ਅਤੇ ਮਨੁੱਖਤਾ ਦੇ ਭਲੇ ਵਾਲੇ ਕਾਰਜਾਂ ‘ਚ ਆਪਣਾ ਸਹਿਯੋਗ ਦੇਵੇ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦੇ ਭਵਸਾਗਰ ਨੂੰ ਪਾਰ ਕਰਨ ਲਈ ਸਾਰਿਆਂ ਨੂੰ ਸ਼ਬਦ ਗੁਰੂ ਦਾ ਓਟ ਆਸਰਾ ਲੈਂਦੇ ਹੋਏ ਸਮਾਜ ਦੇ ਕਲਿਆਣਕਾਰੀ ਕੰਮਾਂ ‘ਚ ਯੋਗਦਾਨ ਪਾ ਕੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਏ ਮਿਸ਼ਨ ਕਿਰਤ ਕਰੋ, ਵੰਡੋ ਛਕੋ ਅਤੇ ਨਾਮ ਜਪੋ ਦੇ ਮਿਸ਼ਨ ਨੂੰ ਹੋਰ ਅੱਗੇ ਲਿਜਾਇਆ ਸਕਦਾ ਹੈ।
ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸੰਗਤਾਂ ਨੂੰ ਪ੍ਰੇਰਨਾ ਦਿੱਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਮੁਹਿੰਮ ਗੁਰਮਤਿ ਸਮਾਗਮਾਂ ਰਾਹੀਂ ਚਲਾਈ ਜਾ ਰਹੀ ਹੈ, ਜਿਸ ‘ਚ ਵੱਧ ਚੜ੍ਹਕੇ ਸ਼ਿਰਕਤ ਕਰਦੇ ਹੋਏ ਸਾਨੂੰ ਗੁਰੂ ਵਾਲੇ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਖਾਲਸਾ ਦੀ ਸਾਜਨਾ ਕਰਕੇ ਮਾਨਵਤਾ ਨੂੰ ਅੰਮ੍ਰਿਤ ਦੀ ਦਾਤ ਸੀ, ਜਿਸ ਨੂੰ ਧਾਰਨ ਕਰਦੇ ਹੋਏ ਸਾਰਿਆਂ ਨੂੰ ਸੰਤ ਸਿਪਾਹੀ ਬਣਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਹਰ ਔਖੇ ਕਾਰਜ ਦੀ ਸਫਲਤਾ ਲਈ ਪਰਉਪਕਾਰੀ ਗੁਰੂ ਹੀ ਅੰਗ ਸੰਗ ਸਹਾਈ ਹੁੰਦੇ ਹਨ। ਇਸ ਦੌਰਾਨ ਪੰਜ ਪਿਆਰਿਆਂ ਵੱਲੋਂ ਜਿਥੇ ਪ੍ਰਾਣੀਆਂ ਨੂੰ ਅੰਮ੍ਰਿਤ ਦੀ ਦਾਤ ਦਿੱਤੀ ਗਈ, ਉਥੇ ਉਨ੍ਹਾਂ ਪੰਜ ਕੰਕਾਰਾਂ, ਰਹਿਤ ਮਰਿਯਾਦਾ ਅਤੇ ਨਿਤਨੇਮ ਬਣਨ ਲਈ ਵੀ ਪ੍ਰੇਰਨਾ ਦਿੱਤੀ।
ਇਸ ਮੌਕੇ ਮੈਨੇਜਰ ਗੁਰਲਾਲ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਸੁਪਰਵਾਈਜ਼ਰ ਮਨਪ੍ਰੀਤ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਸਟਾਫ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *