ਪਟਿਆਲਾ

ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਹਫ਼ਤੇ ਵਿੱਚ ਦੋ ਵਾਰ ਫੌਗਿੰਗ ਕਰਨ ਦੇ ਆਦੇਸ਼

ਸਿਹਤ ਵਿਭਾਗ ਨੇ ਮਾਰਚ ਮਹੀਨੇ ਅੰਦਰ 14 ਹਜ਼ਾਰ 379 ਖ਼ੂਨ ਦੇ ਲਏ ਸੈਂਪਲ
ਹਰੇਕ ਸ਼ੁੱਕਰਵਾਰ ਖੜ੍ਹੇ ਪਾਣੀ ਵਾਲੇ ਸਥਾਨਾਂ ਨੂੰ ਕੀਤਾ ਜਾਵੇ ਸਾਫ਼ – ਸਿਵਲ ਸਰਜਨ
ਪਟਿਆਲਾ, 24 ਅਪ੍ਰੈਲ (ਮਧੂਸਾਰ ਬਿਊਰੋ) ਗਰਮੀਆਂ ਦੇ ਮੌਸਮ ਦੀ ਸ਼ੁਰੂਆਤ ਨਾਲ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗੇਤੇ ਪ੍ਰਬੰਧਾਂ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਪੂਨਮਦੀਪ ਕੌਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਲੇਰੀਏ ਦੀ ਰੋਕਥਾਮ ਲਈ ਹਫ਼ਤੇ ਵਿੱਚ ਦੋ ਵਾਰ ਫੌਗਿੰਗ ਗੱਡੀਆਂ ਰਾਹੀਂ ਫੌਗਿੰਗ ਦਾ ਕੰਮ ਸ਼ੁਰੂ ਕੀਤਾ ਜਾਵੇ ਅਤੇ ਜਿਹੜੇ ਖੇਤਰਾਂ ਵਿੱਚ ਫੌਗਿੰਗ ਗੱਡੀਆਂ ਨਹੀਂ ਜਾਂਦੀ ਉਥੇ ਛੋਟੀਆਂ ਮਸ਼ੀਨਾਂ ਨਾਲ ਫੌਗਿੰਗ ਕੀਤੀ ਜਾਵੇ।
ਇਸ ਮੌਕੇ ਸਿਵਲ ਸਰਜਨ ਸ਼੍ਰੀ ਹਰੀਸ਼ ਮਲਹੋਤਰਾ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਮਲੇਰੀਏ ਅਤੇ ਡੇਂਗੂ ਦੀ ਰੋਕਥਾਮ ਲਈ ਹਫ਼ਤੇ ਵਿੱਚ ਇੱਕ ਦਿਨ ਆਪਣੇ ਘਰ ਵਿੱਚ ਪਾਣੀ ਖੜਨ ਵਾਲੇ ਸਥਾਨਾਂ ਨੂੰ ਸਾਫ਼ ਕੀਤਾ ਜਾਵੇ, ਉਨ੍ਹਾਂ ਸਿਹਤ ਵਿਭਾਗ ਵੱਲੋਂ ਹਰੇਕ ਸ਼ੁੱਕਰਵਾਰ ਨੂੰ ਖੜ੍ਹੇ ਪਾਣੀ ਨੂੰ ਸਾਫ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਮੀਟਿੰਗ ਦੌਰਾਨ ਦੱਸਿਆਂ ਕਿ ਰਾਸ਼ਟਰੀ ਵੈਕਟਰ ਬੋਰਨ ਡਜ਼ੀਜ ਕੰਟਰੋਲ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਨੇ ਮਾਰਚ ਮਹੀਨੇ ਅੰਦਰ 14 ਹਜ਼ਾਰ 379 ਖ਼ੂਨ ਦੇ ਸੈਂਪਲ ਚੈਕ ਕੀਤੇ ਅਤੇ ਕਿਸੇ ਵੀ ਸੈਂਪਲ ਵਿੱਚ ਮਲੇਰੀਆ ਅਤੇ ਡੇਂਗੂ ਦਾ ਕੋਈ ਵੀ ਕੇਸ ਨਹੀਂ ਪਾਇਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿੱਚ ਜਾਕੇ ਵਿਦਿਆਰਥੀਆਂ ਨੂੰ ਖੜ੍ਹੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਮੈਡੀਕਲ ਚੈਕਅਪ ਵੀ ਕਰਨ, ਤਾਂ ਜੋ ਬਿਮਾਰੀ ਲੱਗਣ ਤੋਂ ਪਹਿਲਾਂ ਹੀ ਬਿਮਾਰੀ ਦੀ ਰੋਕਥਾਮ ਕੀਤੀ ਜਾ ਸਕੇ।
ਇਸ ਮੌਕੇ ਐਸ.ਡੀ.ਐਮ. ਪਟਿਆਲਾ ਸ. ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਪਾਤੜਾਂ ਸ਼੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਰਾਜਪੁਰਾ ਸ਼੍ਰੀ ਸੰਜੀਵ ਕੁਮਾਰ, ਐਸ.ਡੀ.ਐਮ. ਸਮਾਣਾ ਸ਼੍ਰੀ ਅਰਵਿੰਦ ਕੁਮਾਰ, ਸਹਾਇਕ ਕਮਿਸ਼ਨਰ ਇਨਾਇਤ ਗੁਪਤਾ, ਸਹਾਇਕ ਸਿਵਲ ਸਰਜਨ ਡਾ. ਸ਼ੈਲੀ ਜੇਤਲੀ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਵਿੰਦਰ ਸਿੰਘ, ਡਾ. ਸੁਧਾ ਗਰੋਵਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *