ਦੇਸ਼-ਵਿਦੇਸ਼ਪੰਜਾਬਪਟਿਆਲਾ

ਪੰਜਾਬ ਬੋਰਡ ਦੇ ਸਿਲੇਬਸ ਦੀ ਕਿਤਾਬ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਸਖ਼ਤ ਰੁਖ਼ ਅਪਨਾਏਗੀ

ਜੇਕਰ 10 ਦਿਨਾਂ ‘ਚ ਕਿਤਾਬ ਵਾਪਸ ਨਾ ਲਈ ਤਾਂ 19 ਮਈ ਨੂੰ ਸੱਦਿਆ ਜਾਵੇਗਾ ਪੰਥਕ ਇਕੱਠ -ਭਾਈ ਲੌਂਗੋਵਾਲ
ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਦੌਰਾਨ ਵਿਸ਼ੇਸ਼ ਮਤੇ ਨੂੰ ਦਿੱਤੀ ਪ੍ਰਵਾਨਗੀ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ, ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਸਾਹਿਬਾਨ ਦੀ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕ ਵਿਸ਼ੇਸ਼ ਇਕੱਤਰਤਾ ਹੋਈ।

ਇਕੱਤਰਤਾ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ ਗਈ ਕਿ ਜੇਕਰ ਉਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਦੇ ਇਤਿਹਾਸ ਦੇ ਸਿਲੇਬਸ ਲਈ ਤਿਆਰ ਕੀਤੀ ਪੁਸਤਕ ਨੂੰ 10 ਦਿਨਾਂ ਦੇ ਅੰਦਰ-ਅੰਦਰ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਕਮੇਟੀ 19 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮੂਹ ਪੰਥਕ ਜਥੇਬੰਦੀਆਂ ਦਾ ਵਿਸ਼ਾਲ ਇਕੱਠ ਬੁਲਾ ਕੇ ਸਖ਼ਤ ਫੈਸਲਾ ਲਵੇਗੀ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਨੌਜੁਆਨੀ ਨੂੰ ਪੰਜਾਬ ਅਤੇ ਸਿੱਖ ਕੌਮ ਦੇ ਇਤਿਹਾਸ ਨਾਲੋਂ ਤੋੜਨ ਦੀ ਰਚੀ ਗਈ ਸਾਜ਼ਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਅੱਜ ਦੀ ਇਕੱਤਰਤਾ ਵਿਚ ਹਾਜ਼ਰ ਮੈਂਬਰਾਂ ਨੇ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂਬਰ ਸਾਹਿਬਾਨ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਹਰ ਸੰਘਰਸ਼ ਵਿਚ ਮੋਹਰੀ ਰੋਲ ਅਦਾ ਕਰਨ ਦੀ ਇਕਸੁਰਤਾ ਦਿਖਾਈ ਹੈ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਨਿੱਜੀ ਪ੍ਰਕਾਸ਼ਕਾਂ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਸਿਲੇਬਸ ਦੀਆਂ ਸਹਾਇਕ ਪੁਸਤਕਾਂ ਸਬੰਧੀ ਵੀ ਸ਼੍ਰੋਮਣੀ ਕਮੇਟੀ ਇਕ ਸਬ-ਕਮੇਟੀ ਦਾ ਗਠਨ ਕਰੇਗੀ ਜੋ ਹਰ ਪੁਸਤਕ ‘ਤੇ ਆਪਣੀ ਨਜ਼ਰ ਰੱਖੇਗੀ।
ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਇਕ ਵਿਸ਼ੇਸ਼ ਮਤਾ:
ਇਕੱਤਰਤਾ ਦੌਰਾਨ ਮੈਂਬਰ ਸਾਹਿਬਾਨ ਦੇ ਵਿਚਾਰ ਜਾਣਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਵਿਸ਼ੇਸ਼ ਮਤਾ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਮਤੇ ਵਿਚ ਕਿਹਾ ਗਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਜਾਣ-ਬੁੱਝ ਕੇ ਸਿੱਖਾਂ ਦੀ ਵਿਲੱਖਣ ਹੋਂਦ ਹਸਤੀ, ਨਿਆਰੇਪਨ, ਸਿੱਖ ਵਿਰਸੇ-ਵਿਰਾਸਤ ਅਤੇ ਸਿੱਖਾਂ ਦੇ ਸ਼ਾਨਾਮੱਤੇ ਇਤਿਹਾਸ ਨਾਲੋਂ ਪੰਜਾਬ ਦੀ ਨੌਜੁਆਨੀ ਨੂੰ ਤੋੜਨ ਦਾ ਨਾ-ਬਰਦਾਸ਼ਤਯੋਗ ਕਾਰਜ ਕੀਤਾ ਹੈ। ਪਹਿਲਾਂ ਕੇਂਦਰ ਦੀ ਕਾਂਗਰਸ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੰਸਥਾ ਤੇ ਸਿਧਾਂਤ ਨੂੰ ਨੇਸਤੋ-ਨਾਬੂਦ ਕਰਨ ਲਈ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕੀਤਾ, ਜਿਸ ਵਿਚ ਸਿੱਖ ਦਾ ਬੇਤਹਾਸ਼ਾ ਜਾਨੀ-ਮਾਲੀ ਨੁਕਸਾਨ ਹੋਇਆ। ਹੁਣ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਿੱਧ ਸਿਧਾਂਤਾਂ, ਸਿੱਖ ਸੰਸਥਾਵਾਂ, ਸਿੱਖ ਸੱਭਿਆਚਾਰ ਅਤੇ ਸਿੱਖ ਇਤਿਹਾਸ ਨੂੰ ਤਹਿਸ-ਨਹਿਸ ਕਰਨ ਲਈ ਘਨੋਣੀ ਕਾਰਵਾਈ ਕਰਦਿਆਂ ਬਾਰ੍ਹਵੀਂ ਦੇ ਸਿਲੇਬਸ ਅਤੇ ਪਾਠਕ੍ਰਮ ਵਿੱਚੋਂ ਗੁਰ ਇਤਿਹਾਸ, ਸਿੱਖ ਇਤਿਹਾਸ ਤੇ ਪੰਜਾਬ ਦੀ ਵਿਰਾਸਤ ਨੂੰ ਖ਼ਤਮ ਕਰਕੇ ਸਿੱਖਾਂ ‘ਤੇ ਕੌਮੀ ਹਮਲਾ ਕੀਤਾ ਹੈ।ਪੰਜਾਬ ਗੁਰੂ ਸਾਹਿਬਾਨ ਦੇ ਨਾਂ ‘ਤੇ ਵੱਸਦਾ ਹੈ ਅਤੇ ਜੇਕਰ ਪੰਜਾਬ ਦੇ ਇਤਿਹਾਸ ਵਿੱਚੋਂ ਗੁਰ ਇਤਿਹਾਸ ਤੇ ਸਿੱਖ ਇਤਿਹਾਸ ਕੱਢ ਦੇਈਏ ਤਾਂ ਇਹ ਪੰਜਾਬ ਦਾ ਇਤਿਹਾਸ ਨਹੀਂ ਕਿਹਾ ਜਾ ਸਕਦਾ। ਭਾਰਤ ਦੇ ਸੱਭਿਆਚਾਰ ਨੂੰ ਬਚਾਉਣ ਲਈ ਸਿੱਖ ਕੌਮ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਨੂੰ ਵਿਸਾਰ ਕੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਬਾਰ੍ਹਵੀਂ ਜਮਾਤ ਦੇ ਸਿਲੇਬਸ ਦੀ ਤਿਆਰ ਕੀਤੀ ਇਤਿਹਾਸ ਦੀ ਪੁਸਤਕ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਮਤੇ ਰਾਹੀਂ ਮੰਗ ਕੀਤੀ ਗਈ ਕਿ ਨਵੀਂ ਪੁਸਤਕ ‘ਤੇ ਤੁਰੰਤ ਰੋਕ ਲਗਾ ਕੇ ਸਰਕਾਰ ਪਹਿਲਾਂ ਵਾਲੇ ਸਿਲੇਬਸ ਨੂੰ ਲਾਗੂ ਕਰੇ ਅਤੇ ਇਸ ਦੇ ਨਾਲ ਹੀ ਇਸ ਸਾਜ਼ਿਸ਼ ਵਿਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਮਤੇ ਵਿਚ ਇਹ ਵੀ ਮੰਗ ਕੀਤੀ ਗਈ ਕਿ ਪੰਜਾਬ ਅੰਦਰ ਪਹਿਲੀ ਜਮਾਤ ਤੋਂ ਲੈ ਕੇ ਐਮ.ਏ. ਤੱਕ ਦੇ ਸਿਲੇਬਸ ਵਿਚ ਵਿਦਿਆਰਥੀਆਂ ਦੇ ਬੌਧਿਕ ਪੱਧਰ ਅਨੁਸਾਰ ਸਿੱਖ ਕੌਮ ਦਾ ਇਤਿਹਾਸ ਲਾਜ਼ਮੀ ਕੀਤਾ ਜਾਵੇ। ਇਸ ਤੋਂ ਇਲਾਵਾ ਸਿਲੇਬਸ ਕਮੇਟੀਆਂ ਵਿਚ ਸਿੱਖ ਇਤਿਹਾਸਕਾਰ ਮੈਂਬਰ ਲਏ ਜਾਣ। ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਇਲਾਵਾ ਹੋਰ ਬੋਰਡ ਅਤੇ ਬਾਹਰਲੇ ਸੂਬਿਆਂ ਦੇ ਬੋਰਡ ਵੀ ਸਿੱਖ ਇਤਿਹਾਸ ਨੂੰ ਸਿਲੇਬਸ ਦਾ ਹਿੱਸਾ ਬਣਾਉਣ, ਤਾਂ ਕਿ ਸਮੁੱਚੇ ਭਾਰਤੀ ਵਾਸੀ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਤੇ ਸਿੱਖ ਕੌਮ ਦੇ ਗੌਰਵਮਈ ਵਿਰਸੇ ਤੋਂ ਜਾਣੂ ਹੋ ਸਕਣ। ਮਤੇ ਰਾਹੀਂ ਸਮੂਹ ਸੰਸਾਰ ਦੇ ਸਿੱਖਾਂ, ਬੁੱਧੀਜੀਵੀਆਂ, ਲੇਖਕਾਂ, ਪੰਥ ਹਿਤੈਸ਼ੀਆਂ, ਧਾਰਮਿਕ ਸਮਾਜਿਕ ਆਗੂਆਂ, ਕੌਮੀ ਦਰਦੀਆਂ ਨੂੰ ਅਪੀਲ ਕੀਤੀ ਗਈ ਕਿ ਆਪਸੀ ਦੂਸ਼ਣਬਾਜ਼ੀ ਤੋਂ ਗੁਰੇਜ਼ ਕੀਤਾ ਜਾਵੇ ਅਤੇ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਸਿੱਖ ਮਰਯਾਦਾ ਦੀ ਪ੍ਰਮਾਣਿਕਤਾ ਨੂੰ ਚਨੌਤੀ ਦੇਣ ਵਾਲੇ ਵਿਅਕਤੀ ਨਿੱਜੀ ਹਿੱਤਾਂ ਤੋਂ ਉਪਰ ਉਠ ਕੇ ਕੌਮ ਦੀ ਚੜ੍ਹਦੀ ਕਲਾ ਲਈ ਉਸਾਰੂ ਪਹੁੰਚ ਅਪਨਾਉਣ।

Leave a Reply

Your email address will not be published. Required fields are marked *