ਪੰਜਾਬ

ਸੁਖਬੀਰ ਜ਼ਮੀਨੀ ਹਕੀਕਤਾਂ ਤੋਂ ਕੋਰਾ : ਸਰਕਾਰੀਆ

ਝੱਖੜ ਨਾਲ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਜਾਰੀ
ਚੰਡੀਗੜ੍ਹ, 23 ਮਈ (ਮਧੂਸਾਰ ਬਿਊਰੋ) ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਿਸਾਨਾਂ ਪ੍ਰਤੀ ਜਾਗੇ ਸੱਜਰੇ ਹੇਜ਼ ਬਾਰੇ ਕਿਹਾ ਕਿ ਹੁਣ ਸੁਖਬੀਰ ਨੂੰ ਕਿਸਾਨਾਂ ਦਾ ਬਹੁਤਾ ਫਿਕਰ ਹੋ ਰਿਹਾ ਹੈ ਪਰ ਉਹ ਜ਼ਮੀਨੀ ਹਕੀਕਤਾਂ ਤੋਂ ਬਿਲਕੁਲ ਕੋਰਾ ਹੈ।

ਇੱਥੋਂ ਜਾਰੀ ਬਿਆਨ ਵਿਚ ਸ੍ਰੀ ਸਰਕਾਰੀਆ ਨੇ ਕਿਹਾ ਕਿ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਕਿ ਸੁਖਬੀਰ ਵਰਗਾ ਆਗੂ ਹੁਣ ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰ ਰਿਹਾ ਹੈ, ਜੋ ਕੇਵਲ ਸੱਤ ਸਿਤਾਰਾ ਹੋਟਲਾਂ ਵਿਚ ਬਹਿ ਕੇ ਕਾਰੋਬਾਰ ਕਰਦਾ ਹੈ।ਉਨ੍ਹਾਂ ਤਿੱਖੇ ਸ਼ਬਦਾਂ ਵਿਚ ਕਿਹਾ ਕਿ ਸ਼ਾਹਕੋਟ ਜ਼ਿਮਨੀ ਚੋਣ ਸਿਰ `ਤੇ ਹੋਣ ਕਾਰਣ ਸੁਖਬੀਰ ਕਿਸਾਨਾਂ ਲਈ ਮਗਰਮੱਛ ਵਾਲੇ ਹੰਝੂ ਕੇਰ ਰਿਹਾ ਹੈ ਪਰ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾ ਰਾਜ ਦੌਰਾਨ ਸਾਬਕਾ ਉੱਪ ਮੁੱਖ ਮੰਤਰੀ ਨੇ ਕਦੇ ਵੀ ਕਿਸੇ ਕਿਸਾਨ ਦੇ ਖੇਤ ਵਿਚ ਪੈਰ ਨਹੀਂ ਪਾਇਆ ਅਤੇ ਹੁਣ ਡਰਾਮੇ ਕਰ ਰਿਹਾ ਹੈ।
ਸੁਖਬੀਰ ਵੱਲੋਂ ਦਿੱਤੇ ਬਿਆਨ ਕਿ ਪੰਜਾਬ ਸਰਕਾਰ ਨੇ ਝੱਖੜ ਕਾਰਨ ਖਰਬੂਜ਼ਾ ਉਤਪਾਦਕ ਕਿਸਾਨਾਂ ਦੀ ਖਰਾਬ ਹੋਈ ਫਸਲ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਕਿਸੇ ਗਿਰਦਾਵਰੀ ਦੇ ਹੁਕਮ ਦਿੱਤੇ ਹਨ, ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ਸ੍ਰੀ ਸਰਕਾਰੀਆ ਨੇ ਕਿਹਾ ਕਿ ਉਨ੍ਹਾਂ ਨੂੰ ਸੁਖਬੀਰ ਵਰਗੇ ਆਗੂ ਵੱਲੋਂ ਦਿੱਤਾ ਇਹ ਬਿਆਨ ਬਹੁਤ ਬਚਕਾਨਾ ਲੱਗ ਰਿਹਾ ਹੈ। ਮਾਲ ਮੰਤਰੀ ਨੇ ਕਿਹਾ ਕਿ ਇਕ ਸਿਆਸੀ ਪਾਰਟੀ ਦੇ ਪ੍ਰਧਾਨ ਨੂੰ ਇਹ ਵੀ ਨਹੀਂ ਪਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2 ਮਈ ਨੂੰ ਹੀ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰਕੇ 5254 ਏਕੜ ਦੀ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਸਨ, ਜਿੱਥੇ ਕਿ ਕਿਸਾਨਾਂ ਦੀ ਖਰਬੂਜ਼ੇ ਦੀ ਫਸਲ ਨੂੰ ਨੁਕਸਾਨ ਪੁੱਜਾ ਹੈ। ਉਨ੍ਹਾਂ ਕਿਹਾ ਕਿ ਸ਼ਾਹਕੋਟ ਜ਼ਿਮਨੀ ਚੋਣ ਸਬੰਧੀ ਲੱਗਿਆ ਚੋਣ ਜ਼ਾਬਤਾ ਖਤਮ ਹੁੰਦੇ ਸਾਰ ਹੀ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਜਾਵੇਗਾ।
ਉਨ੍ਹਾਂ ਸੁਖਬੀਰ `ਤੇ ਤਨਜ਼ ਕੱਸਦਿਆਂ ਕਿਹਾ ਕਿ ਜੇਕਰ ਤੁਹਾਨੂੰ ਕਿਸੇ ਗੱਲ ਦਾ ਪਤਾ ਨਹੀਂ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਸਾਡੀ ਸਰਕਾਰ ਕੁਝ ਕਰ ਨਹੀਂ ਰਹੀ ਹੈ। ਸ੍ਰੀ ਸਰਕਾਰੀਆ ਨੇ ਕਿਹਾ ਕਿ ਗਿਰਦਾਵਰੀ ਸਬੰਧੀ ਕੰਮ ਚੱਲ ਰਿਹਾ ਹੈ ਅਤੇ ਕੁਝ ਹੀ ਦਿਨਾਂ ਵਿਚ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਾਹਕੋਟ ਜ਼ਿਮਨੀ ਚੋਣ ਵਿਚ ਦਿਖ ਰਹੀ ਸਪੱਸ਼ਟ ਹਾਰ ਤੋਂ ਬੌਖਲਾਇਆ ਸੁਖਬੀਰ ਕਿਸਾਨਾਂ ਨੂੰ ਜਾਣਬੁੱਝ ਕੇ ਗੁੰਮਰਾਹ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਇਹ ਕਿਵੇਂ ਭੁੱਲ ਸਕਦਾ ਹੈ ਕਿ ਜ਼ਿਮਨੀ ਚੋਣ ਦੌਰਾਨ ਨਾ ਤਾਂ ਮੁਆਵਜ਼ੇ ਸਬੰਧੀ ਕੋਈ ਐਲਾਨ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਕੋਈ ਮੁਆਵਜ਼ਾਂ ਉਦੋਂ ਤੱਕ ਦਿੱਤਾ ਜਾ ਸਕਦਾ ਹੈ ਜਦੋਂ ਤੱਕ ਕਿ ਚੋਣ ਜ਼ਾਬਤਾ ਖਤਮ ਨਹੀਂ ਹੋ ਜਾਂਦਾ।
ਮਾਲ ਮੰਤਰੀ ਨੇ ਕਿਹਾ ਕਿ ਮੁਆਵਜ਼ਾ ਸਿਰਫ ਖਰਬੂਜ਼ਾ ਉਤਪਾਦਕ ਕਿਸਾਨਾਂ ਨੂੰ ਹੀ ਨਹੀਂ ਬਲਕਿ ਉਨ੍ਹਾਂ ਮੱਕੀ ਕਾਸ਼ਤਕਾਰ ਕਿਸਾਨਾਂ ਨੂੰ ਵੀ ਦਿੱਤਾ ਜਾਵੇਗਾ ਜਿਨ੍ਹਾਂ ਦੀ ਫਸਲ ਝੱਖੜ-ਤੂਫਾਨ ਕਾਰਨ ਖਰਾਬ ਹੋਈ ਹੈ। ਸ੍ਰੀ ਸਰਕਾਰੀਆ ਨੇ ਕਿਹਾ ਕਿ ਸੁਖਬੀਰ ਨੂੰ ਜੇਕਰ ਕਿਸਾਨਾਂ ਦੇ ਭਲੇ ਦੀ ਬਹੁਤੀ ਹੀ ਚਿੰਤਾ ਸੀ ਤਾਂ ਉਹ ਖਰਬੂਜ਼ਾ ਉਤਪਾਦਕਾਂ ਦੇ ਨਾਲ-ਨਾਲ ਮੱਕੀ ਉਤਪਾਦਕ ਕਿਸਾਨਾਂ ਦੀ ਵੀ ਗੱਲ ਕਰਦਾ ਪਰ ਸੁਖਬੀਰ ਨੇ ਤਾਂ ਸਿਰਫ ਸਿਆਸੀ ਲਾਹਾ ਲੈਣ ਲਈ ਹੀ ਇਹ ਬਿਆਨ ਦਿੱਤਾ ਸੀ ਅਤੇ ਮੈਂ ਉਸਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਉਹ ਪਹਿਲਾਂ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਹੋਵੇ ਅਤੇ ਫੇਰ ਬਿਆਨਬਾਜ਼ੀ ਕਰੇ, ਬਾਕੀ ਰਹੀ ਗੱਲ ਸ਼ਾਹਕੋਟ ਜ਼ਿਮਨੀ ਚੋਣ ਦੀ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਕੰਧ `ਤੇ ਲਿਖੀ ਜਾ ਚੁੱਕੀ ਹੈ।

Leave a Reply

Your email address will not be published. Required fields are marked *