ਪੰਜਾਬਪਟਿਆਲਾ

ਅਕਾਲੀ-ਭਾਜਪਾ ਸਰਕਾਰ ਨੇ ਕਰਵਾਏ ਥਰਮਲ ਪਲਾਂਟ ਬੰਦ : ਗੁਰਪ੍ਰੀਤ ਕਾਂਗੜ

ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਅਹੁਦਾ ਦਾ ਕਾਰਜਭਾਰ ਸੰਭਾਲਿਆ
ਪੈਡੀ ਸੀਜ਼ਨ ‘ਚ ਦੇਵਾਂਗੇ ਬਿਜਲੀ ਦੀ ਨਿਰਵਿਘਨ ਸਪਲਾਈ : ਚੇਅਰਮੈਨ
ਭਵਿੱਖ ‘ਚ ਬੋਰਡ ਨੂੰ ਮਿਲੇਗੀ ਚੰਗੀ ਪੁਜੀਸ਼ਨ, ਕਮੀਆਂ ਹੋਣਗੀਆਂ ਦੂਰ : ਪ੍ਰਨੀਤ ਕੌਰ
ਪਟਿਆਲਾ 6 ਜੂਨ (ਕੰਵਰ ਬੇਦੀ/ਮਧੂਸਾਰ ਬਿਊਰੋ) ਪੰਜਾਬ ਰਾਜ ਬਿਜਲੀ ਬੋਰਡ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਆਪਣੇ ਅਹੁਦਾ ਦਾ ਕਾਰਜਭਾਰ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਦੌਰਾਨ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਅਤੇ ਪਾਵਰਕਾਮ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੂੰ ਮਿੱਠਾ ਕਰਵਾਕੇ ਅਹੁਦੇ ‘ਤੇ ਬਿਠਾਇਆ।
ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਬਿਜਲੀ ਬੋਰਡ ਦਾ ਚੇਅਰਮੈਨ ਬਲਦੇਵ ਸਿੰਘ ਸਰਾਂ ਨੂੰ ਲਗਾਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਦੂਰ ਅੰਦੇਸ਼ੀ ਸੋਚ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਉਹ ਧੰਨਵਾਦ ਕਰਦੇ ਹਨ। ਸ. ਕਾਂਗੜ ਨੇ ਕਿਹਾ ਕਿ ਬੋਰਡ ‘ਚ ਟੈਕਨੀਕਲ ਇੰਜੀਨੀਅਰ ਲਗਾਏ ਜਾਣ ਦੀ ਮੰਗ ਲੰਮੇ ਸਮੇਂ ਤੋਂ ਚੱਲਦੀ ਆ ਰਹੀ ਸੀ। ਉਨ੍ਹਾਂ ਕਿਹਾ ਕਿ ਚੇਅਰਮੈਨ ਬਲਦੇਵ ਸਿੰਘ ਸਰਾਂ ਬੋਰਡ ‘ਚ ਵੱਖ-ਵੱਖ ਅਹੁਦਿਆਂ ‘ਤੇ ਬੇਹਤਰੀਨ ਸੇਵਾਵਾਂ ਨਿਭਾ ਚੁੱਕੇ ਹਨ, ਜੋ ਸਮੇਂ ਦੀਆਂ ਚੁਣੌਤੀਆਂ ਦਾ ਹੱਲ ਕੱਢਣ ‘ਚ ਕਾਮਯਾਬ ਰਹਿਣਗੇ। ਸ. ਕਾਂਗੜ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅਤੇ ਪੰਜਾਬ ਸਰਕਾਰ ਅਤੇ ਬੋਰਡ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦਾ ਹੱਲ ਭਵਿੱਖ ‘ਚ ਕੱਢ ਲਿਆ ਜਾਵੇਗਾ।
ਇਕ ਸਵਾਲ ਦਾ ਜਵਾਬ ਦਿੰਦਿਆਂ ਸ. ਕਾਂਗੜ ਨੇ ਕਿਹਾ ਕਿ ਥਰਮਲ ਪਲਾਂਟ ਦਾ ਬੰਦ ਕੀਤੇ ਜਾਣ ਦਾ ਫੈਸਲਾ ਅਕਾਲੀ-ਭਾਜਪਾ ਸਰਕਾਰ ਨੇ ਕੀਤਾ, ਜਿਸ ਨੂੰ ਮੌਜੂਦਾ ਸਰਕਾਰ ਨੇ ਇਨ-ਬਿਨ ਲਾਗੂ ਕੀਤਾ ਹੈ। ਮੰਤਰੀ ਕਾਂਗੜ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਨਜਿੱਠਣ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੈਪਟਨ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਚੇਅਰਮੈਨ ਬਲਦੇਵ ਸਿੰਘ ਸਰਾਂ ਦੀ ਨਿਯੁਕਤੀ ਬਿਜਲੀ ਬੋਰਡ ਨੂੰ ਚੰਗੀ ਪੁਜੀਸ਼ਨ ‘ਚ ਲਿਆਉਣ ਲਈ ਕੀਤੀ ਗਈ ਹੈ, ਜਿਨ੍ਹਾਂ ਕੋਲ ਸਮੱਸਿਆਵਾਂ ਨਾਲ ਨਜਿੱਠਣ ਦਾ ਚੰਗਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਵਿਭਾਗੀ ਕਮੀਆਂ ਦੂਰ ਹੋਣ ਨਾਲ ਬੋਰਡ ਆਪਣੀ ਬੇਹਤਰੀਨ ਪੁਜੀਸ਼ਨ ਹਾਸਲ ਕਰ ਲਵੇਗਾ।
ਨਵ ਨਿਯੁਕਤ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਕਿਹਾ ਕਿ ਬੋਰਡ ਕੋਲ ਬਿਜਲੀ ਸਰਪਲੱਸ ਹੈ ਅਤੇ ਪੈਡੀ ਸੀਜਨ ‘ਚ ਬਿਜਲੀ ਦੀ ਨਿਰਵਿਘਨ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੁਣੌਤੀਆਂ ਹਮੇਸ਼ਾ ਬਣੀਆਂ ਰਹਿੰਦੀਆਂ ਹਨ, ਜਿਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਧਰਤੀ ਹੇਠ ਪਾਣੀ ਦੇ ਡਿੱਗ ਰਹੇ ਸਤਰ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਿਜਲੀ ਦੀ ਘਾਟ ਨੂੰ ਮਹਿਸੂਸ ਕਰਦੇ ਹੋਏ ਇਸ ਦੀ ਵਰਤੋਂ ਸੰਜਮ ਨਾਲ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਸੰਜੀਦਾ ਹੱਲ ਕੱਢਣ ਲਈ ਪਾਵਰਕਾਮ ਅਤੇ ਸਰਕਾਰ ਗੰਭੀਰ ਹਨ ਅਤੇ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਨਾਲ ਮਿਲ-ਬੈਠਕੇ ਮਸਲਿਆਂ ਨੂੰ ਨਜਿੱਠਿਆ ਜਾਵੇਗਾ ਤਾਂ ਜੋ ਉੁਨ੍ਹਾਂ ਨੂੰ ਮੰਗਾਂ ਦੀ ਪ੍ਰਾਪਤੀ ਲਈ ਸੜਕਾਂ ‘ਤੇ ਨਾ ਆਉਣਾ ਪਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਐਡਮਿਨ ਆਰ.ਪੀ. ਪਾਂਡਵ, ਚੇਅਰਮੈਨ ਪੀਆਰਟੀਸੀ ਕੇ.ਕੇ ਸ਼ਰਮਾ, ਹਰਿੰਦਰਪਾਲ ਸਿੰਘ ਹੈਰੀਮਾਨ, ਵਿਧਾਇਕ ਹਰਦਿਆਲ ਸਿੰਘ ਕੰਬੋਜ ਤੋਂ ਇਲਾਵਾ ਚੇਅਰਮੈਨ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਈ ਕਾਂਗਰਸੀ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *