ਪਟਿਆਲਾ

ਪਾਵਨ ਸਰੂਪਾਂ ਦੀ ਬੇਅਦਬੀ ਲਈ ਜ਼ਿੰਮੇਵਾਰ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਾ ਜਾਵੇ : ਸਵਰਾਜ ਘੁੰਮਣ

ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਚੁੱਕੇ ਜਾ ਰਹੇ ਕਦਮ ਸ਼ਲਾਘਾਯੋਗ
ਪਟਿਆਲਾ 17 ਜੂਨ (ਮਧੂਸਾਰ ਬਿਊਰੋ) ਸ਼ਿਵ ਸੈਨਾ ਹਿੰਦੁਸਤਾਨ ਮਹਿਲਾ ਸੰਗਠਨ ਦੀ ਸੂਬਾ ਪ੍ਰਧਾਨ ਸਵਰਾਜ ਘੁੰਮਣ ਨੇ ਸੂਬੇ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਜਾ ਰਹੀ ਬੇਅਦਬੀ ਦਾ ਗੰਭੀਰ ਨੋਟਿਸ ਲੈਂਦਿਆਂ ਮੰਗ ਕੀਤੀ ਹੈ ਕਿ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਖਿਲਾਫ਼ ਸਖਤ ਐਕਸ਼ਨ ਲੈਣਾ ਚਾਹੀਦਾ ਹੈ, ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ।

ਸਵਰਾਜ ਘੁੰਮਣ ਨੇ ਕਿਹਾ ਕਿ ਪਿਛਲੀ ਸਰਕਾਰ ਸਮੇਂ ਬਰਗਾੜੀ ਕਾਂਡ ਵਾਪਰਿਆ, ਜਿਸ ਦੀ ਸੱਚਾਈ ਅੱਜ ਤੱਕ ਸਾਹਮਣੇ ਨਹੀਂ ਆ ਸਕੀ। ਉਨ੍ਹਾਂ ਕਿਹਾ ਕਿ ਬੇਹੱਦ ਦੁਖਦਾਈ ਗੱਲ ਹੈ ਕਿ ਅਜੇ ਤੱਕ ਇਹ ਸੱਚਾਈ ਲੋਕਾਂ ਸਾਹਮਣੇ ਨਹੀਂ ਆ ਸਕੀ ਕਿ ਕਿਹੜੇ ਸ਼ਰਾਰਤੀ ਅਨਸਰ ਹਨ ਅਤੇ ਅਜਿਹੇ ਲੋਕਾਂ ਪਿੱਛੇ ਕਿਹੜੀਆਂ ਅਜਿਹੀਆਂ ਤਾਕਤਾਂ ਹਨ, ਜੋ ਪਾਵਨ ਸਰੂਪਾਂ ਦੀ ਬੇਅਦਬੀ ਲਈ ਜ਼ਿੰਮੇਵਾਰ ਹਨ। ਉਨ੍ਹਾਂ ਬੀਤੇ ਦਿਨੀਂ ਰੂਪਨਗਰ ਵਿਖੇ ਵਾਪਰੀ ਤਾਜ਼ਾ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ‘ਚ ਪਾਵਨ ਸਰੂਪਾਂ ਦੀ ਮੁੜ ਬੇਅਦਬੀ ਹੋਈ, ਜੋ ਬੇਹੱਦ ਮੰਦਭਾਗੀ ਘਟਨਾ ਹੈ, ਪਰ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਸਿਲਸਿਲਾ ਜਾਰੀ ਰਹਿਣਾ ਅਫਸੋਸਜਨਕ ਹੈ।
ਸਵਰਾਜ ਘੁੰਮਣ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਬੇਅਦਬੀ ਮਾਮਲੇ ਦੇ ਦੋਸ਼ੀਆਂ ਤੱਕ ਪਹੁੰਚਣ ਅਤੇ ਸੱਚਾਈ ਨੂੰ ਸਾਹਮਣੇ ਲਿਆਉਣ ਲਈ ਫੜੋ-ਫੜੀ ਕੀਤੀ ਜਾ ਰਹੀ ਹੈ, ਪਰ ਸ਼ਰਾਰਤੀ ਅਨਸਰ ਅਜੇ ਵੀ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਤੋਂ ਬਾਜ਼ ਨਹੀਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਵੀ ਅਜਿਹੀ ਮਾਮਲਿਆਂ ਪ੍ਰਤੀ ਗੰਭੀਰਤਾ ਵਿਖਾਉਣੀ ਚਾਹੀਦੀ ਹੈ ਕਿਉਂਕਿ ਗੁਰਦੁਆਰਾ ਪ੍ਰਬੰਧ ਸ਼੍ਰੋਮਣੀ ਕਮੇਟੀ ਅਧੀਨ ਹਨ, ਇਸ ਕਰਕੇ ਅਜਿਹੇ ਪ੍ਰਬੰਧਕ ਹੀ ਗੁਰੂ ਘਰਾਂ ‘ਚ ਨਿਯੁਕਤ ਕੀਤੇ ਜਾਣ ਤਾਂ ਜੋ ਸ਼ਰਾਰਤੀ ਅਨਸਰਾਂ ‘ਤੇ ਵੀ ਨਜ਼ਰ ਰੱਖੀ ਜਾ ਸਕੇ।
ਸਵਰਾਜ ਘੁੰਮਣ ਨੇ ਪੰਜਾਬ ਸਰਕਾਰ, ਪੁਲਿਸ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖਤੀ ਨਾਲ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇ।

Leave a Reply

Your email address will not be published. Required fields are marked *