ਪੰਜਾਬ ਵਿਚ ਨੌਜਵਾਨਾਂ ਲਈ ਖੇਡਾਂ ਦਾ ਮਾਹੌਲ ਸਿਰਜਿਆਂ ਜਾਵੇਗਾ : ਧਰਮਸੋਤ
ਲੋਕਾਂ ਦੀ ਚੰਗੀ ਸਿਹਤ ਲਈ ਸਹਾਈ ਹੋਵੇਗਾ ਤੰਦਰੁਸਤ ਪੰਜਾਬ ਮਿਸ਼ਨ
ਕੁਸ਼ਤੀ ਦੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ
ਸਨੌਰ/ਪਟਿਆਲਾ, 17 ਜੂਨ (ਮਧੂਸਾਰ ਬਿਊਰੋ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦਾ ਮਨੋਰਥ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਦਲਦਲ ਵਿਚ ਕੱਢਕੇ ਖੇਡ ਵੱਲ ਉਤਸ਼ਾਹਤ ਕਰਨਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸਨੌਰ ਨੇੜਲੇ ਪਿੰਡ ਧਰਮਕੋਟ ਵਿਖੇ ਕੁਸ਼ਤੀਆਂ ਦੀ ਚੈਪੀਂਅਨਸ਼ਿਪ ਦੇ ਇਨਾਮ ਵੰਡ ਸਮਾਰੋਹ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੁਸ਼ਤੀ ਪੰਜਾਬ ਦੀਆ ਰਿਵਾਇਤੀ ਖੇਡਾਂ ਵਿਚੋਂ ਇਕ ਹੈ ਅਤੇ ਇਹ ਸਾਨੂੰ ਸਾਡੇ ਵਿਰਸੇ ਨਾਲ ਜੋੜਦੀ ਹੈ, ਉਨ੍ਹਾਂ ਪ੍ਰਬੰਧਕਾਂ ਵਲੋਂ ਕੀਤੇ ਅਜਿਹੇ ਉਪਰਾਲਿਆਂ ਦੀ ਸਰਾਹਨਾ ਕੀਤੀ।
ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਪਹਿਲੇ ਦਿਨ ਤੋਂ ਹੀ ਯਤਨਸ਼ੀਲ ਹੈ ਇਸ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਇਸ ਦੀਆਂ ਕਲਾਸਾਂ ਵੀ ਜੁਲਾਈ ਮਹੀਨੇ ਤੋਂ ਸ਼ੁਰੂ ਕੀਤੀ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੀ ਸਥਾਪਨਾ ਨਾਲ ਪੰਜਾਬ ਵਿਚ ਖੇਡਾਂ ਦੇ ਪੱਧਰ ਵਿਚ ਵੱਡਾ ਸੁਧਾਰ ਆਵੇਗਾ ਅਤੇ ਪੰਜਾਬ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਖੇਡਾਂ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਨਿਰੋਗ ਬਣਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿੱਚ ਪੰਜਾਬ ਸਰਕਾਰ ਦਾ ਸਿਹਤ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸਮੇਤ ਕਈ ਹੋਰ ਮਹੱਤਵਪੂਰਨ ਵਿਭਾਗ ਪੰਜਾਬ ਵਾਸੀਆਂ ਦੀ ਤੰਦਰੁਸਤ ਸਿਹਤ ਲਈ ਲਗਾਤਾਰ ਕਾਰਵਾਈ ਕਰ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਦੇ ਇਸ ਤੰਦਰੁਸਤ ਪੰਜਾਬ ਮਿਸ਼ਨ ਵਿਚ ਵੱਧ ਚੜਕੇ ਹਿੱਸਾ ਪਾਉਣ।
ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਖੇਡਾਂ ਸਰੀਰਕ ਅਤੇ ਮਾਨਸਿਕ ਵਿਕਾਸ ਕਰਦੀਆਂ ਹਨ ਜੋ ਦੇਸ਼ ਦੀ ਤਰੱਕੀ ਵਿੱਚ ਵੱਡਾ ਅਤੇ ਅਹਿਮ ਰੋਲ ਅਦਾ ਕਰਦੀਆਂ ਹਨ। ਉਨ੍ਹਾਂ ਨੋਜਵਾਨਾਂ ਨੂੰ ਖੇਡਾਂ ਵਿਚ ਵੱਧ ਚੜ੍ਹਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪ੍ਰਧਾਨ ਬਾਜੀਗਰ ਗ੍ਰਾਮ ਸੁਧਾਰ ਸਭਾ ਪੰਜਾਬ ਸ. ਉਜਾਗਰ ਸਿੰਘ, ਜੰਗਾ ਰਾਮ, ਸਾਧੂ ਰਾਮ, ਰਾਜ ਸਿੰਘ ਰੰਧਾਵਾ, ਕਾਂਗਰਸੀ ਆਗੂ ਰਾਮ ਰਾਜ, ਸਿਕੰਦਰ ਲਾਲ, ਬਾਗਾ ਰਾਮ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਹਾਜ਼ਰ ਸਨ।

