ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਦੂਰ ਕੀਤੀ ਜਾਵੇਗੀ : ਸੋਨੀ
ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ਵਿਖੇ 2500 ਅਧਿਆਪਕਾਂ ਨੂੰ ਵੰਡਣਗੇ ਨਿਯੁਕਤੀ ਪੱਤਰ
ਚੰਡੀਗੜ੍ਹ, 19 ਜੂਨ (ਮਧੂਸਾਰ ਬਿਊਰੋ) ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਇਸ ਵਾਰ ਕਈ ਸਕੂਲਾਂ ਦੇ ਨਤੀਜੇ ਮਾੜੇ ਆਏ ਹਨ ਅਤੇ ਇਨ੍ਹਾਂ ਨੂੰ ਸੁਧਾਰਨ ਲਈ ਅਧਿਆਪਕਾਂ ਦੀ ਕਮੀ ਨੂੰ ਦੂਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 29 ਜੂਨ ਨੂੰ ਆਪਣੀ ਅੰਮ੍ਰਿਤਸਰ ਦੀ ਫੇਰੀ ਦੌਰਾਨ 2500 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਸਾਰੇ ਅਧਿਆਪਕ ਸਰਕਾਰ ਵੱਲੋਂ ਸਾਰੇ ਵਿਸ਼ਿਆਂ ਵਿੱਚ ਭਰਤੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਵਿੱਚੋਂ 75 ਫੀਸਦੀ ਅਧਿਆਪਕ ਬਾਰਡਰ ਏਰੀਆ ਅਤੇ 25 ਫੀਸਦੀ ਸ਼ਹਿਰੀ ਖੇਤਰ ਵਿੱਚ ਤੈਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਕੂਲਾਂ ਦੀਆਂ ਇਮਾਰਤਾਂ ਦੀ ਮੁਰੰਮਤ ਲਈ 100 ਕਰੋੜ ਰੁਪਏ ਰੱਖੇ ਗਏ ਹਨ ਅਤੇ ਜਿਹੜੇ ਵੀ ਸਕੂਲਾਂ ਵਿੱਚ ਕਮਰਿਆਂ ਦੀ ਘਾਟ ਹੈ, ਉਸ ਨੂੰ ਦੂਰ ਕੀਤਾ ਜਾਵੇਗਾ।
ਸ੍ਰੀ ਸੋਨੀ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਰਾਜ ਦੇ ਸਾਰੇ ਸਕੂਲਾਂ ਵਿੱਚ ਪਹਿਲਾ ਪੀਰੀਅਡ ਖੇਡਾਂ ਦਾ ਹੋਵੇਗਾ ਤਾਂ ਜੋ ਬੱਚੇ ਮਾਨਸਿਕ ਅਤੇ ਸਰੀਰਕ ਪੱਖੋਂ ਮਜ਼ਬੂਤ ਹੋ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਦੇ ਸਾਰੇ ਸਕੂਲਾਂ ਵਿੱਚ ਕੰਪਿਊਟਰ ਲਾਏ ਜਾਣਗੇ ਤਾਂ ਜੋ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਸ੍ਰੀ ਸੋਨੀ ਨੇ ਦੱਸਿਆ ਕਿ ਅੰਗਰੇਜ਼ੀ ਅਤੇ ਹਿੰਦੀ ਦੇ 1000 ਅਧਿਆਪਕਾਂ ਦੇ ਮਾਮਲੇ ਵਿੱਚ ਅਦਾਲਤ ਨੇ ਰੋਕ ਲਾਈ ਹੋਈ ਹੈ ਅਤੇ ਜਲਦੀ ਅਦਾਲਤੀ ਫੈਸਲਾ ਹੋਣ ਮਗਰੋਂ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਦਾ ਵਧੀਆ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਮਕਸਦ ਸਿੱਖਿਆ, ਸਿਹਤ ਅਤੇ ਵਾਤਾਵਰਣ ਨੂੰ ਠੀਕ ਕਰਨਾ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਤੋਂ ਪਹਿਲਾਂ ਸ੍ਰੀ ਸੋਨੀ ਨੇ ਮੁੱਖ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਪ੍ਰੋਗਰਾਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

