ਕਾਨੂੰਨੀ ਸੇਵਾਵਾਂ ਦਾ ਵਿਸ਼ੇਸ਼ ਕੈਂਪ, 28 ਜੁਲਾਈ ਨੂੰ ਸ਼ੁਤਰਾਣਾ ਵਿਖੇ ਲੱਗੇਗਾ-ਬਾਂਸਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਲੋਕਾਂ ਨੂੰ ਕੈਂਪ ਦਾ ਲਾਭ ਉਠਾਉਣ ਦਾ ਸੱਦਾ
ਪਟਿਆਲਾ, 17 ਜੁਲਾਈ (ਮਧੂਸਾਰ ਬਿਊਰੋ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸੇਵਾਵਾਂ ਦੀ ਜਾਗਰੂਕਤਾ ਬਾਰੇ ਇੱਕ ਵਿਸ਼ੇਸ਼ ਕੈਂਪ ਮਿਤੀ 28 ਜੁਲਾਈ ਨੂੰ ਸ਼ੁਤਰਾਣਾ ਵਿਖੇ ਲਗਾਇਆ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਸ਼ੀਸ਼ ਬਾਂਸਲ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ, ਜਸਟਿਸ ਸ੍ਰੀ ਟੀ.ਪੀ. ਐਸ. ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸ੍ਰੀ ਸੰਜੀਵ ਬੇਰੀ ਦੀ ਅਗਵਾਈ ਹੇਠ ਲਗਾਏ ਜਾਣ ਵਾਲੇ ਇਸ ਕੈਂਪ ਦਾ ਉਦੇਸ਼ ਕਾਨੂੰਨੀ ਸੇਵਾਵਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਬਤ ਵੱਧ ਤੋਂ ਵੱਧ ਜਾਣਕਾਰੀ ਲੋਕਾਂ ਨੂੰ ਦੇਣਾ ਹੈ।
ਸ੍ਰੀ ਬਾਂਸਲ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਵਾਉਣੀ ਅਤੇ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਸੁਹਿਰਦ ਯਤਨ ਅਰੰਭੇ ਹੋਏ ਹਨ।
ਸ੍ਰੀ ਬਾਂਸਲ ਨੇ ਕਿਹਾ ਕਿ ਨਿਆਂ ਤੱਕ ਸਭ ਲੋਕਾਂ ਦੀ ਪਹੁੰਚ ਆਸਾਨ ਬਣਾਉਣ ਲਈ ਅਜਿਹੇ ਕੈਂਪ ਲਗਾਏ ਜਾਂਦੇ ਹਨ। ਇਸ ਲਈ ਆਮ ਲੋਕਾਂ ਦੀਆਂ ਕਾਨੂੰਨੀ ਸਮੱਸਿਆਂ ਦੇ ਨਿਪਟਾਰੇ ਲਈ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨੀ ਅਤੇ ਕਾਨੂੰਨੀ ਜਾਗਰੂਕਤਾ ਪੈਦਾ ਕਰਨੀ ਵੀ ਅਜਿਹੇ ਕੈਂਪਾਂ ਦਾ ਮੁੱਖ ਉਦੇਸ਼ ਰੱਖਿਆ ਗਿਆ ਹੈ। ਸ੍ਰੀ ਬਾਂਸਲ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ੁਤਰਾਣਾ ਵਿਖੇ 28 ਜੁਲਾਈ ਨੂੰ ਲਗਾਏ ਜਾ ਰਹੇ ਇਸ ਕਾਨੂੰਨੀ ਸੇਵਾਵਾਂ ਕੈਂਪ ਦਾ ਲਾਭ ਲੈਣ ਲਈ ਕੈਂਪ ‘ਚ ਜਰੂਰ ਸ਼ਿਰਕਤ ਕਰਨ।

