ਮਾਮਲਾ ਰਾਜੋਆਣਾ : ਅਕਾਲੀ ਸੰਸਦ ਮੈਂਬਰਾਂ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲੇ
ਕੇਂਦਰੀ ਗ੍ਰਹਿ ਮੰਤਰੀ ਨੇ ਇਸ ਅਪੀਲ ਦੇ ਜਲਦੀ ਨਿਪਟਾਰੇ ਦਾ ਦਿੱਤਾ ਭਰੋਸਾ:ਪ੍ਰੋ.ਚੰਦੂਮਾਜਰਾ
ਪਟਿਆਲਾ, 18 ਜੁਲਾਈ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਇਕ ਉਚ ਪੱਧਰੀ ਵਫਦ ਨੇ ਅੱਜ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲੀ ਦੇ ਮਾਮਲੇ ‘ਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਵਫਦ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ੍ਰ ਸੁਖਦੇਵ ਸਿੰਘ ਢੀਂਡਸਾ, ਸ੍ਰ ਰਣਜੀਤ ਸਿੰਘ ਬ੍ਰਹਮਪੁਰਾ, ਸ੍ਰ ਬਲਵਿੰਦਰ ਸਿੰਘ ਭੂੰਦੜ ਤੇ ਸਾਬਕਾ ਐਮ ਪੀ ਸ੍ਰੀ ਤਰਲੋਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼ਾਮਲ ਸਨ।
ਵਫਦ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਗਈ ਅਪੀਲ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਉਸ ਨੂੰ ਮਨਜੂਰ ਕਰਨ ਦੇ ਮਾਮਲੇ ‘ਤੇ ਸ੍ਰੀ ਰਾਜਨਾਥ ਸਿੰਘ ਨਾਲ ਚਰਚਾ ਕੀਤੀ। ਕੇਂਦਰੀ ਗ੍ਰਹਿ ਮੰਤਰੀ ਵੱਲੋਂ ਲਗਭਗ ਅੱਧਾ ਘੰਟਾ ਵਫਦ ਨਾਲ ਮੀਟਿੰਗ ਕੀਤੀ ਅਤੇ ਪੁਰੀ ਗੱਲ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਭਰੋਸਾ ਦਿੱਤਾ ਇਸ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਜਲਦ ਹੀ ਫੈਸਲਾ ਦਿੱਤਾ ਜਾਵੇਗਾ।
ਜਾਣਕਾਰੀ ਦਿੰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਵਫਦ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਸਬੰਧੀ ਕੇਂਦਰੀ ਗ੍ਰਹਿ ਮੰਤਰਾਲਿਆ ਨੂੰ ਵਿਸਥਾਰ ਨਾਲ ਦੱਸਿਆ ਗਿਆ। ਇਹ ਮਾਮਲਾ ਕਿਸ ਤਰ੍ਹਾਂ ਸਾਰੀਆਂ ਸਥਿਤੀਆਂ ਨਾਲੋ ਹਟ ਕੇ ਹੈ ਅਤੇ ਇਸ ਦੀ ਗੰਭੀਰਤਾ ਨੂੰ ਸਮਝਿਆ ਜਾਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਕਿਸ ਤਰ੍ਹਾਂ ਸਾਲ 2012 ਵਿਚ ਜਦੋਂ ਰਾਜੋਆਣਾ ਨੂੰ ਫਾਂਸੀ ਦੇਣ ਦਾ ਹੁਕਮ ਹੋਏ ਸਨ ਤਾਂ ਕਿਸ ਤਰ੍ਹਾਂ ਪੰਜਾਬ ਵਿਚ ਇੱਕ ਦਮ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜ ਗਈ ਸੀ ਅਤੇ ਹਰ ਧਰਮ ਅਤੇ ਵਰਗ ਦੇ ਲੋਕਾਂ ਨੇ ਸੜ੍ਹਕਾਂ ‘ਤੇ ਉਤਰ ਰਾਜੋਆਣਾ ਨੂੰ ਫਾਂਸੀ ਦੇਣ ਦਾ ਵਿਰੋਧ ਕੀਤਾ। ਉਹਨਾਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੁਰੇ ਮਾਮਲੇ ਨੂੰ ਗੰਭੀਰਤਾ ਸੁਣਿਆ ਅਤੇ ਜਦਲ ਇਸ ਫੈਸਲਾ ਦੇਣ ਦਾ ਭਰੋਸਾ ਦਿਵਾਇਆ।

