ਕੇਂਦਰ ਸਰਹੱਦ ਪਾਰੋਂ ਨਸ਼ੀਲੀਆਂ ਦਵਾਈਆਂ ਦੀ ਸਮਗਲਿੰਗ ਰੋਕਣ ਲਈ ਰਾਸ਼ਟਰੀ ਨੀਤੀ ਨੂੰ ਅਪਣਾਵੇ : ਕੈਪਟਨ
ਮੁੱਖ ਮੰਤਰੀ ਨੇ ਰਾਸ਼ਟਰੀ ਨੀਤੀ ਤਿਆਰ ਕਰਨ ਲਈ ਰਾਜਨਾਥ ਸਿੰਘ ਨੂੰ ਪੱਤਰ
ਚੰਡੀਗੜ੍ਹ, 18 ਜੁਲਾਈ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਅਤੇ ਇਨ੍ਹਾਂ ‘ਤੇ ਨਿਯੰਤਰਣ ਕਰਨ ਲਈ ਇੱਕ ਰਾਸ਼ਟਰੀ ਨੀਤੀ ਤਿਆਰ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਨਸ਼ਲੀਆਂ ਦਵਾਈਆਂ ਦੀ ਸਮਗਲਿੰਗ ਨੂੰ ਰੋਕਣ ਲਈ ਪੂਰੇ ਤਾਲਮੇਲ ਅਧਾਰਿਤ ਰਣਨੀਤੀ ਨੂੰ ਵੀ ਇਸ ਰਾਸ਼ਟਰੀ ਨੀਤੀ ਵਿੱਚ ਸ਼ਾਮਲ ਕਰਨ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਸੂਬਾ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਠੁੰਮਣਾ ਦੇਣ ਵਾਸਤੇ ਭਾਰਤ ਸਰਕਾਰ ਵੱਲੋਂ ਵੀਕੁੱਝ ਕਦਮ ਚੁੱਕੇ ਜਾਣ ਦੀ ਇਸ ਪੱਤਰ ਵਿੱਚ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸੱਮਸਿਆ ਸਾਡੀਆਂ ਭਵਿੱਖੀ ਪੀੜੀਆਂ ‘ਤੇ ਗੰਭੀਰ ਅਸਰ ਪਾ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਸੂਬਾ ਸਰਕਾਰ ਅਜਿਹਾ ਨਾ ਹੋਣ ਦੇਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ ਪਰ ”ਨਸ਼ਿਆਂ ਦੀ ਵਰਤੋਂ ਦੀ ਰੋਕਥਾਮ ਅਤੇ ਇਨ੍ਹਾਂ ‘ਤੇ ਨਿਯੰਤਰਣ ਲਈ ਰਾਸ਼ਟਰੀ ਨੀਤੀ ਸਣੇ ਪ੍ਰਭਾਵੀ ਕਦਮ ਚੁੱਕੇ ਜਾਣ ਵਾਸਤੇ ਸਾਨੂੰ ਭਾਰਤ ਸਰਕਾਰ ਦੇ ਪੂਰੇ ਅਤੇ ਸਰਗਰਮ ਸਮਰਥਨ ਦੀ ਜ਼ਰੂਰਤ ਹੈ। ”
ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ਦੇ ਪਾਰੋਂ ਨਸ਼ਿਆਂ ਦੀ ਤਸਕਰੀ ਬੀ.ਐਸ.ਐਫ ਦੁਆਰਾ ਪ੍ਰਭਾਵੀ ਤਰੀਕੇ ਨਾਲ ਰੋਕੇ ਜਾਣ ਵਾਸਤੇ ਵੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਗੁਵਾਂਢੀ ਸੂਬਿਆਂ ਵਿੱਚ ਨਸ਼ਿਆਂ ਵਾਲੇ ਪੌਦਿਆਂ ਦੀ ਲਵਾਈ ‘ਤੇ ਰੋਕ ਅਤੇ ਦੇਸ਼ ਵਿੱਚ ਡਰੱਗ ਦੀ ਰੋਕਥਾਮ ਅਤੇ ਇਸ ਨੂੰ ਨਿਯਮਤ ਕਰਨ ਲਈ ਰਾਸ਼ਟਰੀ ਨੀਤੀ ਤਿਆਰ ਕਰਨ ਦੀ ਅਪੀਲ ਵੀ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਦੇ ਪਾਰੋਂ ਸਮਗਲ ਹੋ ਕੇ ਆਈ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹੋਰ ਨਸ਼ਿਆਂ ਨੂੰ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਇਸ ਸਬੰਧ ਵਿੱਚ ਇਕੱਤਰ ਕੀਤੀ ਖੂਫੀਆ ਜਾਣਕਾਰੀ ਬੀ.ਐਸ.ਐਫ ਨਾਲ ਨਿਯਮਤ ਤੌਰ ‘ਤੇ ਸਾਂਝੀ ਕੀਤੀ ਜਾ ਰਹੀ ਹੈ ਪਰ ਬਦਕਿਸਮਤੀ ਨਾਲ ਇਨ੍ਹਾਂ ਪਦਾਰਥਾਂ ਦੀ ਸਮਗਲਿੰਗ ਲਗਾਤਾਰ ਜਾਰੀ ਹੈ ਅਤੇ ਸਾਡੇ ਸਮਾਜ ‘ਤੇ ਬੁਰਾ ਪ੍ਰਭਾਵ ਪਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਪਣੇ ਤੌਰ ‘ਤੇ ਨਸ਼ਿਆਂ ਦੇ ਤਸਕਰਾਂ ਦੀ ਪੂਰੀ ਤਰ੍ਹਾਂ ਪੈੜ ਨੱਪ ਰਹੀ ਹੈ ਤਾਂ ਜੋ ਸੂਬੇ ਵਿਚੋਂ ਨਸ਼ਿਆਂ ਦਾ ਸਫਾਇਆ ਕੀਤਾ ਜਾ ਸਕੇ। ਇਸ ਤੋਂ ਇਲਾਵਾ ਨਸ਼ਿਆਂ ਦੇ ਆਦੀ ਲੋਕਾਂ ਦੇ ਢੁੱਕਵੇ ਇਲਾਜ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਰਣਨੀਤੀ ਤਿਆਰ ਕੀਤੀ ਹੋਈ ਹੈ ਜਿਸ ਦੇ ਹੇਠ ਕਾਨੂੰਨ ਸਖਤੀ ਨਾਲ ਲਾਗੂ ਕਰਨਾ, ਨਸ਼ੇ ਛੁਡਾਉਣਾ, ਵਸੇਬਾ ਕਰਨਾ ਅਤੇ ਨਸ਼ਿਆਂ ਦੀ ਰੋਕਥਾਮ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਪਿਛਲੇ ਕੁੱਝ ਹਫਿਤਆਂ ਤੋਂ ਚੰਗੇ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ। ਪੰਜਾਬ ਨਸ਼ਿਆਂ ਵਿਰੁੱਧ ਲੋਕ ਲਹਿਰ ਪੈਦਾ ਕਰਨ ਵਿੱਚ ਸਫਲ ਹੋਇਆ ਹੈ ਜਿਸ ਦੇ ਨਤੀਜੇ ਵਜੋਂ ਨਸ਼ਿਆਂ ਵਿੱਚ ਫਸੇ ਲੋਕ ਸਰਕਾਰ ਵਲੋਂ ਸਥਾਪਤ ਕੀਤੇ ਮੁੜ ਵਸੇਬਾ ਅਤੇ ਨਸ਼ਾ ਛੁਡਾਓ ਕੇਂਦਰਾਂ ਵਿੱਚ ਰੋਜ਼ਾਨਾ ਇਲਾਜ ਲਈ ਆ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲਾਹਣਤ ਨੂੰ ਰੋਕਣ ਲਈ ਉਹ ਆਪਣੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਰੱਖਣਗੇ ਅਤੇ ਉਹ ਮਹਿਸੂਸ ਕਰਦੇ ਹਨ ਕਿ ਭਾਰਤ ਸਰਕਾਰ ਦੇ ਪੱਧਰ ‘ਤੇ ਵੀ ਕੁੱਝ ਵਿਸ਼ੇਸ਼ ਕਦਮ ਚੁੱਕੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਇਸ ਸਬੰਧ ਵਿੱਚ ਗ੍ਰਹਿ ਮੰਤਰੀ ਤੋਂ ਜਲਦੀ ਤੋਂ ਜਲਦੀ ਢੁੱਕਵੇ ਕਦਮ ਚੁਕੱਣ ਦੀ ਮੰਗ ਕੀਤੀ ਹੈ।

