ਗੁਰੂ ਨਾਨਕ ਸਾਹਿਬ ਦੀ ਪ੍ਰਕਾਸ਼ ਸ਼ਤਾਬਦੀ ਸਮੁੱਚੇ ਸੰਸਾਰ ਦੇ ਸਿੱਖ ਸਰਧਾਂ ਭਾਵਨਾ ਨਾਲ ਮਨਾਉਣਗੇ-ਭਾਈ ਲੌਂਗੋਵਾਲ
23 ਮਾਰਚ ਨੂੰ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ, ਕਰਨਾਟਕਾ ਵਿਖੇ ਹੋਣਗੇ ਵਿਸ਼ਾਲ ਗੁਰਮਤਿ ਸਮਾਗਮ
ਬਿਦਰ 1 ਅਗਸਤ (ਮਧੂਸਾਰ ਬਿਊਰੋ) ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਦੀ ਇਮਾਰਤ ਦੇ ਨਵੀਨੀਕਰਨ ਦਾ ਕਾਰਜ਼ ਮੁਕੰਮਲ ਹੋਣ ਤੇ ਅੱਜ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਉਪਰੰਤ ਸੁਭ ਅਰੰਭ ਕੀਤਾ ਗਿਆ ਅਤੇ ਇਕ ਨਵੀਂ ਯਾਤਰੂ ਨਿਵਾਸ ਦਾ ਨੀਹ ਪੱਥਰ ਰੱਖਿਆ ਗਿਆ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਪਾਵਨ ਧਰਤੀ ਤੇ ਗੁਰੂ ਸਾਹਿਬ ਦੀਆਂ ਰਹਿਮਤਾਂ ਬਰਸੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੰਸਾਰ ਪੱਧਰ ਤੇ ਮਨਾ ਰਹੀ ਹੈ। ਇਸੇ ਤਹਿਤ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ। ਜਿਸ ਲਈ ਸਮੂਹ ਸੰਗਤਾਂ ਰਲ ਕੇ ਇਨ੍ਹਾਂ ਸਮਾਗਮਾਂ ਨੂੰ ਸਫਲ ਕਰਨ ਲਈ ਜਤਨਸ਼ੀਲ ਹੋਣ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਥਾਨਕ ਸਭਾ ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਕਾਰਸੇਵਾ ਵਾਲੇ ਮਹਾਂਪੁਰਸ਼ਾ ਨਾਲ ਇਕ ਵਿਸ਼ੇਸ ਇਕੱਤਰਤਾ ਕਰਨ ਲਈ ਇਥੇ ਪਹੁੰਚੇ ਸਨ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਕਰਨਾਲ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ ਵੀ ਸਨ।
ਉਨ੍ਹਾਂ ਦਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪਹਿਲਾਂ ਇਕ ਚਾਰ ਮੈਂਬਰੀ ਟੀਮ ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਵੰਤ ਸਿੰਘ ਮੰਨਣ ਦੀ ਅਗਵਾਈ ਵਿਚ ਭੇਜੀ ਗਈ ਸੀ ਜਿਸ ਵਿਚ ਸ. ਸਰਵਨ ਸਿੰਘ ਕੁਲਾਰ ਮੈਂਬਰ ਸ਼੍ਰੋਮਣੀ ਕਮੇਟੀ, ਉਘੇ ਵਿਦਵਾਨ ਸ. ਭਗਵਾਨ ਸਿੰਘ ਜੋਹਲ ਅਤੇ ਸ. ਤਜਿੰਦਰ ਸਿੰਘ ਪੱਡਾ ਮੀਤ ਸਕੱਤਰ ਸਾਮਲ ਸਨ। ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਜੋਤਇੰਦਰ ਸਿੰਘ ਹਜੂਰ ਸਾਹਿਬ, ਬਾਬਾ ਬਲਵਿੰਦਰ ਸਿੰਘ, ਬਾਬਾ ਨਰਿੰਦਰ ਸਿੰਘ ਹਜੂਰ ਸਾਹਿਬ ਵਾਲੇ, ਸ. ਮਨਜੀਤ ਸਿੰਘ ਜੀ.ਕੇ. ਪ੍ਰਧਾਨ ਦਿੱਲੀ ਕਮੇਟੀ, ਸ. ਪਰਮਜੀਤ ਸਿੰਘ ਰਾਣੂ, ਗੁਰਦੁਆਰਾ ਨਾਨਕ ਝੀਰਾ ਸਾਹਿਬ ਦੇ ਪ੍ਰਧਾਨ ਡਾ. ਬਲਬੀਰ ਸਿੰਘ, ਸ. ਗੁਰਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਮੁੰਬਈ ਤੇ ਬੀਬੀ ਪਰਮਜੀਤ ਕੌਰ ਪਿੰਕੀ ਪ੍ਰਧਾਨ ਇਸਤਰੀ ਅਕਾਲੀ ਦਲ ਮੁੰਬਈ ਦੇ ਸਹਿਯੋਗ ਨਾਲ ਸਥਾਨਕ ਸਭਾਵਾਂ ਅਤੇ ਸੰਗਤਾਂ ਨਾਲ ਇਕ ਵਿਸ਼ੇਸ ਇਕੱਤਰਤਾ ਕੀਤੀ ਗਈ। ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਦੱਖਣ ਦੇ ਪੰਜ ਰਾਜਾਂ, ਕਰਨਾਟਕ, ਆਂਧਰਾ ਪ੍ਰਦੇਸ਼, ਤਿਲੰਗਾਨਾ, ਮਹਾਂਰਾਸਟਰਾ ਅਤੇ ਮੱਧਪ੍ਰਦੇਸ਼ ਦਾ ਵਿਸ਼ਾਲ ਗੁਰਮਤਿ ਸਮਾਗਮ 23 ਮਾਰਚ ਨੂੰ ਗੁਰਦੁਆਰਾ ਨਾਨਕ ਝੀਰਾ ਸਾਹਿਬ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ। ਉਨ੍ਹਾਂ ਦਸਿਆ ਕਿ ਇਹ ਸਮਾਗਮ ਤਖ਼ਤ ਸ੍ਰੀ ਹਜੂਰ ਸਾਹਿਬ ਨਾਦੇੜ, ਬਾਬਾ ਬਲਵਿੰਦਰ ਸਿੰਘ, ਬਾਬਾ ਨਰਿੰਦਰ ਸਿੰਘ ਕਾਰ ਸੇਵਾ ਹਜੂਰ ਸਾਹਿਬ ਵਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਇਸ ਸਮਾਗਮ ਵਿਚ ਪੰਜਾਂ ਰਾਜਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਣਗੀਆਂ।

