ਸਿੱਖਿਆ ਮੰਤਰੀ ਦੀ ਮਾਨਸਾ ਆਮਦ ‘ਤੇ ਰੋਸ ਮੁਜ਼ਾਹਰਾ ਕਰਨਗੇ ਬੇਰੁਜ਼ਗਾਰ ਅਧਿਆਪਕ
ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ) ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਵੱਲੋਂ 15 ਅਗਸਤ ਨੂੰ ਸਿੱਖਿਆ ਮੰਤਰੀ ,ਪੰਜਾਬ ਓ ਪੀ ਸੋਨੀ ਦੀ ਮਾਨਸਾ ਆਮਦ ‘ਤੇ ਸ਼ਹਿਰ ‘ਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਚੰਦਰਗੁਪਤ ਪਟਿਆਲਾ ਵੱਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਗਿਆ ਕਿ ਚੋਣਾਂ ਵੇਲੇ ”ਘਰ ਘਰ ਨੌਕਰੀ” ਦਾ ਵਾਅਦਾ ਕਰਕੇ ਸੱਤਾ ‘ਤੇ ਕਾਬਜ਼ ਹੋਈ ਕੈਪਟਨ ਸਰਕਾਰ ਵਾਅਦਿਆਂ ਤੋਂ ਭੱਜ ਚੁੱਕੀ ਹੈ, ਉਹਨਾਂ ਕਿਹਾ ਕਿ ਨੌਜਵਾਨ ਸਮਾਜ ਦਾ ਗਤੀਸ਼ੀਲ ਹਿੱਸਾ ਹੁੰਦੇ ਹਨ, ਸਮਾਜ ਦੀ ਤਰੱਕੀ ਨੌਜਵਾਨ ਸ਼ਕਤੀ ‘ਤੇ ਨਿਰਭਰ ਕਰਦੀ ਹੈ, ਪ੍ਰੰਤੂ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਵੱਡਾ ਹਿੱਸਾ ਬੇਰੁਜ਼ਗਾਰੀ ਦਾ ਸ਼ਿਕਾਰ ਹੈ, ਸਰਕਾਰ ਦਾ ਫਰਜ਼ ਬਣਦਾ ਹੈ ਕਿ ਯੋਗਤਾ ਮੁਤਾਬਿਕ ਹਰ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ਕਰਵਾਏ।
ਸਰਕਾਰ ਦੀਆਂ ਸਿੱਖਿਆ ਦੇ ਵਪਾਰੀਕਰਨ ਦੀਆਂ ਨੀਤੀਆਂ ਦੀ ਬਦੌਲਤ ਅੱਜ ਪੰਜਾਬ ‘ਚ ਬੇਰੁਜ਼ਗਾਰ ਨੌਜਵਾਨਾਂ ਦੀ ਗਿਣਤੀ ਅਮਰਵੇਲ੍ਹ ਦੀ ਤਰ੍ਹਾਂ ਵਧਦੀ ਹੀ ਜਾ ਰਹੀ। ਉਨ੍ਹਾਂ ਕਿਹਾ ਕਿ ਅੱਜ ਬੀਐਡ ਟੈੱਟ ਪਾਸ 50,000 ਬੇਰੁਜ਼ਗਾਰ ਅਧਿਆਪਕਾਂ ਦੀ ਰੈਗੂਲਰ ਭਰਤੀ ਨਹੀਂ ਕੀਤੀ ਜਾ ਰਹੀ, ਸਗੋਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਦੀ ਭੱਠੀ ਵਿੱਚ ਝੋਕਿਆ ਜਾ ਰਿਹਾ ਹੈ।

