ਵਿਜੀਲੈਂਸ ਵਲੋਂ 5000 ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਚੰਡੀਗੜ੍ਹ, 10 ਅਗਸਤ (ਮਧੂਸਾਰ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਹੈਬੋਵਾਲ ਕਲਾਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਵਰਿੰਦਰ ਕੁਮਾਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਵਰਿੰਦਰ ਕੁਮਾਰ ਨੂੰ ਸ਼ਿਕਾਇਤਕਰਤਾ ਪਰਮਜੀਤ ਸਿੰਘ ਵਾਸੀ ਮਾਡਲ ਟਾਉਨ ਐਕਸਟੈਂਸ਼ਨ, ਲੁਧਿਆਣਾ ਦੀ ਸ਼ਿਕਾਇਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੇ 100 ਗੱਜ ਪਲਾਟ ਦੇ ਫਰਦ ਦੀ ਕਾਪੀ ਜਾਰੀ ਕਰਨ ਬਦਲੇ 6,000 ਰੁਪਏ ਦੀ ਮੰਗ ਕੀਤੀ ਹੈ ਅਤੇ ਸੌਦਾ 5,000/- ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

