ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਰਿਹਰਸਲ, ਬਾਜਵਾ ਲਹਿਰਾਉਣਗੇ ਪਟਿਆਲਾ ਵਿਖੇ ਤਿਰੰਗਾ
72ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਤਿਆਰੀਆਂ ਮੁਕੰਮਲ- ਕੁਮਾਰ ਅਮਿਤ
ਪਟਿਆਲਾ, 13 ਅਗਸਤ (ਕੰਵਰ ਬੇਦੀ/ਮਧੂਸਾਰ ਬਿਊਰੋ) ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਵਾਈ.ਪੀ.ਐਸ. ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਬਾਰੇ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਅੱਜ ਇੱਥੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨਾਲ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ 15 ਅਗਸਤ ਦੇ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਰੀਖਣ ਕਰਨਗੇ ਅਤੇ ਪੰਜਾਬ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ ਆਈ.ਟੀ.ਬੀ.ਪੀ. ਦੀ ਇੱਕ ਟੁਕੜੀ, ਜ਼ਿਲ੍ਹਾ ਪੁਲਿਸ ਪਟਿਆਲਾ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਅਤੇ ਹੋਮ ਗਾਰਡਜ਼ ਦੀ ਇੱਕ-ਇੱਕ ਟੁਕੜੀ ਸਮੇਤ ਐਨ.ਸੀ.ਸੀ. ਆਰਮੀ ਵਿੰਗ ਲੜਕੇ ਤੇ ਲੜਕੀਆਂ, ਐਨ.ਸੀ.ਸੀ. ਏਅਰ ਵਿੰਗ, ਰੈਡ ਕਰਾਸ ਸੇਂਟ ਜੌਨ੍ਹ ਐਂਬੂਲੈਂਸ, ਸਕਾਊਟਸ ਤੇ ਗਰਲਜ਼ ਗਾਈਡ ਤੇ ਆਈ.ਆਰ.ਬੀ. ਦਾ ਬੈਂਡ ਸ਼ਾਮਲ ਹੋਣਗੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ 15 ਅਗਸਤ ਤੋਂ ਸ਼ੁਰੂ ਕੀਤੇ ਜਾ ਰਹੇ ਬਡੀਜ਼ ਪ੍ਰੋਗਰਾਮ ਤਹਿਤ ਬਡੀਜ਼ ਦਾ ਗਰੁੱਪ ਵੀ ਇਸ ਵਿੱਚ ਸ਼ਾਮਲ ਹੋਵੇਗਾ ਅਤੇ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. (ਪ੍ਰੋਬੇਸ਼ਨਲ) ਸ਼੍ਰੀ ਮੋਹਿਤ ਅਗਰਵਾਲ ਕਰਨਗੇ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਮਾਡਲ ਸਕੂਲ ਫੀਲਖਾਨਾ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਦੀਆਂ ਵਿਦਿਆਰਥਣਾਂ ਹਿੱਸਾ ਲੈਣਗੀਆਂ ਅਤੇ ਸਰਕਾਰੀ ਫੀਲਖਾਨਾ ਸਕੂਲ ਦੇ ਬੱਚਿਆਂ ਵੱਲੋਂ ਜਿਮਨਾਸਟਿਕ ਦੇ ਕਰਤੱਵ ਦਿਖਾਏ ਜਾਣਗੇ। ਨਰਾਇਣ ਪਬਲਿਕ ਸਕੂਲ ਦੇ ਬੱਚੇ ਗੁਬਾਰੇ ਛੱਡਣਗੇ। ਜਦਕਿ ਸਰਕਾਰੀ ਮਹਿੰਦਰਾ ਕਾਲਜ, ਖਾਲਸਾ ਕਾਲਜ, ਫਿਜੀਕਲ ਕਾਲਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ, ਮਲਟੀਪਰਪਜ ਸਕੂਲ ਅਤੇ ਫੀਲਖਾਨਾ ਸਕੂਲ ਦੇ ਵਿਦਿਆਰਥੀ ਭੰਗੜਾ ਪੇਸ਼ ਕਰਨਗੇ ਅਤੇ ਸਰਕਾਰੀ ਕਾਲਜ ਲੜਕੀਆਂ ਦੀਆਂ ਮੁਟਿਆਰਾਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਕਰਨਗੀਆਂ ਅਤੇ ਸਮਾਗਮ ਦੇ ਅਖੀਰ ਵਿਚ ਰਾਸ਼ਟਰੀ ਗੀਤ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਸ. ਬਾਜਵਾ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨਗੇ ਤੇ ਸਰਕਾਰ ਵੱਲੋਂ ਨਸ਼ਿਆ ਖਿਲਾਫ਼ ਵਿੱਢੀ ਮੁਹਿੰਮ ‘ਚ ਸਾਥ ਦੇਣ ਵਾਲੇ ਡੈਪੋਂ, ਓਟ ਸੈਂਟਰ ਤੇ ਬਡੀਜ਼ ਗਰੁੱਪ ਦਾ ਸਨਮਾਨ ਕਰਨ ਦੇ ਨਾਲ-ਨਾਲ ਕਰਜ਼ਾ ਮੁਆਫੀ ਸਰਟੀਫਿਕੇਟ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਅਤੇ ਘਰ-ਘਰ ਰੋਜ਼ਗਾਰ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੰਡਣਗੇ ਅਤੇ ਲੋੜਵੰਦਾਂ ਨੂੰ ਵ੍ਹੀਲ ਚੇਅਰ, ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਰੇਡ ਕਮਾਂਡਰ, ਪਹਿਲੇ ਤੇ ਦੂਸਰੇ ਸਥਾਨ ‘ਤੇ ਆਉਣ ਵਾਲੀਆਂ ਪਰੇਡਾਂ, ਝਾਕੀਆਂ, ਸਕੂਲੀ ਬੱਚਿਆਂ, ਗਿੱਧਾ ਟੀਮ, ਭੰਗੜਾ ਟੀਮ, ਬੈਂਡ ਮਾਸਟਰ ਆਦਿ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਕੌਮੀ ਗੀਤ ਦਾ ਗਾਇਨ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੇਸ਼ ਦੇ ਅਜ਼ਾਦੀ ਦਿਹਾੜੇ ਮੌਕੇ ਵਾਈ.ਪੀ.ਐਸ. ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਜ਼ਿਲ੍ਹਾ ਪਟਿਆਲਾ ਨਿਵਾਸੀਆਂ ਨੂੰ ਵੱਡੀ ਪੱਧਰ ‘ਤੇ ਖੁਸ਼ੀ-ਖੁਸ਼ੀ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਸ ਆਜ਼ਾਦੀ ਦੀ ਪ੍ਰਾਪਤੀ ਲਈ ਦੇਸ਼ ਭਗਤਾਂ ਨੂੰ ਬੇਸ਼ੁਮਾਰ ਕੁਰਬਾਨੀਆਂ ਕਰਨੀਆਂ ਪਈਆਂ, ਉਸ ਆਜ਼ਾਦੀ ਦੇ ਪਵਿੱਤਰ ਦਿਵਸ ਨੂੰ ਇਕ ਤਿਉਹਾਰ ਦੀ ਤਰ੍ਹਾਂ ਮਨਾਉਣਾ ਚਾਹੀਦਾ ਹੈ ਇਹੋ ਹੀ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਇਸ ਲਈ ਸਾਨੂੰ ਇਸ ਸਮਾਰੋਹ ‘ਚ ਵੱਧ ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ ਕਿ ਉਹ ਆਪਣੇ ਦਫ਼ਤਰਾਂ ਦੇ ਸਮੂਹ ਅਧਿਕਾਰੀਆਂ-ਕਰਮਚਾਰੀਆਂ ਦੀ 15 ਅਗਸਤ ਵਾਲੇ ਦਿਨ ਸਮਾਗਮ ‘ਚ ਹਾਜ਼ਰੀ ਯਕੀਨੀ ਬਣਾਉਣ। ਇਸੇ ਦੌਰਾਨ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ।

