ਪੰਜਾਬ

ਮਿਲਕਫੈੱਡ ਲਈ 90 ਕਰੋੜ ਦੀ ਥੋੜ੍ਹ ਚਿਰੀ ਪੇਸ਼ਗੀ ਰਾਸ਼ੀ ਮੁਹੱਈਆ ਕਰਵਾਉਣ ਦੇ ਆਦੇਸ਼

ਦੁੱਧ ਦੀਆਂ ਕੀਮਤਾਂ ਵਿੱਚ ਵਖਰੇਵਾਂ ਦੂਰ ਕਰਨ ਲਈ ਚਾਰ ਮੈਂਬਰੀ ਕਮੇਟੀ ਕਾਇਮ
ਚੰਡੀਗੜ੍ਹ, 13 ਅਗਸਤ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਅਰੀ ਕਿਸਾਨਾਂ ਦੀ ਬਕਾਇਆ ਅਦਾਇਗੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਮਿਲਕਫੈੱਡ ਨੂੰ ਤੁਰੰਤ 90 ਕਰੋੜ ਰੁਪਏ ਦੀ ਥੋੜ੍ਹ ਚਿਰੀ ਪੇਸ਼ਗੀ ਰਾਸ਼ੀ ਮੁਹੱਈਆ ਕਰਵਾਈ ਜਾਵੇ।

ਮੁੱਖ ਮੰਤਰੀ ਨੇ ਸੂਬਾ ਭਰ ਵਿੱਚ ਦੁੱਧ ਦੀਆਂ ਇਕਸਾਰ ਕੀਮਤਾਂ ਨੂੰ ਯਕੀਨੀ ਬਣਾਉਣ ਲਈ ਢੰਗ-ਤਰੀਕਾ ਤਲਾਸ਼ਣ ਵਾਸਤੇ ਮਿਲਕਫੈੱਡ ਨੂੰ ਵਿਆਪਕ ਨੀਤੀ ਤਿਆਰ ਕਰਨ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐਫ.ਏ.) ਦੇ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੁੱਖ ਮੰਤਰੀ ਨੇ ਇਸ ਮੰਤਵ ਲਈ ਚਾਰ ਕਮੇਟੀ ਵੀ ਕਾਇਮ ਕੀਤੀ। ਮਿਲਕਫੈੱਡ ਦੇ ਐਮ.ਡੀ. ਮਨਜੀਤ ਸਿੰਘ ਬਰਾੜ ਇਸ ਕਮੇਟੀ ਦੇ ਮੁਖੀ ਹੋਣਗੇ ਜਦਕਿ ਡੇਅਰੀ ਵਿਕਾਸ ਦੇ ਡਾਇਰੈਕਟਰ ਇੰਦਰਜੀਤ ਸਿੰਘ, ਪਸ਼ੂ ਪਾਲਣ ਦੇ ਸਕੱਤਰ ਕੈਪਟਨ ਕਰਨੈਲ ਸਿੰਘ ਅਤੇ ਪੀ.ਡੀ.ਐਫ.ਏ. ਦੇ ਪ੍ਰਧਾਨ ਇਸ ਦੇ ਮੈਂਬਰ ਹੋਣਗੇ।
ਕਮੇਟੀ ਵੱਲੋਂ ਦੁੱਧ ਦੀਆਂ ਇਕਸਾਰ ਕੀਮਤਾਂ ਦੇ ਅਮਲ ਲਈ ਸਮਾਂਬੱਧ ਕਾਰਜ ਯੋਜਨਾ ਉਲੀਕੀ ਜਾਵੇਗੀ ਤਾਂ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦੁੱਧ ਦੀਆਂ ਕੀਮਤਾਂ ਵਿਚਲੇ ਫਰਕ ਨੂੰ ਦੂਰ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਮਿਲਕਫੈੱਡ ਦੇ ਐਮ.ਡੀ. ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਦੁੱਧ ਦੇ ਕਿੱਤੇ ਨਾਲ ਜੁੜੀਆਂ ਪ੍ਰਾਈਵੇਟ ਕੰਪਨੀਆਂ ਵੱਲੋਂ ਪ੍ਰੋਸੈਸ ਕਰਨ ਦੀ ਸਮਰਥਾ ਨਾਲੋਂ ਘੱਟ ਦੁੱਧ ਖਰੀਦਣ ਕਰਕੇ ਦੁੱਧ ਦੀਆਂ ਕੀਮਤਾਂ ਹੇਠਾਂ ਨੂੰ ਆਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਮਿਲਕਫੈੱਡ ਵੱਲੋਂ ਡੇਅਰੀ ਕਿਸਾਨਾਂ ਤੋਂ ਕੁੱਲ 20 ਫੀਸਦੀ ਦੁੱਧ ਖਰੀਦਿਆਂ ਜਾਂਦਾ ਹੈ ਜਦਕਿ ਬਾਕੀ 80 ਫੀਸਦੀ ਦੁੱਧ ਪ੍ਰਾਈਵੇਟ ਕੰਪਨੀਆਂ ਵੱਲੋਂ ਖਰੀਦਿਆ ਜਾਂਦਾ ਹੈ। ਇਨ੍ਹਾਂ ਕੰਪਨੀਆਂ ਦੀ ਅਸਫਲਤਾ ਕਾਰਨ ਮਿਲਕਫੈੱਡ ਨੂੰ ਲਾਹੇਵੰਦ ਕੀਮਤਾਂ ‘ਤੇ ਰੋਜ਼ਾਨਾ ਹੋਰ ਪੰਜ ਲੱਖ ਲਿਟਰ ਦੁੱਧ ਖਰੀਦਣ ਦਾ ਕੋਟਾ ਵਧਾਉਣਾ ਪੈਂਦਾ ਹੈ ਤਾਂ ਕਿ ਡੇਅਰੀ ਕਿਸਾਨਾਂ ਦੀ ਮਦਦ ਕੀਤੀ ਜਾ ਸਕੇ।
ਦੁੱਧ ਅਤੇ ਦੁੱਧ ਤੋਂ ਤਿਆਰ ਹੁੰਦੀਆਂ ਵਸਤਾਂ ਵਿੱਚ ਮਿਲਾਵਟਖੋਰੀ ਦੀਆਂ ਰਿਪੋਰਟਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਜਿਹੇ ਕੰਮਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਜੋ ਭੋਲੇ-ਭਾਲੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਦੇ ਹਨ।
ਵਫ਼ਦ ਦੀ ਇਕ ਮੰਗ ਪ੍ਰਤੀ ਹੁੰਗਾਰਾ ਭਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪ੍ਰਮੁੱਖ ਸਕੱਤਰ ਨੂੰ ਘੱਟੋ-ਘੱਟ ਤਿੰਨ ਹੋਰ ਫੂਡ ਟੈਸਟਿੰਗ ਲੈਬਾਰਟੀਆਂ ਸਥਾਪਤ ਕਰਨ ਲਈ ਆਖਿਆ ਤਾਂ ਕਿ ਖਾਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਦੀ ਪ੍ਰਕ੍ਰਿਆ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਸਹਿਕਾਰਤਾ ਨੂੰ ਸਹਿਕਾਰੀ ਦੁੱਧ ਯੂਨੀਅਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਕਦਮ ਚੁੱਕਣ ਲਈ ਆਖਿਆ ਤਾਂ ਕਿ ਸੂਬੇ ਵਿੱਚ ਦੁੱਧ ਦੀ ਪੈਦਾਵਾਰ ਵਧਾਉਣ ਅਤੇ ਮਿਲਕਫੈੱਡ ਦੇ ਪਲਾਂਟਾਂ ‘ਤੇ ਇਸ ਦੀ ਪ੍ਰੋਸੈਸਿੰਗ ਕੀਤੀ ਜਾ ਸਕੇ।
ਖੇਤੀਬਾੜੀ ਵਿੱਚ ਵੰਨ-ਸੁਵੰਨਤਾ ਲਿਆਉਣ ਲਈ ਡੇਅਰੀ ਸੈਕਟਰ ਦੀ ਮਹੱਤਤਾ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਵਫ਼ਦ ਨੂੰ ਆਖਿਆ ਕਿ ਕਿਸਾਨਾਂ ਨੂੰ ਦੁੱਧ ਦਾ ਕਿੱਤਾ ਅਪਨਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ।
ਮੁੱਖ ਮੰਤਰੀ ਨੇ ਮਿਲਕਫੈੱਡ ਦੇ ਐਮ.ਡੀ. ਨੂੰ ਆਖਿਆ ਕਿ ਵੇਰਕਾ ਦੇ ਉਤਪਾਦ ਜਿਵੇਂ ਮੱਖਣ, ਘਿਓ, ਲੱਸੀ, ਪਨੀਰ, ਸੁੱਕਾ ਦੁੱਧ ਹੋਰਨਾਂ ਸੂਬਿਆਂ ਖਾਸ ਕਰਕੇ ਦਿੱਲੀ ਅਤੇ ਐਨ.ਸੀ.ਆਰ. ਰੀਜਨ ਵਿੱਚ ਵੇਚਣ ਲਈ ਮਾਰਕੀਟਿੰਗ ਦੀ ਸਮਰਥਾ ਵਧਾਈ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਐਮ.ਡੀ. ਨੂੰ ਪ੍ਰਾਈਵੇਟ ਕੰਪਨੀਆਂ ਨਾਲ ਮੁਕਾਬਲਾ ਕਰਨ ਲਈ ਮੰਡੀਕਰਨ ਦੀ ਠੋਸ ਰਣਨੀਤੀ ਉਲੀਕਣ ਲਈ ਵੀ ਆਖਿਆ।
ਪੀ.ਡੀ.ਐਫ.ਏ. ਦੇ ਪ੍ਰਧਾਨ ਨੇ ਡੇਅਰੀ ਸੈਕਟਰ ਨੂੰ ਹੁਲਾਰਾ ਦੇਣ ਲਈ ਚੁੱਕੇ ਕਦਮਾਂ ਦੀ ਸ਼ਲਾਘਾ ਕੀਤੀ ਜਿਸ ਨੂੰ ਅਕਾਲੀ-ਭਾਜਪਾ ਗੱਠਜੋੜ ਦੇ ਇਕ ਦਹਾਕਾ ਲੰਮੇ ਸ਼ਾਸਨਕਾਲ ਦੌਰਾਨ ਸੰਕਟ ਦਾ ਸਾਹਮਣਾ ਕਰਨਾ ਪਿਆ।
ਮੀਟਿੰਗ ਵਿੱਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਿੱਤ ਕਮਿਸ਼ਨਰ ਸਹਿਕਾਰਤਾ ਡੀ.ਪੀ. ਰੈਡੀ ਅਤੇ ਵਿੱਤ ਕਮਿਸ਼ਨਰ ਵਿਕਾਸ ਵਿਸਵਾਜੀਤ ਖੰਨਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *