ਪਟਿਆਲਾ

ਮਿਸ਼ਨ ਤੰਦਰੁਸਤ ਪੰਜਾਬ ਦੀ ਸਮੀਖਿਆ, ਵਿਭਾਗੀ ਅਧਿਕਾਰੀਆਂ ਨੂੰ ਟੀਚੇ ਪੂਰੇ ਕਰਨ ਦੇ ਆਦੇਸ਼

ਲੋਕਾਂ ਦੀ ਨਰੋਈ ਸਿਹਤ ਲਈ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ-ਨਮਨ ਮੜਕਨ
ਪਟਿਆਲਾ, 23 ਅਗਸਤ (ਮਧੂਸਾਰ ਬਿਊਰੋ) ਜ਼ਿਲ੍ਹਾ ਨਿਵਾਸੀਆਂ ਦੀ ਨਰੋਈ ਸਿਹਤ ਲਈ ਸਾਫ਼ ਤੇ ਸ਼ੁੱਧ ਪੌਣ-ਪਾਣੀ ਸਮੇਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਅਧਿਕਾਰੀ ਆਪਣੇ ਦਫ਼ਤਰਾਂ ‘ਚ ਇਸ ਮਿਸ਼ਨ ਤੰਦਰੁਸਤ ਪੰਜਾਬ ਲਈ ਨੋਡਲ ਅਫ਼ਸਰ ਤਾਇਨਾਤ ਕਰਨ ਅਤੇ ਇਸ ਮਿਸ਼ਨ ਦੀ ਸਹੀ ਰਿਪੋਰਟ ਸਮੇਂ ਸਿਰ ਭੇਜਣੀ ਯਕੀਨੀ ਬਨਾਉਣ।

ਇਹ ਆਦੇਸ਼ ਸਹਾਇਕ ਕਮਿਸ਼ਨਰ (ਜ) ਸ੍ਰੀ ਨਮਨ ਮੜਕਨ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੇ। ਸ੍ਰੀ ਮੜਕਨ, ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਦੇਸ਼ ਦਾ ਸਿਹਤਮੰਦ ਸੂਬਾ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੇ ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਪਿਛਲੇ ਸਮੇਂ ਦੌਰਾਨ ਹੋਈ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਤਰਫ਼ੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਮੌਕੇ ਸ੍ਰੀ ਮੜਕਨ ਨੇ ਦੱਸਿਆ ਕਿ ਇਸ ਮਿਸ਼ਨ ਦੀ ਰੋਜ਼ਾਨਾ ਦੇ ਆਧਾਰ ‘ਤੇ ਨਿਗਰਾਨੀ ਕਰ ਰਹੇ ਹਨ, ਇਸ ਲਈ ਇਸ ਮਿਸ਼ਨ ਦੇ ਮੰਤਵਾਂ ਦੀ ਪੂਰਤੀ ਲਈ ਆਪਣੇ ਵਿਭਾਗਾਂ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਗੰਭੀਰਤਾ ਨਾਲ ਲਾਗੂ ਕਰਨਾ ਵੀ ਯਕੀਨੀ ਬਨਾਉਣ ਅਤੇ ਮਿਥੇ ਟੀਚਿਆਂ ਮੁਤਾਬਕ ਕਾਰਗ਼ੁਜ਼ਾਰੀ ਦਿਖਾਉਣ।
ਇਸ ਮੌਕੇ ਸ੍ਰੀ ਨਮਨ ਮੜਕਨ ਨੇ ਮਿਸ਼ਨ ‘ਤੰਦਰੁਸਤ ਪੰਜਾਬ’ ਨੂੰ ਪਟਿਆਲਾ ਜ਼ਿਲ੍ਹੇ ‘ਚ ਪੂਰੀ ਤਰ੍ਹਾਂ ਸਫ਼ਲ ਬਨਾਉਣ ਲਈ ਇਸ ਮਿਸ਼ਨ ਨਾਲ ਸਿੱਧੇ ਤੌਰ ‘ਤੇ ਜੋੜੇ ਗਏ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਰਕਾਰ ਦੀਆਂ ਭਲਾਈ ਤੇ ਵਿਕਾਸ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਆਦੇਸ਼ ਦਿੱਤੇ।
ਸਹਾਇਕ ਕਮਿਸ਼ਨਰ ਨੇ ਡਿਪਟੀ ਕਮਿਸ਼ਨਰ ਦੀ ਤਰਫ਼ੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਪ੍ਰਗਤੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ‘ਚ ਐਮ.ਏ. ਸ਼ਾਖਾ ਕੋਲ ਰੋਜ਼ਾਨਾ ਪੁੱਜਦੀ ਕਰਨੀ ਯਕੀਨੀ ਬਨਾਉਣ। ਇਸ ਤੋਂ ਬਿਨ੍ਹਾਂ ਹਰ ਵਿਭਾਗ ਪੂਰੀ ਤਰ੍ਹਾਂ ਪੂਰੀ ਤਰ੍ਹਾਂ ਚੁਸਤ ਹੋਵੇ ਤੇ ਮੁੱਖ ਮੰਤਰੀ ਦਫ਼ਤਰ ਵੱਲੋਂ ਭੇਜੇ ਪ੍ਰੋਫ਼ਾਰਮੇ ਨੂੰ ਭਰ ਕੇ ਸਮੇਂ ਸਿਰ ਰਿਪੋਰਟ ਕਰਨ ਤਾਂ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਨੂੰ ਸਹੀ ਢੰਗ ਨਾਲ ਮਿਲੇ।
ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸਿਹਤ ਵਿਭਾਗ, ਫੂਡ ਸੇਫ਼ਟੀ, ਜਲ ਸਪਲਾਈ ਤੇ ਜਨ ਸਿਹਤ, ਸੀਵਰੇਜ, ਨਗਰ ਨਿਗਮ, ਸਥਾਨਕ ਸਰਕਾਰਾਂ, ਖੇਤੀਬਾੜੀ, ਬਾਗਬਾਨੀ, ਮੱਛੀ ਪਾਲਣ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ, ਜੰਗਲਾਤ, ਖੇਡ, ਯੁਵਕ ਸੇਵਾਵਾਂ, ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ, ਪੁਲਿਸ ਸਮੇਤ ਹੋਰ ਸਬੰਧਤ ਵਿਭਾਗਾਂ ਨੂੰ ਆਪਣੇ ਮਿਥੇ ਟੀਚੇ ਪੂਰੇ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਵਿੱਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਹਰਪ੍ਰੀਤ ਕੌਰ, ਡੀ.ਐਸ.ਪੀ. ਸੌਰਵ ਜਿੰਦਲ, ਡੀ.ਡੀ.ਪੀ.ਓ. ਸੁਰਿੰਦਰ ਸਿੰਘ ਢਿੱਲੋਂ, ਸਹਾਇਕ ਸਿਵਲ ਸਰਜਨ ਡਾ. ਸ਼ੈਲੀ ਜੇਤਲੀ, ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਕਸੀਅਨ ਐਸ.ਐਸ ਮਠਾੜੂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੂਰ, ਡੀ.ਐਸ.ਐਸ.ਓ. ਵਰਿੰਦਰ ਸਿੰਘ ਟਿਵਾਣਾ, ਉਪ ਡਾਇਰੈਕਟਰ ਬਾਗਬਾਨੀ ਸਵਰਨ ਸਿੰਘ ਮਾਨ, ਡੇਅਰੀ ਵਿਕਾਸ ਵਿਭਾਗ ਦੇ ਨੋਡਲ ਅਫ਼ਸਰ ਅਸ਼ੋਕ ਰੌਣੀ ਸਮੇਤ ਵੱਡੀ ਗਿਣਤੀ ਵਿੱਚ ਹੋਰਨਾਂ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *