ਬਾਦਲਾਂ ਨੇ ਕੀਤੀ ਫਿਰਕੂ ਵੰਡ : ਮਨਪ੍ਰੀਤ ਸਿੰਘ ਬਾਦਲ
ਚੰਡੀਗੜ੍ਹ 28 ਅਗਸਤ (ਕੰਵਰ ਬੇਦੀ/ਮਧੂਸਾਰ ਬਿਊਰੋ) ਵਿਧਾਨ ਸਭਾ ਸੈਸ਼ਨ ‘ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ‘ਤੇ ਵਰ੍ਹਦਿਆਂ ਕਿਹਾ ਕਿ ਇਹ ਦੋਵੇਂ ਸਮਾਜ ਦਾ ਧਰੁਵੀਕਰਨ ਕਰਨ ਲਈ ਫਿਰਕੂ ਸਿਆਸਤ ਕਰਨ ਤੋਂ ਕੰਨੀ ਨਹੀਂ ਕਤਰਾਉਂਦੇ।
13 ਅਪ੍ਰੈਲ 1978 ਦੀ ਘਟਨਾ ਦਾ ਜ਼ਿਕਰ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਪ੍ਰਕਾਸ਼ ਸਿੰਘ ਬਾਦਲ ‘ਤੇ ਫਿਰਕੂ ਵੰਡ ਦੇ ਬੀਜ ਬੀਜਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਖੁਫੀਆ ਰਿਪੋਰਟਾਂ ਦੇ ਬਾਵਜੂਦ ਉਨ੍ਹਾਂ ਨੇ ਅੰਮ੍ਰਿਤਸਰ ‘ਚ ਨਿਰੰਕਾਰੀ ਸਮਾਗਮ ਕਰਾਉਣ ਦੀ ਇਜ਼ਾਜਤ ਦਿੱਤੀ ਸੀ ਜਿਸ ਦੇ ਸਿੱਟੇ ਵਜੋਂ ਸਮਾਗਮ ਦਾ ਵਿਰੋਧ ਕਰ ਰਹੇ 16 ਸਿੱਖਾਂ ਦੀ ਮੌਤ ਹੋ ਗਈ ਸੀ।
ਵਿੱਤ ਮੰਤਰੀ ਨੇ ਪੰਜਾਬੀ ਸੂਬੇ ਦਾ ਮੁੱਦਾ ਚੁੱਕਣ ‘ਤੇ ਵੀ ਸਾਬਕਾ ਮੁੱਖ ਮੰਤਰੀ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਅਜਿਹੇ ਹਾਲਾਤ ਪੈਦਾ ਕੀਤੇ ਜਿਸ ਨਾਲ ਪੰਜਾਬ ਨੂੰ ਅੱਤਵਾਦ ਦੇ ਪੜਾਅ ‘ਚੋਂ ਲੰਘਣਾ ਪਿਆ। ਉਨ੍ਹਾਂ ਜਸਟਿਸ ਰਣਜੀਤ ਸਿੰਘ ਜਾਂਚ ਕਮਿਸ਼ਨ ਦੀ ਸਲਾਹੁਤਾ ਕਰਦਿਆਂ ਕਿਹਾ ਕਿ ਕਮਿਸ਼ਨ ਨੇ ਬੜੇ ਸੁਚੱਜੇ ਢੰਗ ਨਾਲ ਬੇਅਦਬੀ ਦੀਆਂ ਘਟਨਾਵਾਂ ਦਾ ਸੱਚ ਜਗ-ਜਾਹਰ ਕੀਤਾ ਹੈ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਿਆਂ ਉਦੋਂ ਹੀ ਮਿਲੇਗਾ ਜਦੋਂ ਇਸ ਘਿਨੋਣੇ ਕਾਰੇ ‘ਚ ਸ਼ਾਮਲ ਕਸੂਰਵਾਰਾਂ ਨੂੰ ਸਜ਼ਾਵਾਂ ਨਹੀਂ ਮਿਲ ਜਾਂਦੀਆਂ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੂੰ ਲੰਮੇ ਹੱਥੀਂ ਲੈਂਦਿਆਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬਾਦਲ ਨੇ ਸੂਬੇ ਦਾ ਸ਼ਾਂਤਮਈ ਮਾਹੌਲ ਖ਼ਰਾਬ ਕਰਨ ਲਈ ਡੇਰਾ ਮੁਖੀ ਨਾਲ ਸਾਜਿਸ਼ ਦੇ ਹੱਥ ਮਿਲਾਏ ਸਨ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਬਿਨਾਂ ਸੁਰੱਖਿਆ ਤੋਂ ਇਕੱਲਾ ਆਪਣੇ ਜੱਦੀ ਪਿੰਡ ਬਾਦਲ ਚਲਾ ਜਾਵੇ ਤਾਂ ਉਸਨੂੰ ਪੰਜਾਬ ਦੇ ਬੇਹਿਸਾਬ ਉਜਾੜੇ ਲਈ ਪਿੰਡ ਦੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ।
ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਦਲਾਂ ‘ਤੇ ਵਰ੍ਹਦਿਆਂ ਕਿਹਾ ਕਿ ਬਹਿਬਲ ਕਲ੍ਹਾਂ ਕਾਂਡ ਦੇ ਅਸਲ ਕਸੂਰਵਾਰ ਬਾਦਲ ਹਨ ਜਿਨ੍ਹਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਕਿਉਂਕਿ ਉਨ੍ਹਾਂ ਦੀਆਂ ਕਾਰਵਾਈਆਂ ਨਾ-ਬਖਸ਼ਣਯੋਗ ਹਨ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ 95 ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਜ਼ਿਕਰ ਆਇਆ ਹੈ ਜਿਸਦੇ ਪੰਨੇ ਸੁਖਬੀਰ ਬਾਦਲ ਵੱਲੋਂ ਪਾੜੇ ਗਏ ਜੋ ਇਹ ਦਰਸਾਉਂਦੇ ਹਨ ਕਿ ਇਹ ਲੋਕ ਪਵਿੱਤਰ ਗ੍ਰੰਥ ਦਾ ਨਿਰਾਦਰ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਸਿੱਖ ਪੰਥ ਅਤੇ ਸਿੱਖਾਂ ਖ਼ਿਲਾਫ ਕਾਰਵਾਈਆਂ ‘ਚ ਸ਼ੁਮਾਰ ਹੋਣ ਕਾਰਨ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਖ਼ਸ਼ਿਸ਼ ਹੋਇਆ ‘ਫਖ਼ਰ-ਏ-ਕੌਮ’ ਦਾ ਖ਼ਿਤਾਬ ਵਾਪਸ ਲੈ ਕੇ ਉਸ ਨੂੰ ‘ਗੱਦਾਰ-ਏ-ਕੌਮ’ ਨਾਲ ਨਿਵਾਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਬਾਦਲਾਂ ਖ਼ਿਲਾਫ ਆਈ.ਪੀ.ਸੀ. ਦੀ ਧਾਰਾ 295-ਏ ਤਹਿਤ ਮਾਮਲਾ ਦਰਜ ਹੋਣਾ ਚਾਹੀਦਾ ਹੈ।
ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਫਾਇਰਿੰਗ ਦੀ ਘਟਨਾ ਸਿਰਫ ਤੇ ਸਿਰਫ ਸਮਾਜ ਵਿੱਚ ਪਾੜਾ ਪਾਉਣ ‘ਤੇ ਕੇਂਦਰਿਤ ਸੀ ਜਦਕਿ ਉੱਥੇ ਭੜਕਾਹਟ ਜਾਂ ਤਲਖ਼ ਕਲਾਮੀ ਵਾਲੀ ਕੋਈ ਗੱਲ ਨਹੀਂ ਸੀ।
ਸ੍ਰੀ ਬਾਜਵਾ ਨੇ ਆਖਿਆ ਕਿ ਪੰਜਾਬ ਦੇ ਲੋਕਾਂ ਵਿਰੁੱਧ ਕੀਤੇ ਜ਼ੁਲਮਾਂ ਲਈ ਬਾਦਲ ਰਹਿਮ ਦੇ ਹੱਕਦਾਰ ਨਹੀਂ ਹਨ। ਉਨ੍ਹਾਂ ਨੇ ਸਾਬਕਾ ਡੀ.ਜੀ.ਪੀ. ਸੈਣੀ ਨੂੰ ਵੀ ਫਿਟਕਾਰ ਲਾਉਂਦਿਆਂ ਹੋਰ ਕਈ ਨਿਆਂਇਕ ਹੱਤਿਆਂਵਾਂ ਲਈ ਉਸ ਨੂੰ ਜ਼ਿੰਮੇਵਾਰ ਠਹਿਰਾਇਆ।
ਸ੍ਰੀ ਰੰਧਾਵਾ ਅਤੇ ਸ੍ਰੀ ਬਾਜਵਾ ਨੇ ਮੁੱਖ ਮੰਤਰੀ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਤੋਂ ਵਾਪਸ ਲੈਣ ਦੀ ਅਪੀਲ ਕੀਤੀ ਕਿਉਂ ਜੋ ਸੂਬੇ ਦੀ ਵਿਸ਼ੇਸ਼ ਪੜਤਾਲੀਆ ਟੀਮ ਇਸ ਦੀ ਜਾਂਚ ਕਰਨ ਵਿੱਚ ਸਮਰੱਥ ਹੈ।

