ਬੇਅਦਬੀ ਮਾਮਲੇ ਦੀ ਜਾਂਚ ਸੀ.ਬੀ.ਆਈ. ਨਹੀਂ ਪੰਜਾਬ ਸਰਕਾਰ ਹੀ ਕਰੇਗੀ, ਜਾਂਚ ਵਾਪਸ ਲੈਣ ਦਾ ਐਲਾਨ
ਪ੍ਰਕਾਸ਼ ਸਿੰਘ ਬਾਦਲ ਬੁਜ਼ਦਿਲ ਤੇ ਝੂਠਾ : ਕੈਪਟਨ
ਬੇਅਦਬੀ ਅਤੇ ਪੁਲੀਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਲਈ ਵਿਸ਼ੇਸ਼ ਪੜਤਾਲੀਆ ਟੀਮ ਬਣਾਉਣ ਦਾ ਐਲਾਨ
ਚੰਡੀਗੜ੍ਹ, 28 ਅਗਸਤ (ਕੰਵਰ ਬੇਦੀ/ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਗਾੜੀ ਤੇ ਬੇਅਦਬੀ ਦੇ ਹੋਰ ਮਾਮਲਿਆਂ ਦੇ ਨਾਲ-ਨਾਲ ਬਹਿਬਲ ਕਲਾਂ ਅਤੇ ਕੋਟਕਪੂਰਾ ‘ਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਦੀ ਸਮਾਂਬੱਧ ਜਾਂਚ ਲਈ ਪੰਜਾਬ ਪੁਲਿਸ ਦੀ ਵਿਸ਼ੇਸ਼ ਪੜਤਾਲੀਆ ਟੀਮ ਦੇ ਗਠਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਇਸ ਪੜਤਾਲੀਆ ਟੀਮ ਦੀਆਂ ਸਿਫ਼ਾਰਸ਼ਾਂ ‘ਤੇ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਕਾਰਵਾਈ ਕਰੇਗੀ ਤਾਂ ਕਿ ਬੇਕਸੂਰ ਲੋਕਾਂ ਨੂੰ ਨਿਆਂ ਦਿਵਾਉਣਾ ਯਕੀਨੀ ਬਣਾਇਆ ਜਾ ਸਕੇ।
ਵਿਧਾਨ ਸਭਾ ਵਿੱਚ ਸਦਨ ਵਿੱਚ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਇਨ੍ਹਾਂ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਤੋਂ ਵਾਪਸ ਲੈ ਕੇ ਵਿਸ਼ੇਸ਼ ਪੜਤਾਲੀਆ ਟੀਮ ਪਾਸੋਂ ਕਰਵਾਉਣ ਦੀ ਕੀਤੀ ਮੰਗ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਐਲਾਨ ਅਤੇ ਭਰੋਸਾ ਦਿੱਤਾ।
ਮੁੱਖ ਮੰਤਰੀ ਦੀ ਅਪੀਲ ‘ਤੇ ਇਹ ਪ੍ਰਸਤਾਵ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੇਸ਼ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਬਹੁਤੇ ਵਿਧਾਇਕਾਂ ਦੀਆਂ ਭਾਵਨਾਵਾਂ ਦੇ ਸੰਦਰਭ ਵਿੱਚ ਇਹ ਫੈਸਲਾ ਲਿਆ।
ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਅਤੇ ਕਾਰਵਾਈ ਰਿਪੋਰਟ (ਐਕਸ਼ਨ ਟੇਕਨ ਰਿਪੋਰਟ) ‘ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨਾਲ ਕਿਸੇ ਤਰ੍ਹਾਂ ਦੀ ਨਰਮੀ ਵਰਤਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਬਾਦਲ ਨੇ ਆਪਣੇ ਨਿੱਜੀ ਮੁਫ਼ਾਦਾਂ ਦੀ ਖਾਤਰ ਪੰਜਾਬ ਤੇ ਇੱਥੋਂ ਦੇ ਲੋਕਾਂ ਦਾ ਘਾਣ ਕਰ ਦਿੱਤਾ। ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਸਣੇ ਅਕਾਲੀ ਲੀਡਰਾਂ ਵੱਲੋਂ ਬਹਿਬਲ ਕਲਾਂ ਅਤੇ ਕੋਟਕਪੂਰਾ ‘ਚ ਪੁਲੀਸ ਗੋਲੀ ਦਾ ਸ਼ਿਕਾਰ ਹੋਏ ਲੋਕਾਂ ਦਾ ਹਾਲ-ਚਾਲ ਪੁੱਛਣ ਲਈ ਇਕ ਵਾਰ ਵੀ ਨਾ ਜਾਣ ‘ਤੇ ਸਖ਼ਤ ਅਲੋਚਨਾ ਕੀਤੀ।
Îਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਬਰਗਾੜੀ ਦੇ ਬੇਅਦਬੀ ਮਾਮਲੇ ਅਤੇ ਇਸ ਪਿੱਛੋਂ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਦਾ ਸੱਚ ਸਾਹਮਣੇ ਲਿਆਉਣ ਦਾ ਵਾਅਦਾ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਹ ਇਨ੍ਹਾਂ ਘਟਨਾਵਾਂ ਦੇ ਜ਼ਖਮੀਆਂ ਦਾ ਪਤਾ ਲੈਣ ਗਏ ਸਨ ਤਾਂ ਉਨ੍ਹਾਂ ਨੇ ਇਸ ਦੀ ਵਿਸਥਾਰਤ ਜਾਂਚ ਕਰਵਾਉਣ ਦਾ ਫੈਸਲਾ ਲਿਆ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬੁਜ਼ਦਿਲ ਤੇ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਉਹ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਨੇ ਉਨ੍ਹਾਂ ਖਿਲਾਫ਼ ਝੂਠੇ ਪਰਚੇ ਦਰਜ ਕਰਵਾਏ। ਇੱਥੋਂ ਤੱਕ ਕਿ ਉਨ੍ਹਾਂ ਨੂੰ ਵਿਧਾਨ ਸਭਾ ‘ਚੋਂ ਬਾਹਰ ਕੱਢ ਦਿੱਤਾ ਸੀ ਅਤੇ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਮੈਂਬਰੀ ਨੂੰ ਮੁੜ ਬਹਾਲ ਕੀਤਾ ਸੀ।
ਅਪ੍ਰੇਸ਼ਨ ਬਲਿਊ ਸਟਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਲਈ ਸਿੱਧੇ ਤੌਰ ‘ਤੇ ਪ੍ਰਕਾਸ਼ ਸਿੰਘ ਬਾਦਲ ਜ਼ਿੰਮੇਵਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਗੱਲਬਾਤ ਲਈ ਕੋਈ ਰਸਤਾ ਖੁੱਲ੍ਹਦਾ ਸੀ ਤਾਂ ਬਾਦਲ ਸਾਰੇ ਕੀਤੇ ਕਰਾਏ ‘ਤੇ ਪਾਣੀ ਫੇਰ ਦਿੰਦਾ ਸੀ। ਉਨ੍ਹਾਂ ਕਿਹਾ ਕਿ ਬਾਦਲ ਵਾਅਦਾ ਕਰਕੇ ਗਰਮਦਲੀਆਂ ਨੂੰ ਉਕਸਾਉਂਦਾ ਸੀ ਅਤੇ ਮਗਰੋਂ ਜ਼ੁਬਾਨੋਂ ਭੱਜ ਜਾਂਦਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡੇ ਸਮਿਆਂ ਦਾ ਇਤਿਹਾਸ ਲਿਖਿਆ ਜਾਣਾ ਹੈ ਅਤੇ ਇਸ ਵਿੱਚ ਬਾਦਲ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਬਿਕਰਮ ਸਿੰਘ ਮਜੀਠੀਆ ‘ਤੇ ਵਰ੍ਹਦਿਆਂ ਕਿਹਾ ਕਿ ਕਿਸੇ ਨੂੰ ਨਹੀਂ ਪਤਾ ਉਹ ਕਿੱਥੋਂ ਆਇਆ ਹੈ ਜਦਕਿ ਇਸ ਦੇ ਪਰਿਵਾਰ ਦਾ ਕਿਰਦਾਰ ਵਧੀਆ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਕ ਖਤਰਨਾਕ ਜੁੰਡਲੀ ਬਣਾਉਣ ਲਈ ਮਜੀਠੀਆ ਦਾ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦਾ ਮੇਲ ਹੋ ਗਿਆ ਜੋ ਸੂਬੇ ਦੇ ਹਿੱਤਾਂ ਦੇ ਵਿਰੁੱਧ ਅਤੇ ਵੰਡੀਆਂ ਪਾਉਣ ਲਈ ਕੰਮ ਕਰ ਰਹੇ ਹਨ।
ਬਰਗਾੜੀ ਅਤੇ ਬਹਿਬਲ ਕਲਾਂ ਦੀਆਂ ਘਟਨਾਵਾਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡੀ.ਜੀ.ਪੀ. ਸੈਣੀ ਨੇ ਆਪਣੀ ਸੇਵਾਮੁਕਤੀ ਤੋਂ ਇਕ ਦਿਨ ਪਹਿਲਾਂ ਬਿਆਨ ਦਰਜ ਕਰਵਾਇਆ ਕਿ ਗੋਲੀਬਾਰੀ ਦੀ ਘਟਨਾ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲ ਕੀਤੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਹੈਰਾਨੀ ਹੈ ਕਿ ਸੂਬੇ ਵਿੱਚ ਉਸ ਮੌਕੇ ਦੀ ਭਿਆਨਕ ਸਥਿਤੀ ਵਿੱਚ ਮੁੱਖ ਮੰਤਰੀ ਸੌਂ ਕਿਵੇਂ ਸਕਦਾ ਹੈ ਜਿਵੇਂ ਕਿ ਬਾਦਲ ਨੇ ਦਾਅਵਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਈ ਵੀ ਲੀਡਰ ਹੇਠਲੇ ਪੱਧਰ ‘ਤੇ ਦੋਸ਼ ਨਹੀਂ ਮੜ੍ਹਦਾ ਹੁੰਦਾ ਅਤੇ ਸੁਭਾਵਿਕ ਹੈ ਕਿ ਬਾਦਲ ਵਿੱਚ ਲੀਡਰਾਂ ਵਾਲੀ ਕੋਈ ਗੱਲ ਨਹੀਂ ਹੈ।
ਮੁੱਖ ਮੰਤਰੀ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਵੱਲੋਂ ਕੀਤੇ ਸ਼ਾਨਦਾਰ ਕੰਮ ਦੀ ਸ਼ਲਾਘਾ ਕੀਤੀ ਪਰ ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਨੇ ਖੁਦ ਹੋਰ ਪੜਤਾਲ ਕੀਤੇ ਜਾਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।
ਇਸ ਤੋਂ ਪਹਿਲਾਂ ਬਹਿਸ ਵਿੱਚ ਹਿੱਸਾ ਲੈਂਦਿਆਂ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ੱਕੀ ਕਿਰਦਾਰ ਦੱਸਦਿਆਂ ਕਿਹਾ ਕਿ ਬਹਿਬਲ ਕਲਾਂ ਵਿੱਚ ਫਾਇਰਿੰਗ ਉਨ੍ਹਾਂ ਦੀ ਸ਼ਹਿ ‘ਤੇ ਹੋਈ ਸੀ ਅਤੇ ਉਨ੍ਹਾਂ ਨਾਲ ਕਿਸੇ ਕਿਸਮ ਦਾ ਰਹਿਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਬੇਅਦਬੀ ਦੀਆਂ ਘਟਨਾਵਾਂ ਹਮੇਸ਼ਾ ਝੂਰਦੀਆਂ ਰਹਿਣਗੀਆਂ। ਸਿੱਧੂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਨ ਅਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਲੀਡਰ ਨਹੀਂ ਸਗੋਂ ਡੀਲਰ ਹਨ ਅਤੇ ਆਪਣੇ ਹਿੱਤਾਂ ਖਾਤਰ ਪੰਥ ਨੂੰ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਡੇਰਾ ਸੱਚਾ ਸੌਦਾ ਮੁਖੀ ਤੋਂ ਵੋਟਾਂ ਦੌਰਾਨ ਹਮਾਇਤ ਲੈਣ ਉਸਦੀ ਫਿਲਮ ਨੂੰ ਪੰਜਾਬ ਵਿੱਚ ਚਲਾਉਣ ਬਦਲੇ ਗੰਢਤੁੱਪ ਕੀਤੀ ਸੀ।

