ਖਾਧ ਪਦਾਰਥਾਂ ‘ਚ ਮਿਲਾਵਟ ਖੋਰੀ ਬਰਦਾਸ਼ਤ ਨਹੀਂ-ਸ਼ੌਕਤ ਅਹਿਮਦ ਪਰੇ
ਪਟਿਆਲਾ 6 ਸਤੰਬਰ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਅਰੰਭੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਖਾਣ ਪੀਣ ਦੀਆਂ ਮਿਆਰੀ ਅਤੇ ਮਿਲਾਵਟ ਰਹਿਤ ਵਸਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਛਾਪਾਮਾਰੀ ਮੁਹਿੰਮ ਜਾਰੀ ਰਹੇਗੀ ਅਤੇ ਮਿਲਾਵਟਖੋਰਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕੀਤਾ। ਸ੍ਰੀ ਪਰੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਹਲਵਾਈਆਂ, ਡੇਅਰੀ ਮਾਲਕਾਂ, ਢਾਬੇ ਤੇ ਹੋਟਲਾਂ ਦੇ ਮਾਲਕਾਂ ਸਮੇਤ ਖਾਧ ਪਦਾਰਥ ਵੇਚਣ ਵਾਲਿਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਰਹੇ ਸਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਗੰਭੀਰ ਹੈ ਕਿ ਆਗਾਮੀ ਤਿਉਹਾਰਾਂ ਦੇ ਸੀਜਨ ਸਮੇਤ ਹਰ ਸਮੇਂ ਲੋਕਾਂ ਨੂੰ ਮਿਆਰੀ ਖਾਧ ਪਦਾਰਥ ਮਿਲਣ ਜਿਸ ਲਈ ਖਾਧ ਪਦਾਰਥ ਵੇਚਣ ਵਾਲਿਆਂ ਸਮੇਤ ਹੋਰ ਵਪਾਰੀਆਂ ਨੂੰ ਚਾਹੀਦਾ ਹੈ ਕਿ ਉਹ ਪ੍ਰਸ਼ਾਸਨ ਨੂੰ ਸਹਿਯੋਗ ਦੇਣ, ਕਿਉਂਕਿ ਨਮੂਨੇ ਭਰਨ ਦੀ ਇਸ ਛਾਪਾਮਾਰੀ ਮੁਹਿੰਮ ਦਾ ਮੰਤਵ ਕਿਸੇ ਨੂੰ ਪ੍ਰੇਸ਼ਾਨ ਕਰਨਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਆਪਣੀ ਨੈਤਿਕ ਤੇ ਕਾਨੂੰਨੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹੈ।
ਸ੍ਰੀ ਪਰੇ ਨੇ ਕਿਹਾ ਕਿ ਮਠਿਆਈਆਂ ਆਦਿ ‘ਚ ਪ੍ਰਵਾਨਤ ਰੰਗ ਦੀ ਜਿਆਦਾ ਮਿਕਦਾਰ ਦੀ ਵਰਤੋਂ ਕਰਨੀ ਵੀ ਹਾਨੀਕਾਰਕ ਹੋ ਸਕਦੀ ਹੈ ਇਸ ਲਈ ਇਸ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਮਿਲਾਵਟਖੋਰਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆਉਣ ਦੇ ਆਦੇਸ਼ਾਂ ਤਹਿਤ ਮਿਲਾਵਟ ਖੋਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ‘ਤੇ ਸਮੂਹ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣਗੇ ਅਤੇ ਹਰ ਪੱਖੋਂ ਸਹਿਯੋਗ ਕਰਨਗੇ। ਇਸ ਮੌਕੇ ਸਿਵਲ ਸਰਜਨ ਡਾ. ਮਨਜੀਤ ਸਿੰਘ, ਡੀ.ਐਚ.ਓ. ਡਾ. ਕ੍ਰਿਸ਼ਨ ਸਿੰਘ ਤੇ ਫੂਡ ਸੇਫ਼ਟੀ ਅਫ਼ਸਰ ਸ੍ਰੀਮਤੀ ਪੁਨੀਤ ਸ਼ਰਮਾ ਸਮੇਤ ਡੇਅਰੀ ਵਿਕਾਸ ਵਿਭਾਗ ਤੋਂ ਡਾ. ਅਸ਼ੋਕ ਰੌਣੀ ਆਦਿ ਸਮੇਤ ਜ਼ਿਲ੍ਹੇ ਭਰ ਤੋਂ ਵਪਾਰੀਆਂ ਦੇ ਨੁਮਾਇੰਦੇ ਮੌਜੂਦ ਰਹੇ।

